
ਅੰਮ੍ਰਿਤਸਰ, 15 ਮਾਰਚ 2025 : ਅੰਮ੍ਰਿਤਸਰ ਦੇ ਖੰਡਵਾਲਾ ਸਥਿਤ ਠਾਕੁਰਦੁਆਰਾ ਮੰਦਰ 'ਚ ਸ਼ੁੱਕਰਵਾਰ ਦੇਰ ਰਾਤ ਗ੍ਰਨੇਡ ਹਮਲਾ ਹੋਇਆ। ਬਾਈਕ ਸਵਾਰ ਦੋ ਲੋਕਾਂ ਨੇ ਮੰਦਰ 'ਤੇ ਵਿਸਫੋਟਕ ਸੁੱਟ ਦਿੱਤਾ, ਜਿਸ ਨਾਲ ਧਮਾਕਾ ਹੋ ਗਿਆ। ਚਸ਼ਮਦੀਦਾਂ ਮੁਤਾਬਕ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਮੰਦਰ ਵੱਲ ਕੋਈ ਸ਼ੱਕੀ ਚੀਜ਼ ਸੁੱਟਦੇ ਹੋਏ ਦੇਖਿਆ ਗਿਆ। ਘਟਨਾ ਸੀਸੀਟੀਵੀ ਫੁਟੇਜ ਵਿੱਚ ਕੈਦ ਹੋ ਗਈ ਹੈ। ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ ਅਤੇ ਪੁਲਸ ਤੁਰੰਤ ਘਟਨਾ ਦੀ ਜਾਂਚ ਕਰਨ ਲਈ ਮੌਕੇ 'ਤੇ ਪਹੁੰਚ ਗਈ। ਅੰਮ੍ਰਿਤਸਰ ਦੇ ਕਮਿਸ਼ਨਰ ਜੀਪੀਐਸ ਭੁੱਲਰ ਨੇ ਕਿਹਾ ਹੈ ਕਿ ਇਸ ਧਮਾਕੇ ਵਿੱਚ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐਸ.ਆਈ. ਦਾ ਹੱਥ ਹੋਣ ਬਾਰੇ ਸ਼ੰਕਾ ਜਤਾਈ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਸੂਚਨਾ ਸਾਨੂੰ ਤੜਕੇ 2 ਵਜੇ ਮਿਲੀ। ਅਸੀਂ ਤੁਰੰਤ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਕਿਹਾ ਕਿ ਫੋਰੈਂਸਿਕ ਟੀਮ ਨੂੰ ਬੁਲਾਇਆ ਗਿਆ ਸੀ। ਅਸੀਂ ਸੀਸੀਟੀਵੀ ਚੈੱਕ ਕੀਤੇ ਅਤੇ ਆਸ-ਪਾਸ ਦੇ ਲੋਕਾਂ ਨਾਲ ਗੱਲ ਕੀਤੀ। ਗੱਲ ਇਹ ਹੈ ਕਿ ਪਾਕਿਸਤਾਨ ਦੀ ISI ਪੰਜਾਬ ਵਿੱਚ ਅਸ਼ਾਂਤੀ ਫੈਲਾਉਣ ਲਈ ਸਾਡੇ ਨੌਜਵਾਨਾਂ ਨੂੰ ਗੁੰਮਰਾਹ ਕਰਦੀ ਹੈ। ਭੁੱਲਰ ਨੇ ਮਾਮਲੇ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਜ਼ਾਹਰ ਕਰਦਿਆਂ ਕਿਹਾ ਕਿ ਅਸੀਂ ਕੁਝ ਦਿਨਾਂ ਵਿੱਚ ਮਾਮਲੇ ਦਾ ਪਤਾ ਲਗਾ ਕੇ ਬਣਦੀ ਕਾਰਵਾਈ ਕਰਾਂਗੇ। ਉਨ੍ਹਾਂ ਨੌਜਵਾਨਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਆਪਣੀ ਜ਼ਿੰਦਗੀ ਬਰਬਾਦ ਨਾ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਮੈਂ ਨੌਜਵਾਨਾਂ ਨੂੰ ਚਿਤਾਵਨੀ ਦਿੰਦਾ ਹਾਂ ਕਿ ਉਹ ਆਪਣੀ ਜ਼ਿੰਦਗੀ ਬਰਬਾਦ ਨਾ ਕਰਨ। ਜਲਦੀ ਹੀ ਦੋਸ਼ੀਆਂ ਨੂੰ ਫੜ ਲਵਾਂਗੇ। ਪੁਲੀਸ ਟੀਮਾਂ ਨੇ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ ਅਤੇ ਮੁੱਢਲੀ ਜਾਂਚ ਅਨੁਸਾਰ ਮੋਟਰਸਾਈਕਲ ਸਵਾਰ ਨੌਜਵਾਨਾਂ ਦੇ ਹੱਥ ਵਿੱਚ ਝੰਡਾ ਸੀ ਅਤੇ ਦੋਵੇਂ ਗਰਨੇਡ ਸੁੱਟਣ ਤੋਂ ਪਹਿਲਾਂ ਕੁਝ ਦੇਰ ਤੱਕ ਮੰਦਰ ਦੇ ਆਸ-ਪਾਸ ਖੜ੍ਹੇ ਰਹੇ। ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੁਲਿਸ ਨੇ ਸਥਿਤੀ ਨੂੰ ਕਾਬੂ ਕਰ ਲਿਆ ਹੈ। ਮੰਤਰੀ ਨੇ ਦੱਸਿਆ ਕਿ ਅੱਧੀ ਰਾਤ 12 ਵਜੇ ਤੋਂ ਬਾਅਦ ਕੁਝ ਬਦਮਾਸ਼ਾਂ ਨੇ ਮੰਦਰ 'ਤੇ ਗ੍ਰੇਨੇਡ ਸੁੱਟਿਆ। ਕੋਈ ਸੱਟ ਜਾਂ ਜਾਨੀ ਨੁਕਸਾਨ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਸਥਿਤੀ ਕਾਬੂ ਹੇਠ ਹੈ। ਦੋ ਵਿਅਕਤੀਆਂ ਦੀ ਪਛਾਣ ਹੋ ਗਈ ਹੈ। ਪੁਲਸ ਕਾਰਵਾਈ ਕਰ ਰਹੀ ਹੈ, ਇਕ ਦਿਨ 'ਚ ਇਨ੍ਹਾਂ ਨੂੰ ਫੜ ਲਿਆ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਠਾਕੁਰਦੁਆਰਾ ਮੰਦਰ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ
ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਅੰਮ੍ਰਿਤਸਰ ਦੇ ਠਾਕੁਰਦੁਆਰਾ ਮੰਦਰ ‘ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਠੀਕ ਹੈ, ਪਰ ਪੰਜਾਬ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸਾਡੀ ਪੁਲਿਸ ਨੂੰ ਉਨ੍ਹਾਂ ਨਾਲ ਨਜਿੱਠਣ ਲਈ ਸ਼ਕਤੀ ਦਿੱਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਅਜਿਹੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।