ਚੰਡੀਗੜ੍ਹ, 26 ਮਈ : ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦਿੰਦੀਆਂ ਸੁੱਕਰਵਾਰ ਨੂੰ ਪਿੰਡਾਂ ਦੀ ਗ੍ਰਾਮ ਪੰਚਾਇਤਾ ਨੂੰ ਅਲੱਗ ਅਲੱਗ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ। ਇਹਨਾਂ ਪਿੰਡਾਂ ਵਿੱਚ ਮਹਿਰੋਲੀ ਨੂੰ 2 ਲੱਖ ਰੁਪਏ, ਭਰਤਪੁਰ ਨੂੰ 2 ਲੱਖ ਰੁਪਏ, ਮਛਲੀ ਖੁਰਦ 2 ਲੱਖ ਰੁਪਏ, ਮਗਰ 2 ਲੱਖ ਰੁਪਏ, ਪਲਹੇੜੀ 2 ਲੱਖ ਰੁਪਏ ਅਤੇ ਸਿੰਗਾਰੀਵਾਲਾ 2 ਲੱਖ ਰੁਪਏ ਦੀ ਗ੍ਰਾਂਟ ਦੇ ਚੈੱਕ ਸਬੰਧਤ ਗ੍ਰਾਮ ਪੰਚਾਇਤਾਂ ਨੂੰ ਦਿੱਤੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਹਲਕਾ ਖਰੜ ਦੇ ਪਿੰਡਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਜੋ ਉਨ੍ਹਾਂ ਦਾ ਜੀਵਨ ਪੱਧਰ ਹੋਰ ਉੱਚਾ ਹੋ ਸਕੇ। ਮੰਤਰੀ ਨੇ ਕਿਹਾ ਕਿ ਪਿੰਡਾਂ ਦੇ ਸਰਬ-ਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਲਈ ਗਰਾਂਟਾਂ ਦੇ ਚੈੱਕ ਮਿਲਣ ਤੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਹੋਰ ਉੱਘੀਆਂ ਸਖਸ਼ੀਅਤਾਂ ਜਿਨ੍ਹਾਂ ਵਿੱਚ ਡਾ. ਜਤਿੰਦਰ ਸਿੰਘ, ਕੁਲਵਿੰਦਰ ਸਿੰਘ, ਰਾਜਪਾਲ ਕੌਰ, ਵਰਿੰਦਰ ਸਿੰਘ ਅਤੇ ਜਸਬੀਰ ਕੌਰ ਹਾਜ਼ਰੀਨ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੰਤਰੀ ਅਨਮੋਲ ਗਗਨ ਮਾਨ ਦਾ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ।