ਚੰਡੀਗੜ੍ਹ, 27 ਦਸੰਬਰ : ਲੋਕਾਂ ਨੂੰ ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਸਮੇਂ ਸਿਰ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਸ਼ਾਮ ਪੁੱਡਾ ਭਵਨ ਵਿੱਚ ਅਚਨਚੇਤ ਚੈਕਿੰਗ ਕੀਤੀ। ਕੈਬਨਿਟ ਮੰਤਰੀ ਨੇ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਜੋਏ ਕੁਮਾਰ ਸਿਨਹਾ ਨਾਲ ਵੱਖ-ਵੱਖ ਸ਼ਾਖਾਵਾਂ ਦਾ ਦੌਰਾ ਕਰਕੇ ਅਧਿਕਾਰੀਆਂ 'ਤੇ ਕੰਮ ਦੇ ਬੋਝ ਅਤੇ ਉਨ੍ਹਾਂ ਦੇ ਪੱਧਰ 'ਤੇ ਬਕਾਇਆ ਪਏ ਕੇਸਾਂ ਦਾ ਜਾਇਜ਼ਾ ਲਿਆ। ਅਧਿਕਾਰੀਆਂ ਤੇ ਕਰਮਚਾਰੀਆਂ ਉਤੇ ਕੰਮ ਦੇ ਬੋਝ ਨੂੰ ਤਰਕਸੰਗਤ ਕਰਨ ਲਈ ਆਖਦਿਆਂ ਅਮਨ ਅਰੋੜਾ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਕੰਮ ਪ੍ਰਤੀ ਢਿੱਲਮੱਠ ਵਾਲੇ ਰਵੱਈਏ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਫਾਈਲਾਂ ਦਾ ਨਿਬੇੜਾ ਨਾ ਕਰਨ 'ਤੇ ਸਬੰਧਤ ਅਧਿਕਾਰੀ/ਕਰਮਚਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਕੇ ਸਿਸਟਮ ਵਿੱਚ ਸੁਧਾਰ ਕਰਨ ਲਈ ਸੱਤਾ ਵਿੱਚ ਆਈ ਹੈ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਅਤੇ ਸੇਵਾਵਾਂ ਪ੍ਰਦਾਨ ਕਰਨ ਵਿੱਚ ਦੇਰੀ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਅਪਣਾਇਆ ਹੈ। ਵਿਭਾਗ ਨੇ ਹਾਲ ਹੀ ਵਿੱਚ 42 ਅਧਿਕਾਰੀਆਂ ਨੂੰ ਡਿਊਟੀ ਵਿੱਚ ਅਣਗਹਿਲੀ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਸਨ ਅਤੇ ਤਿੰਨ ਅਧਿਕਾਰੀਆਂ ਨੂੰ ਚਾਰਜਸ਼ੀਟ ਵੀ ਕੀਤਾ ਸੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਇੱਕ ਆਨਲਾਈਨ ਸਿਸਟਮ ਵਿਕਸਤ ਕੀਤਾ ਹੈ ਜਿਸ ਤਹਿਤ ਵਿਭਾਗ ਵਿੱਚ ਆਉਂਦੀਆਂ ਅਰਜ਼ੀਆਂ ਅਤੇ ਫਾਈਲਾਂ ਦੀ ਉਨ੍ਹਾਂ ਵੱਲੋਂ ਖੁਦ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਅਰਜ਼ੀਆਂ ਦੇ ਨਿਬੇੜੇ ਵਿੱਚ ਬੇਲੋੜੀ ਦੇਰੀ ਕਾਰਨ ਲੋਕਾਂ ਨੂੰ ਪਰੇਸ਼ਾਨੀ ਝੱਲਣੀ ਪੈਂਦੀ ਹੈ ਅਤੇ ਭ੍ਰਿਸ਼ਟ ਗਤੀਵਿਧੀਆਂ ਨੂੰ ਬੜਾਵਾ ਮਿਲਦਾ ਹੈ, ਜੋ ਬਿਲਕੁਲ ਵੀ ਸਵੀਕਾਰਯੋਗ ਨਹੀਂ ਹੈ। ਉਨ੍ਹਾਂ ਨੇ ਕਰਮਚਾਰੀਆਂ ਨੂੰ ਕਿਹਾ ਕਿ ਜੇਕਰ ਕਿਸੇ ਨੂੰ ਆਪਣੀ ਡਿਊਟੀ ਨਿਭਾਉਣ ਵਿੱਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਮਦਦ ਲਈ ਹਰ ਸਮੇਂ ਹਾਜ਼ਰ ਹਨ ਪਰ ਡਿਊਟੀ ਦੌਰਾਨ ਇਮਾਨਦਾਰੀ ਅਤੇ ਪਾਰਦਰਸ਼ਤਾ ਨੂੰ ਪਹਿਲ ਦਿੱਤੀ ਜਾਵੇ।