ਬਾਬਾ ਬਕਾਲਾ, 19 ਅਗਸਤ 2024 : ਪੰਜਾਬ ਪ੍ਰਸਤ ਹੋਣ ਦਾ ਦਾਅਵਾ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਥ ਦੇ ਨਾਮ ਉਤੇ ਵੋਟਾਂ ਮੰਗਣ ਵਾਲੀ ਇਸ ਪਾਰਟੀ ਨੇ ਸੰਸਦ ਵਿੱਚ ਕਦੇ ਵੀ ਪੰਜਾਬ ਦੀ ਗੱਲ ਨਹੀਂ ਕੀਤੀ। ਰੱਖੜ ਪੁੰਨਿਆ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਪੰਥ ਦੇ ਨਾਮ ਉਤੇ ਵੋਟਾਂ ਲੈ ਕੇ ਸੱਤਾ ਦਾ ਸੁਖ ਭੋਗਣ ਵਾਲੀ ਪਾਰਟੀ ਦੇ ਆਗੂ ਸੰਸਦ ਵਿੱਚ ਪੰਜਾਬ ਦੇ ਮਸਲਿਆਂ ਉਤੇ ਮੂਕ ਦਰਸ਼ਕ ਬਣੇ ਰਹੇ। ਮੁੱਖ ਮੰਤਰੀ ਨੇ ਕਿਹਾ, “ਮੈਨੂੰ ਹੈਰਾਨੀ ਇਸ ਗੱਲ ਦੀ ਹੈ ਕਿ ਅਕਾਲੀ ਦਲ ਨੇ ਕਦੇ ਵੀ ਸਾਹਿਬਜ਼ਾਦਿਆਂ ਨੂੰ ਸੰਸਦ ਵਿੱਚ ਸਤਿਕਾਰ ਭੇਟ ਬਾਰੇ ਅਰਜ਼ੀ ਤੱਕ ਨਹੀਂ ਦਿੱਤੀ ਜਦਕਿ ਇਹ ਪਾਰਟੀ ਪੰਥਪ੍ਰਸਤ ਅਤੇ ਪੰਜਾਬਪ੍ਰਸਤ ਹੋਣ ਦਾ ਦਾਅਵਾ ਕਰਦੀ ਹੈ। ਪੰਜਾਬ ਦੇ ਮਸਲਿਆਂ ਬਾਰੇ ਇਨ੍ਹਾਂ ਕੋਲੋਂ ਹੋਰ ਕੀ ਉਮੀਦ ਰੱਖੀ ਜਾ ਸਕਦੀ ਹੈ।”