ਚੰਡੀਗੜ੍ਹ 24 ਜੂਨ 2024 : ਚੰਡੀਗੜ੍ਹ ਦੇ ਏਲਾਂਟੇ ਮਾਲ ‘ਚ ਖਿਡੌਣਾ ਟਰੇਨ ਪਲਟਣ ਨਾਲ ਵੱਡਾ ਹਾਦਸਾ ਵਾਪਰ ਗਿਆ। ਹਾਦਸੇ ਵਿੱਚ ਬੱਚੇ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੱਚਾ ਖਿਡੌਣੇ ਵਾਲੀ ਰੇਲਗੱਡੀ ਵਿੱਚ ਬੈਠਾ ਸੀ, ਅਤੇ ਜਦੋਂ ਟਰੇਨ ਪਲਟ ਗਈ ਤਾਂ ਬੱਚੇ ਦਾ ਸਿਰ ਜ਼ਮੀਨ ਨਾਲ ਜਾ ਟਕਰਾਇਆ। ਜਿਸ ਤੋਂ ਬਾਅਦ ਬੱਚੇ ਨੂੰ ਗੰਭੀਰ ਹਾਲਤ ‘ਚ ਸੈਕਟਰ-32 ਹਸਪਤਾਲ ਲਿਜਾਇਆ ਗਿਆ। ਪਰ ਇਲਾਜ ਦੌਰਾਨ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਨਵਾਂਸ਼ਹਿਰ ਦੇ ਸ਼ਹਿਜ਼ਾਦ ਵਜੋਂ ਹੋਈ ਹੈ। ਬੱਚੇ ਦੀ ਉਮਰ ਕਰੀਬ 11 ਸਾਲ ਦੱਸੀ ਜਾ ਰਹੀ ਹੈ। ਇਸ ਦੌਰਾਨ ਇੰਡਸਟਰੀਅਲ ਏਰੀਆ ਥਾਣਾ ਪੁਲਸ ਨੇ ਖਿਡੌਣਾ ਟਰੇਨ ਨੂੰ ਜ਼ਬਤ ਕਰ ਲਿਆ ਹੈ। ਪੁਲੀਸ ਨੇ ਸ਼ਿਕਾਇਤ ਦੇ ਆਧਾਰ ’ਤੇ ਖਿਡੌਣਾ ਟਰੇਨ ਚਾਲਕ ਤੇ ਕੰਪਨੀ ਮਾਲਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਏਲਾਂਟੇ ਮਾਲ ਦੇ ਅੰਦਰੋਂ ਸੀਸੀਟੀਵੀ ਫੁਟੇਜ ਜ਼ਬਤ ਕਰ ਲਈ ਹੈ। ਜਿਸ ‘ਚ ਬੱਚਾ ਖਿਡੌਣਾ ਟਰੇਨ ‘ਚੋਂ ਉਤਰਨ ਦੀ ਕੋਸ਼ਿਸ਼ ਕਰਦਾ ਨਜ਼ਰ ਆ ਰਿਹਾ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਖਿਡੌਣਾ ਟਰੇਨ ਵਿੱਚ ਸਿਰਫ਼ ਦੋ ਬੱਚੇ ਹੀ ਬੈਠੇ ਸਨ। ਇਸ ਦੇ ਨਾਲ ਹੀ ਮ੍ਰਿਤਕ ਬੱਚੇ ਦੇ ਪਿਤਾ ਨੇ ਦੋਸ਼ ਲਗਾਇਆ ਹੈ ਕਿ ਇਹ ਹਾਦਸਾ ਅਣਗਹਿਲੀ ਕਾਰਨ ਵਾਪਰਿਆ ਹੈ।