ਚੰਡੀਗੜ੍ਹ, 03 ਅਪ੍ਰੈਲ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਸਿਆਸੀ ਪਾਰਾ ਵਧਣਾ ਸ਼ੁਰੂ ਹੋ ਗਿਆ ਹੈ। ਸਿਆਸੀ ਪਾਰਟੀਆਂ ਨੇ ਚੋਣ ਰਣਨੀਤੀ ਨੂੰ ਲੈ ਕੇ ਵਿਚਾਰ-ਚਰਚਾ ਸ਼ੁਰੂ ਕਰ ਦਿੱਤੀ ਹੈ। ਇਸ ਦੇ ਚਲਦਿਆਂ ਹੀ ਅੱਜ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੋਣ ਰਣਨੀਤੀ ਤਿਆਰ ਕਰਨ ਲਈ ਮੀਟਿੰਗ ਕੀਤੀ ਗਈ। ਅੱਜ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਸੰਗਰੂਰ ਲੋਕ ਸਭਾ ਹਲਕੇ ਲਈ ਰਣਨੀਤੀ ਬਣਾਈ ਗਈ। ਮੀਟਿੰਗ ਵਿੱਚ ਕੈਬਨਿਟ ਮੰਤਰੀ ਅਤੇ ਪਾਰਟੀ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ, ਮੰਤਰੀ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਜ਼ਿਲ੍ਹੇ ਦੇ ਨੌਂ ਵਿਧਾਨ ਸਭਾ ਹਲਕਿਆਂ ਦੇ ਵਿਧਾਇਕ ਹਾਜ਼ਰ ਸਨ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਰਾ ਕੁਝ ਸਪੱਸ਼ਟ ਕੀਤਾ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਪਾਰਟੀ ਵੱਲੋਂ ਪਿਛਲੇ ਦੋ ਸਾਲਾਂ ਵਿੱਚ ਜੋ ਵੀ ਕੰਮ ਕੀਤਾ ਗਿਆ ਹੈ, ਉਸ ਨੂੰ ਆਮ ਲੋਕਾਂ ਵਿੱਚ ਲਿਜਾਇਆ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਨੇ ਕਈ ਗਾਰੰਟੀਆਂ ਪੂਰੀਆਂ ਕੀਤੀਆਂ ਹਨ। ਇਸ ਦੇ ਨਾਲ ਹੀ ਜੋ ਕੰਮ 70 ਸਾਲਾਂ ‘ਚ ਨਹੀਂ ਹੋਏ, ਉਨ੍ਹਾਂ ਦੀ ਪਾਰਟੀ ਨੇ 2 ਸਾਲਾਂ ‘ਚ ਪੂਰਾ ਕਰ ਦਿੱਤਾ ਹੈ। ਸਾਨੂੰ ਭਰੋਸਾ ਹੈ ਕਿ ਪਾਰਟੀ 13-0 ਨਾਲ ਚੋਣਾਂ ਜਿੱਤੇਗੀ।