
- ਸਾਰੀਆਂ ਮਾਨਤਾ ਪ੍ਰਾਪਤ ਪਾਰਟੀਆਂ ਨੂੰ 28 ਫਰਵਰੀ ਤੱਕ ਏਜੰਟ ਨਿਯੁਕਤ ਕਰਨ ਲਈ ਚਿੱਠੀ ਲਿਖੀ
ਚੰਡੀਗੜ੍ਹ, 20 ਫਰਵਰੀ 2025 : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ 28 ਫਰਵਰੀ, 2025 ਤੱਕ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਇੱਕ ਪੱਤਰ ਲਿਖਿਆ ਹੈ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਜਾਣ ਵਾਲੇ ਬੂਥ ਲੈਵਲ ਏਜੰਟ ਸਬੰਧਤ ਪੋਲਿੰਗ ਸਟੇਸ਼ਨਾਂ ਦੇ ਬੂਥ ਲੈਵਲ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰਨਗੇ ਅਤੇ ਯੋਗ ਨਾਗਰਿਕਾਂ ਨੂੰ ਚੋਣ ਸੂਚੀ ਵਿੱਚ ਸ਼ਾਮਲ ਕਰਾਉਣ, ਹਟਾਉਣ, ਸੋਧਣ ਅਤੇ ਤਬਾਦਲੇ ਲਈ ਅਰਜ਼ੀਆਂ ਦਾਇਰ ਕਰਨ ਵਿੱਚ ਮਦਦ ਕਰਨਗੇ। ਪੱਤਰ ਵਿੱਚ ਲਿਖਿਆ ਗਿਆ ਹੈ ਕਿ ਹਰ ਮਾਨਤਾ ਪ੍ਰਾਪਤ ਸਿਆਸੀ ਪਾਰਟੀ 23 ਜ਼ਿਲ੍ਹਾ ਨੁਮਾਇੰਦਿਆਂ (ਜਾਂ ਜ਼ਿਆਦਾ) ਦੀ ਸੂਚੀ ਮੁੱਖ ਚੋਣ ਅਧਿਕਾਰੀ ਦੇ ਦਫਤਰ ਨੂੰ ਭੇਜਣ, ਜੋ ਕਿ ਅੱਗੋਂ 28 ਫਰਵਰੀ ਤੱਕ ਸਬੰਧਤ ਜ਼ਿਲ੍ਹੇ ਵਿੱਚ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਅਧਿਕਾਰਤ ਹੋਣ। ਉਨ੍ਹਾਂ ਕਿਹਾ ਕਿ ਇਸ ਬਾਰੇ ਜ਼ਿਆਦਾ ਜਾਣਕਾਰੀ ਦੇਣ ਅਤੇ ਸਵਾਲਾਂ ਦੇ ਜਵਾਬ ਦੇਣ ਲਈ ਅਗਲੇ ਹਫਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਵੀ ਕੀਤੀ ਜਾ ਰਹੀ ਹੈ। ਮੁੱਖ ਚੋਣ ਅਧਿਕਾਰੀ ਨੇ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਬਾਬਤ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ, ਤਾਂ ਜੋ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਤੋਂ ਬਾਅਦ ਵੋਟਰ ਸੂਚੀਆਂ ਨੂੰ ਤਿਆਰ ਕਰਨ ਅਤੇ ਸੋਧ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਸਕੇ।