ਚੰਡੀਗੜ੍ਹ, 20 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਦੇ ਪ੍ਰਭਾਵਸ਼ਾਲੀ ਤੇ ਜਵਾਬਦੇਹੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਇਸੇ ਦਿਸ਼ਾ ਵਿੱਚ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੀ ਵੀ ਇਹੋ ਕੋਸ਼ਿਸ਼ ਹੈ ਕਿ ਲੋਕਾਂ ਨੂੰ 537 ਸੇਵਾ ਕੇਂਦਰਾਂ ਵਿੱਚ ਮੁਹੱਈਆ ਕਰਵਾਈਆਂ ਜਾਂਦੀਆਂ 430 ਨਾਗਰਿਕ ਸੇਵਾਵਾਂ ਲੋਕਾਂ ਨੂੰ ਸੁਖਾਲੀਆਂ ਦਿੱਤੀਆਂ ਜਾਣ।’ਲੋਕਾਂ ਦੀ ਸਰਕਾਰ, ਲੋਕਾਂ ਦੇ ਦੁਆਰ’ ਨਾਅਰੇ ਤਹਿਤ ਕੰਮ ਕੀਤਾ ਜਾਵੇ। ਇਹ ਗੱਲ ਪ੍ਰਸ਼ਾਸਨਿਕ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ‘ਸੁਚੱਜੇ ਪ੍ਰਸ਼ਾਸਨ ਸਪਤਾਹ’ ਤਹਿਤ ਅੱਜ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਕਹੀ। ਪੰਜਾਬ ਭਵਨ ਚੰਡੀਗੜ੍ਹ ਵਿਖੇ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਫੀਲਡ ਅਫਸਰਾਂ ਨੂੰ ਵੀਡਿਓ ਕਾਨਫਰੰਸ ਰਾਹੀਂ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਇਹ ਯਕੀਨੀ ਬਣਾਉਣ ਕਿ ਹਫ਼ਤੇ ਵਿੱਚ ਘੱਟੋ-ਘੱਟ ਇਕ ਦਿਨ ਕਿਸੇ ਸੇਵਾ ਕੇਂਦਰ ਦਾ ਦੌਰਾ ਕਰਨ ਜਿਸ ਨਾਲ ਉਹ ਜਿੱਥੇ ਲੋਕਾਂ ਦੀ ਫੀਡਬੈਕ ਹਾਸਲ ਕਰ ਸਕਣਗੇ ਉੱਥੇ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਤੇਜ਼ੀ ਆਵੇਗੀ। ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਪ੍ਰਚਾਰ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਉਪਰਾਲੇ ਕੀਤੇ ਜਾਣ। ਸੇਵਾ ਕੇਂਦਰ ਵਿੱਚ ਬਿਹਤਰ ਸੇਵਾਵਾਂ ਦੇਣ ਵਾਲੇ ਕਰਮਚਾਰੀਆਂ ਦੇ ਪ੍ਰੋਤਸਾਹਨ ਲਈ ਉਨ੍ਹਾਂ ਦਾ ਸਨਮਾਨ ਕੀਤਾ ਜਾਵੇ। ਇਸੇ ਤਰ੍ਹਾਂ ਇਸ ਸੁਚੱਜੇ ਪ੍ਰਸ਼ਾਸਨ ਸਪਤਾਹ ਦੌਰਾਨ ਖ਼ਾਸ ਕਰਕੇ ਸਰਹੱਦੀ ਜ਼ਿਲਿਆਂ ਅਤੇ ਦੂਰ ਦੁਰਾਡੇ ਦੇ ਖੇਤਰਾਂ ਵਿੱਚ ਰਹਿੰਦੇ ਲੋਕਾਂ ਲਈ ਵਿਸ਼ੇਸ਼ ਕੈਂਪ ਲੱਗਾ ਕੇ ਉਨ੍ਹਾਂ ਨੂੰ ਘਰ ਦੇ ਨੇੜੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ। ਮੀਤ ਹੇਅਰ ਨੇ ਕਿਹਾ ਕਿ ਕਈ ਸੇਵਾਵਾਂ ਲਈ ਮੰਗੇ ਜਾਂਦੇ ਬੇਲੋੜੇ ਦਸਤਾਵੇਜ਼ ਨੂੰ ਘਟਾਇਆ ਜਾਵੇ।ਇਸ ਲਈ ਲੋਕਾਂ ਤੋਂ ਫੀਡਬੈਕ ਲੈਣ ਲਈ ਪੋਰਟਲ ਬਣਾਇਆ ਜਾ ਰਿਹਾ ਹੈ ਜਿਸ ਰਾਹੀਂ ਲੋਕਾਂ ਤੋਂ ਸੁਝਾਅ ਲਏ ਜਾ ਸਕਦੇ ਹਨ।ਉਨ੍ਹਾਂ ਕਿਹਾ ਕਿ ਉਹ ਨਿਰੰਤਰ ਕੰਮਾਂ ਦਾ ਰੀਵਿਊ ਕਰਦੇ ਰਹਿੰਦੇ ਹਨ ਜਿਸ ਵਿੱਚ ਪੈਂਡਿੰਗ ਕੇਸਾਂ ਦਾ ਜਾਇਜ਼ਾ ਲਿਆ ਜਾਂਦਾ ਹੈ।ਇਸ ਤੋਂ ਇਲਾਵਾ ਕੇਸ ਵਾਪਸ ਭੇਜਣ ਦੇ ਮਾਮਲਿਆਂ ਵਿੱਚ ਹੋਰ ਕਮੀ ਲਿਆਂਦੀ ਜਾਵੇ। ਇਸ ਤੋਂ ਪਹਿਲਾਂ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਦੇਸ਼ ਭਰ ਵਿੱਚ 19 ਤੋਂ 25 ਦਸੰਬਰ ਤੱਕ ‘ਸੁਚੱਜਾ ਪ੍ਰਸ਼ਾਸਨ ਸਪਤਾਹ’ ਮਨਾਇਆ ਜਾਂਦਾ ਹੈ ਜਿਸ ਦਾ ਮਨੋਰਥ ਲੋਕਾਂ ਨੂੰ ਬਿਹਤਰ, ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣਾ ਹੈ।ਉਨ੍ਹਾਂ ਵਿਭਾਗ ਦੀਆਂ ਨਵੀਆਂ ਪਹਿਲਕਦਮੀਆਂ ਉੱਤੇ ਚਾਨਣਾ ਪਾਉਂਦਿਆ ਫੀਲਡ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਦੀ ਜ਼ਿੰਦਗੀ ਸੁਖਾਲੀ ਬਣਾਉਣ ਲਈ ਨਵੇਂ ਕਦਮ ਚੁੱਕੇ ਜਾਣ। ਇਸ ਮੌਕੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਜਲੰਧਰ, ਗੁਰਦਾਸਪੁਰ ਤੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰਾਂ ਨੇ ਬੋਲਦਿਆਂ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਉਲੀਕੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ।