ਸੁਖਬੀਰ ਸਿੰਘ ਬਾਦਲ ਨੂੰ ਜਿਮਨੀ ਚੋਣਾਂ ਲੜਨ ਲਈ ਕੋਈ ਛੋਟ ਨਹੀਂ ਦਿੱਤੀ ਜਾਵੇਗੀ : ਜਥੇਦਾਰ ਗਿਆਨੀ ਰਘਬੀਰ ਸਿੰਘ 

ਅੰਮ੍ਰਿਤਸਰ, 23 ਅਕਤੂਬਰ 2024 : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਦੇ ਨਾਲ ਗਰਮ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਤਿੰਨ ਸੀਟਾਂ ਦੇ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਗਿੱਦੜਬਾਹਾ ਤੋਂ ਸੁਖਬੀਰ ਸਿੰਘ ਬਾਦਲ ਦੇ ਚੋਣ ਲੜਨ ਦੀਆਂ ਚਰਚਾਵਾਂ ਸਨ। ਪਰ ਕਿਉਂਕਿ ਸੁਖਬੀਰ ਸਿੰਘ ਬਾਦਲ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਦਿੱਤੇ ਜਾ ਚੁੱਕੇ ਹਨ। ਇਸ ਕਰਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿਮਨੀ ਚੋਣਾਂ ਲੜਨ ਲਈ ਛੋਟ ਮੰਗੀ ਗਈ ਸੀ। ਇਸ ‘ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ, ਸੁਖਬੀਰ ਸਿੰਘ ਬਾਦਲ ਨੂੰ ਜਿਮਨੀ ਚੋਣਾਂ ਲੜਨ ਲਈ ਕੋਈ ਛੋਟ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ, ਤਨਖਾਹ ਪੂਰੀ ਕਰਨ ਤੱਕ ਤਨਖਾਹੀਆ, ਤਨਖਾਹੀਆ ਹੀ ਰਹਿੰਦਾ ਹੈ। ਇਸ ਕਰਕੇ ਸੁਖਬੀਰ ਸਿੰਘ ਬਾਦਲ ਨੂੰ ਚੋਣਾਂ ਲੜਨ ਲਈ ਕੋਈ ਛੋਟ ਨਹੀਂ ਦਿੱਤੀ ਜਾਵੇਗੀ। ਗਿਆਨੀ ਰਘਬੀਰ ਸਿੰਘ ਦੇ ਇਸ ਬਿਆਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੇ ਗਿੱਦੜਬਾਹਾ ਤੋਂ ਚੋਣ ਲੜਨ ਦੀਆਂ ਉਮੀਦਾਂ ਤੇ ਪਾਣੀ ਫਿਰ ਗਿਆ ਹੈ। ਇਸ ਤੋਂ ਪਹਿਲਾਂ ਇਹ ਵੀ ਚਰਚਾਵਾਂ ਸਨ ਕਿ, ਮਨਪ੍ਰੀਤ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਕੇ ਗਿੱਦੜਬਾਹਾ ਤੋਂ ਚੋਣ ਲੜ ਸਕਦੇ ਹਨ। ਇਹ ਵੀ ਕਿਹਾ ਜਾ ਰਿਹਾ ਸੀ ਕਿ, ਉਹ ਬੀਜੇਪੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਦੇ ਤੌਰ ਤੇ ਚੋਣ ਲੜ ਸਕਦੇ ਹਨ। ਪਰ ਕਿਉਂਕਿ ਮਨਪ੍ਰੀਤ ਸਿੰਘ ਬਾਦਲ ਦੇ ਨੂੰ ਬੀਜੇਪੀ ਨੇ ਗਿੱਦੜਬਾਹਾ ਤੋਂ ਉਮੀਦਵਾਰ ਦੇ ਤੌਰ ਤੇ ਚੋਣ ਮੈਦਾਨ ਦੇ ਵਿੱਚ ਉਤਾਰ ਦਿੱਤਾ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਹੁਣ ਕੋਈ ਹੋਰ ਉਮੀਦਵਾਰ ਮੈਦਾਨ ‘ਚ ਉਤਾਰਨਾ ਪਵੇਗਾ। ਹੁਣ ਦੇਖਣਾ ਇਹ ਹੋਵੇਗਾ ਕਿ ਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਕੌਣ ਹੁੰਦਾ ਹੈ।

ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਿਆ
ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਮੰਗਲਵਾਰ ਨੂੰ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਿਆ ਅਤੇ ਜ਼ਿਮਨੀ ਚੋਣਾਂ ਵਿੱਚ ਪਾਰਟੀ ਦੀ ਅਗਵਾਈ ਸੁਖਬੀਰ ਸਿੰਘ ਬਾਦਲ ਨੂੰ ਕਰਨ ਦੀ ਛੋਟ ਦੇਣ ਦੀ ਅਪੀਲ ਕੀਤੀ। ਹੁਣ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ਨੂੰ ਜ਼ਿਮਨੀ ਚੋਣਾਂ ਵਿੱਚ ਛੋਟ ਦੇਣ ਤੋਂ ਨਾਂਹ ਕਰ ਦਿੱਤੀ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਤਨਖਾਹ ਪੂਰੀ ਕਰਨ ਤਕ ਸੁਖਬੀਰ ਬਾਦਲ ਤਨਖਾਹੀਆ ਹੀ ਰਹੇਗਾ ਅਤੇ ਪੰਜ ਸਾਹਿਬਾਨਾਂ ਦੀ ਬੈਠਕ ਚ ਫੈਸਲਾ ਲਿਆ ਜਾਵੇਗਾ। ਦੱਸ ਦਈਏ ਅਕਾਲ ਤਖ਼ਤ ਵੱਲੋਂ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਹੋਇਆ। ਅਕਾਲੀ ਦਲ ਦਾ ਵਫ਼ਦ ਮੰਗਲਵਾਰ ਨੂੰ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਮਿਲਿਆ। ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਸਮੂਹ ਵਰਕਰ ਅਤੇ ਸਮੁੱਚੀ ਕੋਰ ਕਮੇਟੀ ਚਾਹੁੰਦੀ ਹੈ ਕਿ ਜ਼ਿਮਨੀ ਚੋਣਾਂ ਵਿੱਚ ਪਾਰਟੀ ਦੀ ਅਗਵਾਈ ਸੁਖਬੀਰ ਸਿੰਘ ਬਾਦਲ ਕਰਨ। ਉਨ੍ਹਾਂ ਦੱਸਿਆ ਕਿ ਜਥੇਦਾਰ ਨੇ ਕਿਹਾ ਕਿ ਇਹ ਮਾਮਲਾ ਸਿੰਘ ਸਾਹਿਬਾਨ ਨਾਲ ਵਿਚਾਰਿਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਬਾਰੇ ਗੱਲ ਕਰਦਿਆਂ ਉਨ੍ਹਾਂ ਕਿ ਇਸ ਸਬੰਧੀ 25 ਅਕਤੂਬਰ ਤੱਕ ਫੈਸਲਾ ਲੈ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਪਾਰਲੀਮੈਂਟ ਬੋਰਡ ਭਲਕੇ ਇਸ ਸਬੰਧੀ ਵਿਚਾਰ ਕਰੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀਅਕਾਲੀ ਦਲ ਰਾਜਸੀ ਚੋਣ ਲੜਨਾ ਚਾਹੁੰਦਾ ਹੈ ਅਤੇ ਉਸ ਲਈ ਵੀ ਅਕਾਲ ਤਖ਼ਤ ਤੋਂ ਪ੍ਰਵਾਨਗੀ ਲੈਣ ਲਈ ਪੁੱਜਿਆ ਹੈ, ਪਰ ਬੀਬੀ ਜਗੀਰ ਕੌਰ ਨੇ ਧਾਰਮਿਕ ਜਥੇਬੰਦੀ ਲਈ ਚੋਣ ਲੜਨੀ ਹੈ, ਉਨ੍ਹਾਂ ਇਸ ਸਬੰਧੀ ਕੋਈ ਅਗਾਊਂ ਪ੍ਰਵਾਨਗੀ ਨਹੀਂ ਲਈ। ਜਦਕਿ ਇਸ ਵੇਲੇ ਬਤੌਰ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਵਜੋਂ ਉਨ੍ਹਾਂ ਦਾ ਮਾਮਲਾ ਵੀ ਅਕਾਲ ਤਖ਼ਤ ’ਤੇ ਵਿਚਾਰ ਅਧੀਨ ਹੈ। ਵਫ਼ਦ ਵਿੱਚ ਜਨਮੇਜਾ ਸਿੰਘ ਸੇਖੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਗੁਲਜ਼ਾਰ ਸਿੰਘ ਰਣੀਕੇ , ਇਕਬਾਲ ਸਿੰਘ ਅਤੇ ਅਰਸ਼ਦੀਪ ਸਿੰਘ ਕਲੇਰ ਵੀ ਸ਼ਾਮਲ ਸਨ।

q