ਚੰਡੀਗੜ੍ਹ, 5 ਜੂਨ : ਬੀਤੇ ਦਿਨ ਲੋਕ ਸਭਾ ਚੋਣਾਂ ਦੇ ਆਏ ਨਤੀਜਿਆਂ ਵਿੱਚ ਅੰਮ੍ਰਿਤਪਾਲ ਸਿੰਘ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਖ਼ਡੂਰ ਸਾਹਿਬ ਤੋਂ ਭਾਰੀ ਬਹੁਮਤ ਨਾਲ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੇ ਬੁੱਧਵਾਰ ਨੂੰ ਅਸਾਮ ਦੀ ਡਿਬਰੂਗੜ੍ਹ ਸੈਂਟਰਲ ਜੇਲ੍ਹ ਵਿੱਚ ਅੰਮ੍ਰਿਤਪਾਲ ਨਾਲ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿੱਚ ਐੱਨ.ਐੱਸ.ਏੱ. ਤਹਿਤ ਬੰਦ ਹਨ ਅਤੇ ਉਨ੍ਹਾਂ ਨੇ ਇਹ ਚੋਣ ਜੇਲ੍ਹ ਵਿੱਚ ਰਹਿੰਦਿਆਂ ਹੀ ਲੜੀ ਸੀ। ਉਨ੍ਹਾਂ ਦੇ ਚੋਣ ਪ੍ਰਚਾਰ ਦੀ ਕਮਾਨ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ, ਉਨ੍ਹਾਂ ਦੀ ਜੱਥੇਬੰਦੀ ‘ਵਾਰਿਸ ਪੰਜਾਬ ਦੇ’, ਉਨ੍ਹਾਂ ਦੇ ਸਮਰਥਕਾਂ ਨੇ ਸੰਭਾਲੀ ਸੀ। ਕਿਰਨਦੀਪ ਕੌਰ ਅਤੇ ਅੰਮ੍ਰਿਤਪਾਲ ਸਿੰਘ ਦੇ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਬੁੱਧਵਾਰ ਨੂੰ ਡਿਬਰੂਗੜ੍ਹ ਕੇਂਦਰੀ ਜੇਲ੍ਹ ਪੁੱਜੇ ਜਿੱਥੇ ਉਨ੍ਹਾਂ ਨੇ ਅੰਮ੍ਰਿਤਪਾਲ ਨਾਲ ਮੁਲਾਕਾਤ ਕੀਤੀ। ਪੰਜਾਬ ਦੇ ਸਾਰੇ 13 ਜੇਤੂ ਉਮੀਦਵਾਰਾਂ ਵਿੱਚੋਂ ਅੰਮ੍ਰਿਤਪਾਲ ਸਿੰਘ ਨੇ ਸਭ ਤੋਂ ਵੱਡੇ ਫ਼ਰਕ ਨਾਲ ਜਿੱਤ ਹਾਸਲ ਕੀਤੀ ਹੈ।