ਪੰਜਾਬ ਸਰਕਾਰ ਨੇ ਸਾਲ 2021-22 ਲਈ 8.50 ਲੱਖ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ‘ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਦੇ ਤਹਿਤ ਸਿਹਤ ਬੀਮਾ ਸਕੀਮ ਹੇਠ ਲਿਆਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ‘ਜੇ’ ਫਾਰਮ ਅਤੇ ‘ਗੰਨਾ ਤੋਲ ਪਰਚੀ’ ਵਾਲੇ ਸਾਰੇ ਕਿਸਾਨ ਇਸ ਸਿਹਤ ਸਕੀਮ ਲਈ ਯੋਗ ਮੰਨੇ ਜਾਣਗੇ।
ਕਿਸਾਨਾਂ ਨੂੰ ਇਸ ਸਕੀਮ ਲਈ ਸੁਖਾਲੇ ਢੰਗ ਨਾਲ ਅਪਲਾਈ ਕਰਨ ਦੀ ਸਹੂਲਤ ਪ੍ਰਦਾਨ ਕਰਦੇ ਹੋਏ ਪੰਜਾਬ ਮੰਡੀ ਬੋਰਡ ਨੇ ਇਸ ਸਾਲ ਤੋਂ ਪਹਿਲੀ ਵਾਰ ਕਿਸਾਨਾਂ ਲਈ ਵਿਸ਼ੇਸ਼ ਪੋਰਟਲ ਦੀ ਸ਼ੁਰੂਆਤ ਕੀਤੀ ਹੈ। ਹੁਣ ਕਿਸਾਨਾਂ ਨੂੰ ਇਸ ਸਕੀਮ ਲਈ ਅਪਲਾਈ ਕਰਨ ਵਾਸਤੇ ਪਹਿਲਾਂ ਵਾਂਗ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਮਾਰਕੀਟ ਕਮੇਟੀ ਦੇ ਦਫ਼ਤਰ ਜਾਣ ਦੀ ਲੋੜ ਨਹੀਂ ਹੋਵੇਗੀ। ਇਸ ਸਹੂਲਤ ਦਾ ਲਾਭ ਲੈਣ ਦੇ ਇਛੁੱਕ ਕਿਸਾਨ ਮੰਡੀ ਬੋਰਡ ਦੇ ਪੋਰਟਲ https://emandikaran-pb.in ਉਪਰ ਸਬੰਧਤ ਦਸਤਾਵੇਜ਼ ਅਪਲੋਡ ਕਰਕੇ ਸੌਖਿਆਂ ਹੀ ਅਪਲਾਈ ਕਰ ਸਕਦੇ ਹਨ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਦੱਸਿਆ ਕਿ ਸਾਰੇ ਕਿਸਾਨਾਂ ਦੀ ਸਮੁੱਚੀ ਬੀਮਾ ਰਾਸ਼ੀ ਦਾ ਭੁਗਤਾਨ ਮੰਡੀ ਬੋਰਡ ਵੱਲੋਂ ਅਦਾ ਕੀਤਾ ਜਾਵੇਗਾ ਅਤੇ ਇਹ ਕਿਸਾਨ ਪੰਜ ਲੱਖ ਰੁਪਏ ਤੱਕ ਨਗਦੀ ਰਹਿਤ ਇਲਾਜ ਕਰਵਾ ਸਕਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਸਾਰੇ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ 20 ਅਗਸਤ, 2021 ਤੋਂ ਸਿਹਤ ਸੁਵਿਧਾਵਾਂ ਦਾ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ। ਉਨ੍ਹਾਂ ਨੇ ਅੱਗੇ ਦੱਸਿਆ ਕਿ ਬੀਤੇ ਸਾਲ 5.01 ਲੱਖ ਕਿਸਾਨਾਂ ਨੂੰ ‘ਜੇ’ ਫਾਰਮ ਅਤੇ ‘ਗੰਨਾ ਤੋਲ ਪਰਚੀ’ ਦੇ ਆਧਾਰ ਉਤੇ ਸਿਹਤ ਬੀਮਾ ਸਕੀਮ ਹੇਠ ਲਿਆਂਦਾ ਗਿਆ ਸੀ। ਇਸ ਵਾਰ ਕਿਸਾਨਾਂ ਦੀ ਗਿਣਤੀ ਲਗਪਗ 8.5 ਲੱਖ ਹੈ ਜਿਨ੍ਹਾਂ ਵਿਚ 7.91 ਲੱਖ ਕਿਸਾਨ ‘ਜੇ’ ਫਾਰਮ ਨਾਲ ਮੰਡੀ ਬੋਰਡ ਕੋਲ ਰਜਿਸਟਰਡ ਹਨ ਜਦਕਿ 55000 ਗੰਨਾ ਉਤਪਾਦਕ ਹਨ।
ਲਾਲ ਸਿੰਘ ਨੇ ਅੱਗੇ ਦੱਸਿਆ ਕਿ ਬੀਤੇ ਸਾਲ ‘ਸਰਬੱਤ ਸਿਹਤ ਬੀਮਾ ਯੋਜਨਾ’ ਹੇਠ ਰਜਿਸਟਰਡ ਹੋਏ ਇਨ੍ਹਾਂ 5.01 ਲੱਖ ਕਿਸਾਨਾਂ ਨੂੰ ਪੋਰਟਲ ਉਤੇ ਮੁੜ ਅਪਲਾਈ ਕਰਨ ਦੀ ਲੋੜ ਨਹੀਂ ਹੈ ਕਿਉਂ ਜੋ ਉਨ੍ਹਾਂ ਨੂੰ ਪਹਿਲੇ ਦਸਤਾਵੇਜ਼ਾਂ ਦੇ ਆਧਾਰ ਉਤੇ ਅਗਲੇ ਸਾਲ ਲਈ ਸਿਹਤ ਸੁਵਿਧਾਵਾਂ ਦਾ ਲਾਭ ਮਿਲੇਗਾ ਜਦਕਿ ਬਾਕੀ ਲਗਪਗ 3.5 ਲੱਖ ਕਿਸਾਨ ਅਤੇ ਗੰਨਾ ਉਤਪਾਦਕ ਜੋ ਇਕ ਅਕਤੂਬਰ, 2020 ਤੋਂ ਬਾਅਦ ‘ਜੇ’ ਫਾਰਮ ਅਤੇ ‘ਗੰਨਾ ਤੋਲ ਪਰਚੀ’ ਵਜੋਂ ਰਜਿਸਟਰਡ ਹੋਏ ਹਨ, ਨੂੰ ਸਿਹਤ ਬੀਮਾ ਸਕੀਮ ਲਈ ਪੋਰਟਲ ਉਤੇ ਅਪਲਾਈ ਕਰਨਾ ਹੋਵੇਗਾ। ਇਸ ਦੌਰਾਨ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਦੱਸਿਆ ਕਿ ਇਸ ਸਕੀਮ ਬਾਰੇ ਹੋਰ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਟੋਲ ਫਰੀ ਨੰਬਰ 104 ਜਾਂ ਮੰਡੀ ਬੋਰਡ ਦੀ ਵੈੱਬਸਾਈਟ www.mandiboard.nic.in ਤੋਂ ਹਾਸਲ ਕੀਤੀ ਜਾ ਸਕਦੀ ਹੈ।
ਇਹ ਕਿਸਾਨ ਸਿਹਤ ਬੀਮਾ ਸਕੀਮ ਹੇਠ ਇਲਾਜ ਲਈ 642 ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਅਤੇ 208 ਸਰਕਾਰੀ ਹਸਪਤਾਲਾਂ ਤੱਕ ਪਹੁੰਚ ਕਰ ਸਕਦੇ ਹਨ ਜਿੱਥੇ ਇਨ੍ਹਾਂ ਨੂੰ ਦਿਲ ਦਾ ਅਪ੍ਰੇਸ਼ਨ, ਕੈਂਸਰ ਦਾ ਇਲਾਜ, ਜੋੜ ਬਦਲਾਉਣੇ ਅਤੇ ਦੁਰਘਟਨਾ ਦੇ ਕੇਸਾਂ ਵਰਗੇ ਵੱਡੇ ਸਰਜੀਕਲ ਇਲਾਜ ਸਮੇਤ 1579 ਬਿਮਾਰੀਆਂ ਲਈ ਪੰਜ ਲੱਖ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਦੀ ਸੁਵਿਧਾ ਹਾਸਲ ਹੋਵੇਗੀ।