ਚੰਡੀਗੜ੍ਹ, 13 ਸਤੰਬਰ : ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਹੁਣ ਤੱਕ NDPS ਤਹਿਤ ਕੁੱਲ 18130 ਐਫਆਰਆਈ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਮਾਮਲਿਆਂ ਵਿੱਚ ਨਾਮਜ਼ਦ ਮੁਲਜ਼ਮਾਂ ਵਿੱਚੋਂ ਕੁੱਲ 1166 ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਨਸ਼ਾ ਤਸਕਰੀ ਦੇ ਮਾਡਿਊਲਾਂ ਦਾ ਪਰਦਾਫਾਸ਼ ਕਰਨ ਤੋਂ ਇਲਾਵਾ ਸਰਹੱਦੀ ਖੇਤਰਾਂ ਤੋਂ ਨਸ਼ਿਆਂ ਦੀਆਂ ਵੱਡੀਆਂ ਖੇਪਾਂ ਬਰਾਮਦ ਕੀਤੀਆਂ ਗਈਆਂ ਹਨ। ਪੰਜਾਬ ਪੁਲਿਸ ਪਿਛਲੇ ਡੇਢ ਸਾਲ ਤੋਂ ਲਗਾਤਾਰ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸ ਰਹੀ ਹੈ। ਇਸ ਕਾਰਨ ਹੁਣ ਤੱਕ ਪੰਜਾਬ ਵਿੱਚੋਂ ਨਸ਼ੀਲੇ ਪਦਾਰਥਾਂ ਦੀਆਂ ਵੱਡੀਆਂ ਖੇਪਾਂ ਬਰਾਮਦ ਹੋਈਆਂ ਹਨ। ਏਆਈਜੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਹੁਣ ਤੱਕ ਵਪਾਰਕ ਮਾਤਰਾ ਦੇ ਦਰਜ ਕੀਤੀਆਂ ਕੁੱਲ ਐਫਆਰਆਈ ਵਿੱਚੋਂ 2099 ਕੇਸ ਦਰਜ ਕੀਤੇ ਗਏ ਹਨ। ਇਨ੍ਹਾਂ ਤੋਂ ਇਲਾਵਾ ਦਰਮਿਆਨੀ ਅਤੇ ਛੋਟੀ ਮਾਤਰਾ ਦੀਆਂ ਕੁੱਲ 16002 ਐਫਆਰਆਈ ਦਰਜ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਪੁਲਿਸ ਨੇ ਸੂਬੇ ਦੇ ਸਾਰੇ ਛੋਟੇ-ਵੱਡੇ ਜ਼ਿਲ੍ਹਿਆਂ ਵਿੱਚੋਂ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਕੁੱਲ 1701.29 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਕੁੱਲ 1145.62 ਕਿਲੋ ਅਫੀਮ ਬਰਾਮਦ ਹੋਈ। ਜਦਕਿ 696.52 ਕੁਇੰਟਲ ਭੁੱਕੀ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ।