- ਰਾਜਪਾਲ ਭਾਜਪਾ ਦੇ ਇਸ਼ਾਰੇ 'ਤੇ ਪੰਜਾਬ ਯੂਨੀਵਰਸਿਟੀ 'ਚ ਹਰਿਆਣਾ ਦੀ ਸ਼ਮੂਲੀਅਤ ਦੀ ਵਕਾਲਤ ਕਰ ਰਹੇ ਹਨ- ਮਾਲਵਿੰਦਰ ਸਿੰਘ ਕੰਗ
- ਆਰਡੀਐੱਫ, ਨੈਸ਼ਨਲ ਹੈਲਥ ਮਿਸ਼ਨ ਅਤੇ ਬੀਬੀਐੱਮਬੀ ਦੇ ਮੁੱਦੇ 'ਤੇ ਰਾਜਪਾਲ ਕਿਉਂ ਚੁੱਪ ਹਨ : ਕੰਗ
ਚੰਡੀਗੜ੍ਹ, 21 ਜੂਨ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਬਿਆਨ 'ਤੇ ਆਮ ਆਦਮੀ ਪਾਰਟੀ ਨੇ ਪਲਟਵਾਰ ਕੀਤਾ ਹੈ। 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਦੇ ਇਸ਼ਾਰੇ 'ਤੇ ਰਾਜਪਾਲ ਹਰਿਆਣਾ ਨੂੰ ਪੰਜਾਬ ਯੂਨੀਵਰਸਿਟੀ 'ਚ ਹਿੱਸਾ ਦੇਣ ਦੀ ਗੱਲ ਕਰ ਰਹੇ ਹਨ। ਰਾਜਪਾਲ ਦੀ ਪ੍ਰੈੱਸ ਕਾਨਫਰੰਸ ਤੋਂ ਬਾਅਦ 'ਆਪ' ਹੈੱਡਕੁਆਰਟਰ ਚੰਡੀਗੜ੍ਹ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਮਲਵਿੰਦਰ ਕੰਗ ਨੇ ਕਿਹਾ ਕਿ ਅੱਜ ਰਾਜਪਾਲ ਨੇ ਅਧਿਕਾਰਤ ਤੌਰ 'ਤੇ ਸਵੀਕਾਰ ਕਰ ਲਿਆ ਹੈ ਕਿ ਪੰਜਾਬ ਵਿਧਾਨ ਸਭਾ 'ਚ ਮੇਰੀ ਸਰਕਾਰ ਨਾ ਬੋਲਣਾ ਉਨ੍ਹਾਂ ਦੀ ਗਲਤੀ ਸੀ। ਕੰਗ ਨੇ ਰਾਜਪਾਲ ਦੀਆਂ ਗਲਤੀਆਂ ਗਿਣਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬੁਲਾਉਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੱਕ ਪਹੁੰਚ ਕਰਨੀ ਪਈ ਸੀ। ਫਿਰ ਅਦਾਲਤ ਨੇ ਸੈਸ਼ਨ ਬੁਲਾਉਣ ਦਾ ਹੁਕਮ ਦਿੱਤਾ। ਇਸ ਤੋਂ ਪਹਿਲਾਂ ਉਹ ਪਿਛਲੇ ਸਾਲ ਸਤੰਬਰ ਵਿੱਚ ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਵਿਸ਼ੇਸ਼ ਸੈਸ਼ਨ ਦੀ ਇਜਾਜ਼ਤ ਦੇਣ ਤੋਂ ਵੀ ਝਿਜਕਦੇ ਰਹੇ ਸਨ। ਕੰਗ ਨੇ ਰਾਜਪਾਲ ਨੂੰ ਸਵਾਲ ਕੀਤਾ ਕਿ ਜਿਸ ਤਰ੍ਹਾਂ ਉਹ ਪੰਜਾਬ ਯੂਨੀਵਰਸਿਟੀ ਦੇ ਮੁੱਦੇ 'ਤੇ ਬੋਲ ਰਹੇ ਹਨ, ਉਹ ਰੂਰਲ ਡਿਵੈਲਪਮੈਂਟ ਫੰਡ (ਆਰ.ਡੀ.ਐੱਫ.), ਨੈਸ਼ਨਲ ਹੈਲਥ ਮਿਸ਼ਨ ਅਤੇ ਬੀ.ਬੀ.ਐੱਮ.ਬੀ. ਦੇ ਮੁੱਦੇ 'ਤੇ ਕਿਉਂ ਨਹੀਂ ਬੋਲਦੇ? ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਰਡੀਐਫ ਦੇ ਫੰਡ ਰੋਕ ਕੇ ਪੰਜਾਬ ਦੀ ਮੰਡੀ ਸਿਸਟਮ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਨੈਸ਼ਨਲ ਹੈਲਥ ਮਿਸ਼ਨ ਦੇ ਫੰਡ ਰੋਕ ਲਏ ਗਏ ਹਨ। ਪਰ ਰਾਜਪਾਲ ਨੇ ਇਸ 'ਤੇ ਕੁਝ ਨਹੀਂ ਕਿਹਾ। ਕੰਗ ਨੇ ਕਿਹਾ ਕਿ ਰਾਜਪਾਲ ਪੰਜਾਬ ਦੇ ਸਰਹੱਦੀ ਖੇਤਰ ਵਿਚ ਜਾਂਦੇ ਹਨ, ਪਰ ਉਥੋਂ ਦੇ ਕਿਸਾਨਾਂ ਲਈ ਵਿਸ਼ੇਸ਼ ਪੈਕੇਜ ਦੀ ਮੰਗ 'ਤੇ ਨਾ ਤਾਂ ਕੁਝ ਬੋਲਦੇ ਹਨ ਅਤੇ ਨਾ ਹੀ ਕਦੇ ਇਸ ਬਾਰੇ ਗੱਲ ਕਰਦੇ ਹਨ, ਕੰਗ ਨੇ ਰਾਜਪਾਲ ਨੂੰ ਸਲਾਹ ਦਿੰਦਿਆਂ ਕਿਹਾ ਕਿ ਉਹ ਪੰਜਾਬ ਦੇ ਤਿੰਨ ਕਰੋੜ ਲੋਕਾਂ ਵੱਲੋਂ ਚੁਣੀ ਗਈ ਸਰਕਾਰ ਦਾ ਸਤਿਕਾਰ ਕਰਨ ਅਤੇ ਜੇਕਰ ਸੰਵਿਧਾਨ ਵਿੱਚ ਵਿਸ਼ਵਾਸ ਰੱਖਦੇ ਹਨ ਤਾਂ ਇਸ ਦੇ ਰੋਜ਼ਾਨਾ ਦੇ ਕੰਮਕਾਜ ਵਿੱਚ ਦਖ਼ਲਅੰਦਾਜ਼ੀ ਬੰਦ ਕਰਨ।