ਚੰਡੀਗੜ੍ਹ, 8 ਜਨਵਰੀ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਚਾਈਨਾ ਡੋਰ ਖਿਲਾਫ ਐਡਵਾਈਜ਼ਰੀ ਜਾਰੀ ਕੀਤੀ ਹੈ। ਡੀਜੀਪੀ ਨੇ ਚਾਈਨਾ ਡੋਰ ਦੀ ਖਰੀਦੋ-ਫਰੋਖਤ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੇ ਹੁਕਮ ਦਿੱਤੇ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ-ਕੱਲ੍ਹ ਲੋਕ ਪਤੰਗ ਉਡਾਉਣ ਲਈ ਚੀਨੀ ਡੋਰ ਦੀ ਜ਼ਿਆਦਾ ਵਰਤੋਂ ਕਰਦੇ ਹਨ, ਜੋ ਕਿ ਖਤਰਨਾਕ ਹੈ। ਆਉਣ-ਜਾਣ ਵਾਲੇ ਲੋਕ ਇਸ ਦੀ ਲਪੇਟ ਵਿੱਚ ਆ ਜਾਂਦੇ ਹਨ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਜਾਂਦੇ ਹਨ ਜਾਂ ਕਈ ਵਾਰ ਤਾਂ ਕਿਸੇ ਦੀ ਦੀ ਮੌਤ ਵੀ ਹੋ ਜਾਂਦੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਵਿੱਚ ਚਾਈਨੀਜ਼ ਡੋਰ ਦੀ ਵਿਕਰੀ ਅਤੇ ਵਰਤੋਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਚੀਨੀ ਡੋਰ ਵੇਚਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਚਾਈਨੀਜ਼ ਡੋਰ ਨਾਲ ਹੋਣ ਵਾਲੇ ਨੁਕਸਾਨ ਤੋਂ ਉਨ੍ਹਾਂ ਨੂੰ ਜਾਗਰੂਕ ਕਰਨ ਅਤੇ ਪਤੰਗ ਉਡਾਉਣ ਤੋਂ ਰੋਕਣ।