ਚੰਡੀਗੜ੍ਹ, 16 ਸਤੰਬਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ(ਸ਼ਨੀਵਾਰ) ਨੂੰ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਇਸ ਦਿਨ ਡੇਢ ਲੱਖ ਤੋਂ ਵੱਧ ਸ਼ਰਧਾਲੂਆਂ ਦੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਦੀ ਸੰਭਾਵਨਾ ਹੈ। ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੇ 1604 ਵਿੱਚ ਦਰਬਾਰ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਹਰ ਸਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਸਿੱਖ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਉਹਨਾਂ ਨੇ ਟਵੀਟ ਕਰਦਿਆਂ ਲਿਖਿਆ ” ਜਾਗਦੀ ਜੋਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ…ਪਵਿੱਤਰ ਗੁਰਬਾਣੀ ਦਾ ਵਡਮੁੱਲਾ ਖ਼ਜ਼ਾਨਾ ਜੋ ਕੁਦਰਤ ਦੇ ਵੱਖ ਵੱਖ ਰੰਗਾਂ ਬਾਰੇ ਚਾਨਣਾ ਪਾਉਂਦੇ ਨੇ…ਦੁੱਖਾਂ ਸੁੱਖਾਂ ‘ਚ ਸਾਡਾ ਸਹਾਰਾ ਬਣਦੇ ਨੇ… ਗੁਰੂ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅਰਦਾਸ ਕਰਦਾ ਹਾਂ…ਪੰਜਾਬ ਤੇ ਪੰਜਾਬੀ ਚੜ੍ਹਦੀਕਲਾ ‘ਚ ਰਹਿਣ..ਪੰਜਾਬ ਹੱਸਦਾ ਵੱਸਦਾ ਰਹੇ…ਸਮੂਹ ਸਿੱਖ ਸੰਗਤਾਂ ਨੂੰ ਗੁਰੂ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਬਹੁਤ ਬਹੁਤ ਵਧਾਈਆਂ…”