ਚੰਡੀਗੜ੍ਹ, 21 ਮਾਰਚ : ਸਿੱਧੂ ਮੂਸੇਵਾਲਾ ਦੇ ਪਰਿਵਾਰ ਤੋਂ ਦਸਤਾਵੇਜ਼ ਮੰਗਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਸਿਹਤ ਸਕੱਤਰ ਅਜੋਏ ਸ਼ਰਮਾ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ ਕਿ ਤੁਸੀਂ ਮੁੱਖ ਮੰਤਰੀ ਜਾਂ ਸਬੰਧਤ ਸਿਹਤ ਮੰਤਰੀ ਦੇ ਧਿਆਨ ਵਿੱਚ ਲਿਆਏ ਬਿਨਾਂ ਸੂਚਨਾ ਕਿਉਂ ਮੰਗੀ? ਜ਼ਿਕਰਯੋਗ ਹੈ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਨੇ 17 ਮਾਰਚ ਨੂੰ ਆਈਵੀਐਫ ਤਕਨੀਕ ਰਾਹੀਂ ਬੱਚੇ ਨੂੰ ਜਨਮ ਦਿੱਤਾ ਹੈ। ਹੁਣ ਕੇਂਦਰੀ ਸਿਹਤ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਇਸ ਸਬੰਧੀ ਰਿਪੋਰਟ ਮੰਗੀ ਹੈ। ਪੱਤਰ ਵਿੱਚ ਅਸਿਸਟਡ ਰੀਪ੍ਰੋਡਕਟਿਵ ਟੈਕਨਾਲੋਜੀ ਐਕਟ ਦਾ ਹਵਾਲਾ ਦਿੱਤਾ ਗਿਆ ਹੈ। ਦੱਸਿਆ ਜਾਂਦਾ ਹੈ ਕਿ ਇਨ ਵਿਟਰੋ ਫਰਟੀਲਾਈਜੇਸ਼ਨ (ਆਈਵੀਐਫ) ਤਕਨੀਕ ਰਾਹੀਂ ਬੱਚਾ ਪੈਦਾ ਕਰਨ ਲਈ ਔਰਤ ਦੀ ਉਮਰ 21 ਤੋਂ 50 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ ਪਰ ਸਿੱਧੂ ਦੀ ਮਾਂ ਚਰਨ ਕੌਰ ਨੇ 58 ਸਾਲ ਦੀ ਉਮਰ ਵਿੱਚ ਇਸ ਤਕਨੀਕ ਰਾਹੀਂ ਬੱਚੇ ਨੂੰ ਜਨਮ ਦਿੱਤਾ ਹੈ। ਕੇਂਦਰ ਨੇ ਇਸ ਨਿਯਮ ਦੀ ਉਲੰਘਣਾ ‘ਤੇ ਜਾਂਚ ਤੋਂ ਬਾਅਦ ਕਾਰਵਾਈ ਦੇ ਹੁਕਮ ਦਿੱਤੇ ਹਨ।