ਚੰਡੀਗੜ੍ਹ, 15 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਦੇਸ਼ ਦੇ ਅਨਾਜ ਉਤਪਾਦਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਕੇਂਦਰੀ ਮੰਤਰੀਆਂ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਿਆਨੰਦ ਸਮੇਤ ਕਿਸਾਨਾਂ ਨਾਲ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਵਿੱਚ ਵਾਪਰੀਆਂ ਘਟਨਾਵਾਂ ਮੰਦਭਾਗੀਆਂ ਸਨ ਅਤੇ ਇਨ੍ਹਾਂ ਨੂੰ ਟਾਲਿਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ ‘ਤੇ ਹਮਲਾ ਕਰਨ ਲਈ ਡਰੋਨ ਦੀ ਵਰਤੋਂ ਅਸਹਿਣਯੋਗ ਹੈ ਅਤੇ ਸੂਬਾ ਸਰਕਾਰ ਪਹਿਲਾਂ ਹੀ ਇਸ ਦਾ ਵਿਰੋਧ ਕਰ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਨਿਰਦੇਸ਼ਾਂ ਤੋਂ ਬਾਅਦ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੇ ਅੰਬਾਲਾ ਦੇ ਡਿਪਟੀ ਕਮਿਸ਼ਨਰ ਅੱਗੇ ਇਹ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ, ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹੀਂ ਦਿਨੀਂ ਪ੍ਰੀਖਿਆਵਾਂ ਚੱਲ ਰਹੀਆਂ ਹਨ ਅਤੇ ਆਨਲਾਈਨ ਪੜ੍ਹਾਈ ਕੀਤੀ ਜਾ ਰਹੀ ਹੈ ਪਰ ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕਰਨਾ ਅਤਿ ਨਿੰਦਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਸੂਬੇ ਦਾ ਕੋਈ ਵੀ ਨੌਜਵਾਨ ਵਾਟਰ ਕੈਨਨ ਜਾਂ ਅੱਥਰੂ ਗੈਸ ਦੇ ਗੋਲੇ ਅੱਗੇ ਖੜ੍ਹਾ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਕਿਸਾਨਾਂ ਵੱਲੋਂ ਉਠਾਈਆਂ ਜਾ ਰਹੀਆਂ ਮੰਗਾਂ ਦਾ ਪੂਰਾ ਸਮਰਥਨ ਕਰਦੀ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਨੂੰ ਭਾਰਤ ਤੋਂ ਵੱਖ ਕਰਨ ਲਈ ਹਰਿਆਣਾ ਨਾਲ ਲੱਗਦੀਆਂ ਸੂਬੇ ਦੀਆਂ ਸਰਹੱਦਾਂ ‘ਤੇ ਕੰਡਿਆਲੀ ਵਾੜ ਲਗਾਈ ਗਈ ਹੈ ਜੋ ਕਿ ਜਾਇਜ਼ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨਾਲ ਇਸ ਤਰ੍ਹਾਂ ਦਾ ਮਤਰੇਈ ਮਾਂ ਵਾਲਾ ਸਲੂਕ ਗੈਰਵਾਜਬ ਅਤੇ ਅਣਇੱਛਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਉਨ੍ਹਾਂ ਨੂੰ ਭਾਜਪਾ ਦੀ ‘ਬੀ’ ਟੀਮ ਦੱਸਦੀ ਹੈ ਪਰ ਅਸਲ ਵਿੱਚ ‘ਆਪ’ ਕਿਸਾਨਾਂ ਦੀ ‘ਏ’ ਟੀਮ ਹੈ। ਹਰਿਆਣਾ ਵੱਲੋਂ ਪੰਜਾਬ ਕਿਸਾਨ ਅੰਦੋਲਨ ਨੂੰ ਸਪਾਂਸਰ ਕਰਨ ਦੇ ਦੋਸ਼ਾਂ ‘ਤੇ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਨੂੰ ਰੋਕਣ ਲਈ ਸੂਬੇ ਵਿੱਚ ਕਰਫਿਊ ਨਹੀਂ ਲਗਾਇਆ ਜਾ ਸਕਦਾ ਬਲਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕੁਰਸੀਆਂ ਦੀ ਖ਼ਾਤਰ ਸਿਆਸਤ ਵਿੱਚ ਨਹੀਂ ਹਨ ਅਤੇ ਨਾ ਹੀ ਸੂਬੇ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀਆਂ ਅਫਵਾਹਾਂ ਜਾਂ ਧਮਕੀਆਂ ਤੋਂ ਅਸੀਂ ਡਰਦੇ ਹਾਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਕਿਸਾਨਾਂ ਦੇ ਹਿਮਾਇਤੀ ਹਨ ਅਤੇ ਮੀਟਿੰਗ ਵਿੱਚ ਸਿਰਫ਼ ਇਸ ਲਈ ਹਿੱਸਾ ਲੈ ਰਹੇ ਹਨ ਕਿਉਂਕਿ ਇਹ ਅਨਾਜ ਉਤਪਾਦਕਾਂ ਦੀ ਇੱਛਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪੂਰੀ ਸਥਿਤੀ ‘ਤੇ ਨਿੱਜੀ ਤੌਰ ‘ਤੇ ਨਜ਼ਰ ਰੱਖ ਰਹੇ ਹਨ ਅਤੇ ਸੂਬੇ ਦੇ ਸਾਰੇ ਹਸਪਤਾਲਾਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 54 ਕਿਸਾਨ ਗੰਭੀਰ ਜ਼ਖ਼ਮੀ ਹੋ ਚੁੱਕੇ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਮੁਫ਼ਤ ਇਲਾਜ ਮੁੱਹਈਆ ਕਰਵਾ ਰਹੀ ਹੈ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀਆਂ ਨੂੰ ਦੱਸਿਆ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਸ ਲਈ ਕਿਸਾਨਾਂ ਨੇ ਸੂਬੇ ਦੀ ਉਪਜਾਊ ਮਿੱਟੀ ਅਤੇ ਪਾਣੀ ਦੇ ਰੂਪ ਵਿੱਚ ਉਪਲਬਧ ਕੁਦਰਤੀ ਸਰੋਤਾਂ ਦਾ ਵੀ ਸ਼ੋਸ਼ਣ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਰਨ ਸੂਬੇ ਭਰ ਦੇ ਜ਼ਿਆਦਾਤਰ ਬਲਾਕਾਂ ਵਿੱਚ ਪਾਣੀ ਦਾ ਪੱਧਰ ਡਾਰਕ ਜ਼ੋਨ ਵਿੱਚ ਪਹੁੰਚ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਝੋਨਾ ਸੂਬੇ ਦੀ ਫ਼ਸਲ ਨਹੀਂ ਹੈ, ਸਗੋਂ ਰਾਜ ਇਸ ਦੀ ਪੈਦਾਵਾਰ ਕੌਮੀ ਅੰਨ ਭੰਡਾਰ ਨੂੰ ਭਰਨ ਲਈ ਕਰਦਾ ਹੈ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਦੇ ਰਾਹ ਵਿੱਚ ਕਈ ਚੁਣੌਤੀਆਂ ਹਨ ਜਿਸ ਨੂੰ ਹੱਲ ਕੀਤਾ ਜਾਣਾ ਜ਼ਰੂਰੀ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਰਾਜ ਨੂੰ ਆਰਡੀਐਫ ਤਹਿਤ ਰੋਕੇ ਗਏ ਫੰਡ ਜਾਰੀ ਕਰਦੀ ਹੈ ਤਾਂ ਸੂਬਾ ਸਰਕਾਰ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਮੁਆਵਜ਼ਾ ਦੇ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਝੋਨਾ ਪ੍ਰਬੰਧਨ ਦਾ ਮੁੱਦਾ ਹੋਵੇ ਜਾਂ ਕੋਈ ਹੋਰ ਮੁੱਦਾ, ਸਭ ਕਿਸਾਨਾਂ ਦੀ ਆਰਥਿਕਤਾ ਨਾਲ ਜੁੜੇ ਹੋਏ ਹਨ। ਹਾਲਾਂਕਿ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਨੂੰ ਹੱਲ ਕਰਨ ਦੀ ਬਜਾਏ ਕਿਸਾਨਾਂ ਦੇ ਅਸਲ ਮੁੱਦਿਆਂ ਨੂੰ ਠੰਡੇ ਬਸਤੇ ਵਿੱਚ ਪਾ ਰਹੀ ਹੈ ਜੋ ਕਿ ਠੀਕ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਕੇਂਦਰ ਸਰਕਾਰ ਖੇਤੀ ਮਸਲਿਆਂ ਪ੍ਰਤੀ ਉਦਾਸੀਨ ਪਹੁੰਚ ਅਪਣਾ ਰਹੀ ਹੈ ਜੋ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੁਝ ਸਮਾਜ ਵਿਰੋਧੀ ਅਨਸਰ ਕਿਸਾਨਾਂ ਨੂੰ ਭੜਕਾਉਣ ਅਤੇ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਿਸਾਨਾਂ ਨੂੰ ਉਕਸਾਉਂਦਾ ਹੈ ਤਾਂ ਸੂਬਾ ਸਰਕਾਰ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਬੰਧੀ ਸੀ.ਸੀ.ਟੀ.ਵੀ. ਦੀ ਫੁਟੇਜ ਚੈਕ ਕੀਤੀ ਜਾਵੇਗੀ ਅਤੇ ਜੇਕਰ ਕੋਈ ਕਿਸਾਨ ਇਸ ਸਬੰਧੀ ਬਿਆਨ ਦੇਣਾ ਚਾਹੁੰਦਾ ਹੈ ਤਾਂ ਉਸ ਨੂੰ ਵੀ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਦੌਰ ਦੀ ਮੀਟਿੰਗ ਐਤਵਾਰ ਸ਼ਾਮ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਨੁਕਤਿਆਂ ‘ਤੇ ਸਹਿਮਤੀ ਬਣ ਗਈ ਹੈ ਅਤੇ ਹੋਰ ਅਹਿਮ ਮੁੱਦਿਆਂ ਨੂੰ ਜਲਦੀ ਹੀ ਹੱਲ ਕਰ ਲਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕੇਂਦਰ ਸਰਕਾਰ ਨੂੰ ਪਹਿਲਾਂ ਹੀ ਲੈ ਕੇ ਆਏ ਹਨ ਅਤੇ ਗੱਲਬਾਤ ਰਾਹੀਂ ਹੀ ਇਸ ਮਸਲੇ ਦਾ ਹੱਲ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਰਖਵਾਲੇ ਹੋਣ ਦੇ ਨਾਤੇ ਉਹ ਧਰਨੇ ਕਾਰਨ ਸਮਾਜ ਦੇ ਕਿਸੇ ਵੀ ਵਰਗ ਨੂੰ ਦੁਖੀ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਾਰੀਆਂ ਸਪਲਾਈਆਂ ਨਿਰਵਿਘਨ ਯਕੀਨੀ ਬਣਾਈਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਹਰਿਆਣਾ ਸਰਕਾਰ ਸੂਬੇ ਦੇ ਕਿਸਾਨਾਂ ਨਾਲ ਧੱਕੇਸ਼ਾਹੀ ਨਾ ਕਰੇ ਜੋ ਸ਼ਾਂਤਮਈ ਢੰਗ ਨਾਲ ਆਪਣਾ ਧਰਨਾ ਕਰ ਰਹੇ ਹਨ।