ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਰਾਜ ਦੀ ਮੋਹਰੀ ਸਹਿਕਾਰੀ ਸੰਸਥਾ ਮਿਲਕਫੈੱਡ ਦੀ ਦਿੱਲੀ ਨੂੰ ਹੁੰਦੀ ਦੁੱਧ ਦੀ ਸਪਲਾਈ ਨੂੰ ਮੌਜੂਦਾ 30 ਹਜ਼ਾਰ ਲੀਟਰ ਤੋਂ ਵਧਾ ਕੇ ਦੋ ਲੱਖ ਲੀਟਰ ਕਰਨ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ ਤਾਂ ਕਿ ਪੰਜਾਬ ਦੇ ਕਿਸਾਨਾਂ/ਦੁੱਧ ਉਤਪਾਦਕਾਂ ਨੂੰ ਵੱਡਾ ਲਾਭ ਮਿਲੇ। ਇੱਥੇ ਵੇਰਕਾ ਪਲਾਂਟ ਵਿੱਚ ਨਵੇਂ ਬਣੇ ਮਿਲਕ ਪ੍ਰਾਸੈਸਿੰਗ ਅਤੇ ਬਟਰ ਪਲਾਂਟ ਦਾ ਉਦਘਾਟਨ ਕਰਨ ਮਗਰੋਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਕ੍ਰਾਂਤੀਕਾਰੀ ਕਦਮ ਹੈ, ਜਿਸ ਦਾ ਉਦੇਸ਼ ਕਿਸਾਨਾਂ ਨੂੰ ਖੇਤੀ ਸੰਕਟ ਵਿੱਚੋਂ ਕੱਢਣ ਲਈ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧ ਵਿੱਚ ਦਿੱਲੀ ਸਰਕਾਰ ਨਾਲ ਸਮਝੌਤਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਤਹਿਤ ਵੇਰਕਾ ਦੁੱਧ ਅਤੇ ਦੁੱਧ ਉਤਪਾਦਾਂ ਦੀ ਸਪਲਾਈ ਲਈ ਦਿੱਲੀ ਦੇ ਹਰ ਕੋਨੇ ਵਿੱਚ ਨਵੇਂ ਬੂਥ ਖੋਲ੍ਹੇਗਾ। ਭਗਵੰਤ ਮਾਨ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇੱਕੋ ਇੱਕ ਮੰਤਵ ਸਹਿਕਾਰਤਾ ਦੀ ਅਸਲ ਭਾਵਨਾ ਉਤੇ ਚੱਲਦਿਆਂ ਪੰਜਾਬ ਦੇ ਡੇਅਰੀ ਕਿਸਾਨਾਂ ਨੂੰ ਵੱਧ ਤੋਂ ਵੱਧ ਸਹਿਯੋਗ ਅਤੇ ਵਧੀਆ ਭਾਅ ਦੇਣਾ ਹੈ। ਮੁੱਖ ਮੰਤਰੀ ਨੇ ਆਖਿਆ ਕਿ ਨੌਜਵਾਨਾਂ ਵਿੱਚ ਡੇਅਰੀ ਧੰਦੇ ਨੂੰ ਹੁਲਾਰਾ ਦੇਣ ਲਈ ਕਿਸਾਨ ਪੱਖੀ ਸਕੀਮਾਂ ਲਾਗੂ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ `ਤੇ ਆਤਮ ਨਿਰਭਰ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਮਿਲਕਫੈੱਡ ਨੂੰ ਨਾ ਸਿਰਫ਼ ਸੂਬੇ ਵਿੱਚ, ਸਗੋਂ ਦੇਸ਼ ਤੇ ਵਿਦੇਸ਼ਾਂ ਵਿੱਚ ਖਪਤ ਮੰਡੀ ਦੇ ਵੱਡੇ ਹਿੱਸੇ ਨੂੰ ਆਪਣੀਆਂ ਸੇਵਾਵਾਂ ਮੁਹੱਈਆ ਕਰਨ ਲਈ ਵਧੀਆ ਮਾਰਕੀਟਿੰਗ ਮੁਹਿੰਮ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਮੋਹਰੀ ਸਹਿਕਾਰੀ ਸੰਸਥਾ ਦੀ ਘਰੇਲੂ ਬਾਜ਼ਾਰ ਵਿੱਚ ਪ੍ਰਤੱਖ ਮੌਜੂਦਗੀ ਹੈ ਕਿਉਂਕਿ ਵੇਰਕਾ ਇਸ ਖਿੱਤੇ ਵਿੱਚ ਘਰ-ਘਰ ਜਾਣਿਆ-ਪਛਾਣਿਆ ਨਾਮ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵੇਰਕਾ ਉਤਪਾਦਾਂ ਜਿਵੇਂ ਘਿਓ, ਦੁੱਧ, ਮੱਖਣ, ਲੱਸੀ, ਖੀਰ, ਦਹੀਂ, ਆਈਸ ਕਰੀਮ, ਮਠਿਆਈਆਂ ਅਤੇ ਹੋਰ ਉਤਪਾਦਾਂ ਨੇ ਪਹਿਲਾਂ ਹੀ ਦੇਸ਼ ਵਿਆਪੀ ਬਾਜ਼ਾਰ ਵਿੱਚ ਆਪਣਾ ਵੱਖਰਾ ਸਥਾਨ ਬਣਾਇਆ ਹੈ, ਜਿਸ ਨੂੰ ਠੋਸ ਯਤਨਾਂ ਨਾਲ ਹੋਰ ਵਿਸ਼ਾਲ ਕੀਤਾ ਜਾ ਸਕਦਾ ਹੈ। ਲੁਧਿਆਣਾ ਸ਼ਹਿਰ ਨਾਲ ਭਾਵੁਕਤਾ ਭਰੀ ਸਾਂਝ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇ ਪਿੰਡ ਸਤੌਜ ਉਨ੍ਹਾਂ ਦੀ ਜਨਮ ਭੂਮੀ ਹੈ ਤਾਂ ਲੁਧਿਆਣਾ ਉਨ੍ਹਾਂ ਦੀ ਕਰਮ ਭੂਮੀ ਹੈ। ਉਨ੍ਹਾਂ ਕਿਹਾ ਕਿ ਅੱਜ ਜਿਸ ਪਲਾਂਟ ਦਾ ਉਨ੍ਹਾਂ ਉਦਘਾਟਨ ਕੀਤਾ, ਇਹ ਅਤਿ ਆਧੁਨਿਕ ਪ੍ਰਾਜੈਕਟ ਕਿਸਾਨਾਂ ਲਈ ਦੀਵਾਲੀ ਦਾ ਤੋਹਫ਼ਾ ਹੈ ਕਿਉਂਕਿ 105 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਇਸ ਪਲਾਂਟ ਦੀ ਦੁੱਧ ਦੀ ਪ੍ਰੋਸੈਸਿੰਗ ਸਮਰੱਥਾ ਰੋਜ਼ਾਨਾ ਨੌਂ ਲੱਖ ਲੀਟਰ ਅਤੇ ਮੱਖਣ ਦੀ ਸਮਰੱਥਾ 10 ਮੀਟਰਿਕ ਟਨ ਦੀ ਹੈ। ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬੀਆਂ ਨੂੰ ਉੱਦਮ ਅਤੇ ਅਗਵਾਈ ਦੇ ਗੁਣ ਵਿਰਸੇ ਵਿੱਚ ਮਿਲੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਗੁਣਾਂ ਸਦਕਾ ਪੰਜਾਬੀਆਂ ਨੇ ਵਿਸ਼ਵ ਭਰ ਵਿੱਚ ਆਪਣਾ ਵੱਖਰਾ ਸਥਾਨ ਬਣਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਭਾਲਣ ਵਾਲਿਆਂ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣਾਉਣ ਲਈ ਯਤਨਸ਼ੀਲ ਹੈ।