ਚੰਡੀਗੜ੍ਹ, 26 ਮਾਰਚ : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਪਾਰਟੀ ਹਾਈਕਮਾਂਡ ਵੱਲੋਂ ਆਗਾਮੀ ਲੋਕਸਭਾ ਚੋਣਾਂ ਬਿਨਾਂ ਕਿਸੇ ਪਾਰਟੀ ਨਾਲ ਗਠਜੋੜ ਕੀਤੇ ਇਕਲਿਆਂ ਲੜਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਤਰੁਣ ਚੁੱਘ ਨੇ ਜਾਰੀ ਆਪਣੇ ਬਿਆਨ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰ ਰਹੀ ਹੈ, ਚਾਹੇ ਉਹ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਗੱਲ ਹੋਵੇ ਜਾਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ। ਇੰਨਾ ਹੀ ਨਹੀਂ, ਮੋਦੀ ਸਰਕਾਰ ਨੇ ਕਈ ਕਿਸਾਨ ਪੱਖੀ ਨੀਤੀਆਂ ਲਾਗੂ ਕੀਤੀਆਂ ਹਨ, ਜਿਸ ਨਾਲ ਪੰਜਾਬ ਦੇ ਕਿਸਾਨਾਂ ਦੀ ਹਾਲਤ ਵਿੱਚ ਕਾਫੀ ਸੁਧਾਰ ਹੋਇਆ ਹੈ। ਸੂਬੇ ਦੇ ਲੋਕਾਂ ਲਈ ਚਲਾਈਆਂ ਭਲਾਈ ਸਕੀਮਾਂ ਨੇ ਭਾਜਪਾ ਨੂੰ ਪੰਜਾਬ ਦੀ ਮੋਹਰੀ ਪਾਰਟੀਆਂ ਵਿੱਚੋਂ ਇੱਕ ਬਣਾ ਦਿੱਤਾ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਆਪਣੀ ਤਾਕਤ ਅਤੇ ਪ੍ਰਧਾਨ ਮੰਤਰੀ ਦੀ ਦੂਰਅੰਦੇਸ਼ੀ ਦਾ ਮੁਜ਼ਾਹਰਾ ਕਰਦਿਆਂ ਸਾਰੀਆਂ 13 ਦੀਆਂ 13 ਲੋਕ ਸਭਾ ਸੀਟਾਂ ਜਿੱਤੇਗੀ। ਚੁੱਘ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਲਈ ਦਿੱਤੇ ਗਏ ਵੱਖ-ਵੱਖ ਪ੍ਰੋਜੈਕਟਾਂ 'ਚ ਕੀਤੇ ਗਏ ਵਿਕਾਸ ਕਾਰਜਾਂ ਲਈ ਮੋਦੀ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਚਾਹੇ ਉਹ ਪੰਜਾਬ ਨੂੰ ਨਸ਼ਾ ਮੁਕਤੀ ਦੇ ਰਾਹ 'ਤੇ ਲਿਜਾਣ ਦੀ ਗੱਲ ਹੋਵੇ, ਮੈਡੀਕਲ ਕਾਲਜ ਦੇਣ ਦੀ ਗੱਲ ਹੋਵੇ ਜਾਂ 1059 ਕਰੋੜ ਰੁਪਏ ਦੇ ਅੰਮ੍ਰਿਤ ਭਾਰਤ ਸਟੇਸ਼ਨ ਹੋਵੇ ਜਾਂ ਪੰਜਾਬ ਵਿੱਚ ਹਾਈਵੇਅ ਦਾ ਨੈੱਟਵਰਕ ਵਿਛਾਉਣ ਦੀ ਗੱਲ ਹੋਵੇ। ਜਿਸ ਨੇ ਲੋਕਾਂ ਦੀ ਜ਼ਿੰਦਗੀ ਨੂੰ ਆਸਾਨ ਬਣਾ ਦਿੱਤਾ ਹੈ।