
ਚੰਡੀਗੜ੍ਹ, 01 ਮਾਰਚ 2025 : ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਆਪਣੇ ਦੋ ਦਿਨਾਂ ਦੌਰੇ 'ਤੇ ਹਨ। ਅੱਜ ਉਨ੍ਹਾਂ ਚੰਡੀਗੜ੍ਹ ਵਿੱਚ ਸੀਨੀਅਰ ਆਗੂਆਂ ਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੁਲਾਕਾਤ ਕੀਤੀ ਹੈ । ਜਿਸ ਵਿੱਚ ਕਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਗਈ। ਉਹ ਅੱਜ ਸ਼ਾਮ ਨੂੰ ਦਿੱਲੀ ਲਈ ਰਵਾਨਾ ਹੋਣਗੇ। ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੀਐਲਪੀ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਪੰਜਾਬ ਦਫ਼ਤਰ ਵਿਖੇ ਭੁਪੇਸ਼ ਬਘੇਲ ਦਾ ਸਵਾਗਤ ਕੀਤਾ। ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨੇ ਕਾਂਗਰਸ ਭਵਨ ਵਿਖੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਅਤੇ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਮੌਕੇ ਕੋ-ਇੰਚਾਰਜ ਅਲੋਕ ਸ਼ਰਮਾ ਅਤੇ ਰਵਿੰਦਰ ਉੱਤਮ ਰਾਓ ਡਾਲਵੀ ਵੀ ਮੌਜੂਦ ਸਨ। ਮੀਟਿੰਗ ਵਿੱਚ ਬਘੇਲ ਨੇ ਸਮੂਹ ਕਾਂਗਰਸੀ ਆਗੂਆਂ ਨੂੰ 2027 ਦੀ ਜਿੱਤ ਲਈ ਇੱਕਜੁੱਟ ਹੋਣ ਦੀ ਅਪੀਲ ਕੀਤੀ। ਭੁਪੇਸ਼ ਬਘੇਲ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਮੁੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਜਿਸ ਵਿੱਚ ਇਹ ਤੈਅ ਕੀਤਾ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਕਿਸ ਤਰ੍ਹਾਂ ਲੋਕਾਂ ਵਿੱਚ ਪਹੁੰਚੇਗੀ। ਇਸ ਦੌਰਾਨ ਆਲ ਇੰਡੀਆ ਕਾਂਗਰਸ ਦੇ ਹੁਕਮਾਂ ਨੂੰ ਲਾਗੂ ਕਰਨ ਦੀ ਰਣਨੀਤੀ ਵੀ ਬਣਾਈ ਗਈ।ਇਸ ਤੋਂ ਇਲਾਵਾ ਪ੍ਰਦੇਸ਼ ਕਾਂਗਰਸ ਤੋਂ ਲੈ ਕੇ ਬੂਥ ਪੱਧਰ ਤੱਕ ਨਵੀਆਂ ਕਮੇਟੀਆਂ ਬਣਾਉਣ ਅਤੇ ਸਹਿਯੋਗੀ ਸੰਗਠਨਾਂ ਨੂੰ ਇੱਕ ਸਾਲ ਵਿੱਚ ਮਜ਼ਬੂਤ ਕਰਨ ਦੀ ਰਣਨੀਤੀ ਬਣਾਈ ਗਈ ਹੈ। ਆਉਣ ਵਾਲੀਆਂ ਮੀਟਿੰਗਾਂ ਵਿੱਚ ਸੂਬੇ ਦੇ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ, ਜਿਸ ਵਿੱਚ ਲੋਕਾਂ ਤੱਕ ਪਹੁੰਚ ਕਰਨ ਅਤੇ ਜਨ ਸਮਰਥਨ ਵਧਾਉਣ ਦੇ ਤਰੀਕਿਆਂ 'ਤੇ ਵਿਚਾਰ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਪਾਰਟੀ ਦੀ ਆਉਣ ਵਾਲੀ ਰਣਨੀਤੀ ਸੰਗਠਨ ਵਿੱਚ ਸੁਧਾਰ ਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਾਰ ਦੀ ਸਮੀਖਿਆ ਕੀਤੀ ਜਾ ਰਹੀ ਹੈ। ਇਸ ਵਾਰ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿੱਚ ਕੋਈ ਕਸਰ ਨਹੀਂ ਛੱਡਣਾ ਚਾਹੁੰਦੀ, ਇਸ ਲਈ ਬਘੇਲ ਦੀ ਇਸ ਫੇਰੀ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਮੀਟਿੰਗ ਤੋਂ ਬਾਅਦ ਉਹ ਸ਼ਾਮ 7.30 ਵਜੇ ਦਿੱਲੀ ਲਈ ਰਵਾਨਾ ਹੋਣਗੇ।