ਚੰਡੀਗੜ੍ਹ, 8 ਸਤੰਬਰ 2024 : ਗੁਰਦਾਸਪੁਰ ਦੇ ਪਿੰਡ ਖਹਿਰਾ ਕਲਾਂ ਵਿੱਚ 5 ਨਕਾਬਪੋਸ਼ ਨੌਜਵਾਨਾਂ ਵੱਲੋਂ ਇੱਕ ਕੰਪਿਊਟਰ ਸੈਂਟਰ ਵਿੱਚ ਆ ਕੇ ਡੇਢ ਲੱਖ ਰੁਪਏ ਦੀ ਨਕਦੀ ਅਤੇ 5 ਮੋਬਾਈਲ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਦੁਕਾਨਦਾਰ ਜੁਗਰਾਜ ਸਿੰਘ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਸੈਂਟਰ ‘ਚ ਆਪਣਾ ਕੰਮ ਕਰ ਰਿਹਾ ਸੀ ਕਿ ਅਚਾਨਕ ਦੋ ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ 5 ਨੌਜਵਾਨ ਆਏ, ਜਿਨ੍ਹਾਂ ‘ਚੋਂ ਤਿੰਨ ਨਕਾਬਪੋਸ਼ ਨੌਜਵਾਨ ਪਿਸਤੌਲ ਦੀ ਨੋਕ ‘ਤੇ ਅੰਦਰ ਦਾਖਲ ਹੋ ਗਏ ਅਤੇ ਨਕਦੀ ਲੈ ਕੇ ਫ਼ਰਾਰ ਹੋ ਗਏ। ਕਰੀਬ ਡੇਢ ਲੱਖ ਰੁਪਏ ਦੀ ਨਕਦੀ, ਇੱਕ ਲੈਪਟਾਪ ਅਤੇ 5 ਮੋਬਾਈਲ ਲੁੱਟ ਕੇ ਮੁਲਜ਼ਮ ਫ਼ਰਾਰ ਹੋ ਗਏ। ਦੁਕਾਨਦਾਰ ਨੇ ਪੁਲਿਸ ਨੂੰ ਇਨਸਾਫ਼ ਦੀ ਅਪੀਲ ਕੀਤੀ ਹੈ। ਇਸ ਦੌਰਾਨ ਮੌਕੇ ’ਤੇ ਪੁੱਜੇ ਡੀ.ਐਸ.ਪੀ. ਫਤਿਹਗੜ੍ਹ ਬੰਗਾਂ ਸੁਖਪਾਲ ਸਿੰਘ ਨੇ ਦੱਸਿਆ ਕਿ ਮੌਕੇ ‘ਤੇ ਆ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਵੱਖ-ਵੱਖ ਪਹਿਲੂਆਂ ਦੇ ਆਧਾਰ ‘ਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।