ਪਟਿਆਲਾ, 23 ਫਰਵਰੀ : ਕਿਸਾਨ ਆਗੂ ਸਵਰਨ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਪਟਿਆਲਾ ਵਿਖੇ ਪ੍ਰੈਸ ਕਾਨਫ਼ਰੰਸ ਕਰਕੇ ਬਿਆਨ ਦਿੱਤਾ ਹੈ ਕਿ ਜਦੋਂ ਤੱਕ ਕਿਸਾਨ ਸ਼ੁੱਭਕਰਨ ਸਿੰਘ ਦੇ ਮੌਤ ਮਾਮਲੇ ‘ਚ ਹਰਿਆਣਾ ਸਰਕਾਰ ਖ਼ਿਲਾਫ਼ ਪਰਚਾ ਦਰਜ ਨਹੀਂ ਹੁੰਦਾ ਉਦੋਂ ਤੱਕ ਸ਼ੁਭਕਰਨ ਸਿੰਘ ਦਾ ਅੰਤਮ ਸਸਕਾਰ ਨਹੀਂ ਕੀਤਾ ਜਾਵੇਗਾ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ‘ਚੋਂ 5 ਨੌਜਵਾਨ ਲਾਪਤਾ ਹਨ ਅਤੇ ਲਾਪਤਾ ਹੋਏ ਨੌਜਵਾਨਾਂ ਦੀ ਸਾਡੇ ਕੋਲ ਅਜੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਡੇ ਨੌਜਵਾਨ ਨੂੰ ਛੱਡਿਆ ਨਹੀਂ ਜਾਂਦਾ ਉਦੋਂ ਤੱਕ ਸ਼ੁੱਭਕਰਨ ਸਿੰਘ ਦਾ ਸਸਕਾਰ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਪੁਲਿਸ ਇੱਕ ਹਰਿਆਣਾ ਦੇ ਨੌਜਵਾਨ ਨੂੰ ਚੁੱਕ ਕੇ ਬੋਰੀ ‘ਚ ਪਾ ਕੇ ਲੈ ਕੇ ਗਏ ਹਨ ਤੇ ਉਸ ਨੂੰ ਰੋਹਤਕ ਦਾਖ਼ਲ ਕਰਵਾਇਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਕ ਕਰੋੜ ਦੇ ਮੁਆਵਜ਼ੇ ਦਾ ਐਲਾਨ ਅਤੇ ਸਰਕਾਰੀ ਨੌਕਰੀ ਦੀ ਪੇਸ਼ਕਸ਼ ਕੀਤੀ ਹੈ, ਇਹ ਠੀਕ ਹੈ ਪਰ ਹਰਿਆਣਾ ਸਰਕਾਰ ਖ਼ਿਲਾਫ਼ ਕੇਸ ਵੀ ਦਰਜ ਹੋਣਾ ਚਾਹੀਦਾ ਹੈ। ਦੂਜੇ ਪਾਸੇ ਮ੍ਰਿਤਕ ਸ਼ੁੱਭਕਰਨ ਸਿੰਘ ਦੇ ਕਰੀਬੀ ਰਿਸ਼ਤੇਦਾਰ ਨੇ ਕਿਹਾ ਕਿ ਅਸੀਂ ਪੰਜਾਬ ਸਰਕਾਰ ਵੱਲੋਂ ਐਲਾਨੀ ਇਕ ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਅਤੇ ਸਰਕਾਰੀ ਨੌਕਰੀ ਦੇ ਪੇਸ਼ਕਸ਼ ਨੂੰ ਮੁੱਢੋਂ ਰੱਦ ਕਰਦੇ ਹਾਂ, ਜਦੋਂ ਤੱਕ ਐੱਫ.ਆਈ.ਆਰ ਦਰਜ ਨਹੀਂ ਹੁੰਦੀ, ਉਦੋਂ ਤੱਕ ਸ਼ੁੱਭਕਰਨ ਸਿੰਘ ਦਾ ਅੰਤਮ ਸਸਕਾਰ ਨਹੀਂ ਹੋਵੇਗਾ। ਉਨ੍ਹਾਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਇਸ ਮਾਮਲੇ ‘ਚ ਐੱਫ.ਆਈ.ਆਰ ਦਰਜ ਕਰਕੇ ਇਨਸਾਫ਼ ਦੇਵੇ।