
ਚੰਡੀਗੜ੍ਹ, 29 ਜਨਵਰੀ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦਫ਼ਤਰ ਫੋਕਲ ਪੁਆਇੰਟ ਲੁਧਿਆਣਾ ਵਿਖੇ ਤਾਇਨਾਤ ਲਾਈਨਮੈਨ ਕਮਲਪ੍ਰੀਤ ਸਿੰਘ ਅਤੇ ਮੀਟਰ ਰੀਡਰ ਕੁਲਦੀਪ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਲੁਧਿਆਣਾ ਦੇ ਐਸ.ਐਸ.ਪੀ ਨੇ ਦੱਸਿਆ ਕਿ ਇਨ੍ਹਾਂ ਦੋਨਾਂ ਵਿਅਕਤੀਆਂ ਨੂੰ ਸੰਦੀਪ ਸਿੰਘ ਵਾਸੀ ਜਮਾਲਪੁਰ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਗੱਲ ਕਰਦੇ ਹੋਏ ਉਨ੍ਹਾਂ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਕੀਤੀ ਸੀ ਕਿ ਉਸਦੇ ਸ਼ੋਅਰੂਮ ਵਿੱਚ ਸੜੇ ਹੋਏ ਮੀਟਰ ਨੂੰ ਬਦਲ ਕੇ ਨਵਾਂ ਬਿਜਲੀ ਮੀਟਰ ਲਗਾਉਣ ਦੇ ਬਦਲੇ ਲਾਈਨਮੈਨ ਨੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਇਹ ਲਾਈਨਮੈਨ ਇਸ ਕੰਮ ਲਈ ਪਹਿਲਾਂ ਹੀ 20,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਬਾਕੀ ਦੇ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਐਸ.ਐਸ.ਪੀ ਨੇ ਅੱਗੇ ਦੱਸਿਆ ਕਿ ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਉਪਰੰਤ ਲੁਧਿਆਣਾ ਯੂਨਿਟ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਲਾਈਨਮੈਨ ਅਤੇ ਮੀਟਰ ਰੀਡਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ ਉਸਦੇ ਸ਼ੋਅਰੂਮ ਵਿਖੇ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਦੋਵਾਂ ਵਿਅਕਤੀਆਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।