ਚੰਡੀਗੜ੍ਹ 7 ਅਕਤੂਬਰ 2024 : ਸਰਕਾਰੀ ਸਕੂਲਾਂ ਦੇ 50 ਹੈੱਡਮਾਸਟਰਾਂ ਅਤੇ ਹੈੱਡਮਿਸਟ੍ਰੈਸਾਂ ਦੀ ਟੀਮ ਸਿਖਲਾਈ ਲਈ ਆਈਆਈਐਮ ਅਹਿਮਦਾਬਾਦ ਲਈ ਰਵਾਨਾ ਹੋ ਗਈ ਹੈ। ਚੰਡੀਗੜ੍ਹ ਹਵਾਈ ਅੱਡੇ ‘ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਟੀਮ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ। ਇਹ ਤੀਜਾ ਬੈਚ ਹੈ ਜਿਸ ਨੂੰ ਸਿਖਲਾਈ ਲਈ ਅਹਿਮਦਾਬਾਦ ਭੇਜਿਆ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਹੁਣ ਪ੍ਰਾਇਮਰੀ ਸਕੂਲਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਦੇ ਲਈ ਪੰਜਾਬ ਸਰਕਾਰ ਨੇ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਨਾਲ ਸਮਝੌਤਾ ਕੀਤਾ ਹੈ। ਇਹ ਸਮਝੌਤਾ ਇਸ ਮਹੀਨੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵਿਚਕਾਰ ਹੋਇਆ ਸੀ। ਪਹਿਲੇ ਬੈਚ ਵਿੱਚ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਿਆ ਜਾਣਾ ਹੈ। ਇਸ ਸਿਖਲਾਈ ਪ੍ਰੋਗਰਾਮ ਦਾ ਸਮਾਂ 3 ਹਫ਼ਤਿਆਂ ਦਾ ਹੈ। ਇਸ ਦੇ ਲਈ ਸਿੱਖਿਆ ਵਿਭਾਗ ਨੇ ਇੱਛੁਕ ਅਧਿਆਪਕਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ। ਆਉਣ ਵਾਲੀਆਂ ਅਰਜ਼ੀਆਂ ਵਿੱਚ ਸ਼ਰਤਾਂ ਪੂਰੀਆਂ ਕਰਨ ਵਾਲਿਆਂ ਨੂੰ ਅੱਗੇ ਭੇਜਿਆ ਜਾਵੇਗਾ। ਇਸ ਤੋਂ ਪਹਿਲਾਂ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲ ਸਿੰਗਾਪੁਰ ਤੋਂ ਸਿਖਲਾਈ ਲੈ ਚੁੱਕੇ ਹਨ। ਹਾਲਾਂਕਿ ਉਸ ਸਮੇਂ ਇਸ ਟ੍ਰੇਨਿੰਗ ਨੂੰ ਲੈ ਕੇ ਹੰਗਾਮਾ ਵੀ ਹੋਇਆ ਸੀ।