ਚੰਡੀਗੜ੍ਹ, 17 ਅਪ੍ਰੈਲ : ਮੌਸਮ ਵਿਭਾਗ ਦੇ ਅਨੁਸਾਰ ਪੰਜਾਬ, ਹਰਿਆਣਾ, ਦਿੱਲੀ, ਯੂਪੀ ਤੇ ਰਾਜਸਥਾਨ ਵਿੱਚ 18 ਤੋਂ 21 ਅਪ੍ਰੈਲ ਦੇ ਵਿਚਾਲੇ ਬਾਰਿਸ਼ ਹੋ ਸਕਦੀ ਹੈ। ਪੰਜਾਬ ਵਿੱਚ ਮੌਸਮ ਲਗਾਤਾਰ ਆਪਣਾ ਮਿਜ਼ਾਜ ਬਦਲ ਰਿਹਾ ਹੈ, ਜਿਸ ਕਰ ਕੇ ਕਿਸਾਨਾਂ ਦੇ ਸਾਹ ਸੂਤੇ ਪਏ ਹਨ । ਮੌਸਮ ਵਿਭਾਗ ਨੇ 18, 19 ਤੇ 20 ਅਪ੍ਰੈਲ ਨੂੰ ਮੁੜ ਤੋਂ ਮੌਸਮ ਖਰਾਬ ਹੋਣ ਦੀ ਭਵਿੱਖਬਾਣੀ ਕੀਤੀ ਹੈ । ਇਸ ਦੌਰਾਨ ਪੰਜਾਬ ਦੇ ਕੁਝ ਇਲਾਕਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਨਾਲ-ਨਾਲ ਹਲਕਾ ਮੀਂਹ ਵੀ ਪੈ ਸਕਦਾ ਹੈ। ਮੌਸਮ ਵਿਭਾਗ ਨੇ ਇਨ੍ਹਾਂ ਤਿੰਨ ਦਿਨਾਂ ਲਈ ਯੈੱਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਜੇਕਰ ਦਿੱਲੀ ਦੇ ਮੌਸਮ ਦੀ ਗੱਲ ਕੀਤੀ ਜਾਵੇ ਤਾਂ ਦਿੱਲੀ ਵਿੱਚ 18 ਅਪ੍ਰੈਲ ਤੱਕ ਅਸਮਾਨ ਸਾਫ਼ ਰਹੇਗਾ ਤੇ ਦਿਨ ਦਾ ਤਾਪਮਾਨ 38 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 19 ਤੇ 20 ਅਪ੍ਰੈਲ ਨੂੰ ਦਿੱਲੀ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਇਸ ਪੂਰੇ ਹਫ਼ਤੇ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 34 ਤੋਂ 38 ਡਿਗਰੀ ਸੈਲਸੀਅਸ ਦੇ ਵਿਚਾਲੇ ਰਹਿ ਸਕਦਾ ਹੈ। ਉੱਥੇ ਹੀ ਘੱਟੋ-ਘੱਟ ਤਾਪਮਾਨ 22 ਤੋਂ 24 ਡਿਗਰੀ ਸੈਲਸੀਅਸ ਦੇ ਵਿਚਾਲੇ ਰਹਿਣ ਦੇ ਆਸਾਰ ਹਨ। ਦੱਸ ਦੇਈਏ ਕਿ ਮੌਸਮ ਵਿਭਾਗ ਅਨੁਸਾਰ ਉੱਤਰ-ਪੱਛਮੀ, ਪੂਰਬੀ ਅਤੇ ਉੱਤਰ-ਪੂਰਬੀ ਰਾਜਾਂ ਦੇ ਕੁਝ ਖੇਤਰਾਂ ਨੂੰ ਛੱਡ ਕੇ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਉਮੀਦ ਹੈ। ਇਸ ਸਬੰਧੀ IMD ਦੇ ਮੁਖੀ ਮ੍ਰਿਤੁੰਜੇ ਮਹਾਪਾਤਰਾ ਨੇ ਕਿਹਾ ਕਿ ਦੇਸ਼ ਭਰ ਵਿੱਚ 2024 ਦੇ ਦੱਖਣ-ਪੱਛਮੀ ਮਾਨਸੂਨ ਦੇ ਤਹਿਤ 1 ਜੂਨ ਤੋਂ 30 ਸਤੰਬਰ ਦੇ ਵਿਚਕਾਰ ਮਾਨਸੂਨ ਮੌਸਮੀ ਬਾਰਿਸ਼ ਲੰਬੀ ਮਿਆਦ ਦੀ ਔਸਤ (LPA) ਦਾ 106 ਪ੍ਰਤੀਸ਼ਤ ਹੋਣ ਦੀ ਸੰਭਾਵਨਾ ਹੈ ।