ਚੰਡੀਗੜ੍ਹ, 28 ਫ਼ਰਵਰੀ : ਪੰਜਾਬ ਅਤੇ ਚੰਡੀਗੜ੍ਹ ਵਿੱਚ ਮੰਗਲਵਾਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਅਚਨਚੇਤੀ ਗਰਮੀ ਕਾਰਨ ਪੰਜਾਬ ਵਿੱਚ ਕਣਕ ਦੀ ਫ਼ਸਲ ਝੁਲਸਣ ਲੱਗੀ ਹੈ। ਜੇਕਰ ਆਉਣ ਵਾਲੇ ਦਿਨਾਂ 'ਚ ਬਾਰਿਸ਼ ਹੁੰਦੀ ਹੈ ਤਾਂ ਇਸ ਨਾਲ ਕਣਕ ਨੂੰ ਜਾਨ ਮਿਲੇਗੀ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਮੰਗਲਵਾਰ ਨੂੰ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ 1 ਮਾਰਚ ਨੂੰ ਕਈ ਇਲਾਕਿਆਂ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਹੁਣ ਤੱਕ ਰਾਜਧਾਨੀ ਚੰਡੀਗੜ੍ਹ ਸਮੇਤ ਦੋਵਾਂ ਰਾਜਾਂ ਵਿੱਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਉਪਰ ਹੈ, ਜੋ ਫਰਵਰੀ ਮਹੀਨੇ ਦੇ ਆਮ ਨਾਲੋਂ ਕਿਤੇ ਵੱਧ ਹੈ। ਅਜਿਹੇ 'ਚ ਜੇਕਰ ਆਉਣ ਵਾਲੇ ਦਿਨਾਂ 'ਚ ਬਾਰਿਸ਼ ਹੁੰਦੀ ਹੈ ਤਾਂ ਤਾਪਮਾਨ 'ਚ ਗਿਰਾਵਟ ਆ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ। ਇਸ ਦੇ ਨਾਲ ਹੀ ਫਸਲਾਂ ਨੂੰ ਗਰਮੀ ਕਾਰਨ ਹੋਣ ਵਾਲੇ ਨੁਕਸਾਨ ਤੋਂ ਵੀ ਬਚਾਇਆ ਜਾ ਸਕੇਗਾ।ਚੰਡੀਗੜ੍ਹ ਸਥਿਤ ਮੌਸਮ ਵਿਗਿਆਨ ਕੇਂਦਰ ਦੀ ਭਵਿੱਖਬਾਣੀ ਮੁਤਾਬਕ ਅੱਜ 28 ਫਰਵਰੀ ਨੂੰ ਪੰਜਾਬ 'ਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ 1 ਮਾਰਚ ਨੂੰ ਜ਼ਿਆਦਾਤਰ ਥਾਵਾਂ 'ਤੇ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਮੰਗਲਵਾਰ ਨੂੰ ਤੂਫਾਨ ਦੇ ਨਾਲ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ। ਪੰਜਾਬ ਦਾ ਪੂਰਬੀ ਮਾਲਵਾ ਖੇਤਰ ਇਸ ਤੋਂ ਅਛੂਤਾ ਰਹੇਗਾ।ਪੰਜਾਬ ਅਤੇ ਹਰਿਆਣਾ ਵਿੱਚ 2 ਫਰਵਰੀ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ।