- - ਮੁੱਖ ਮੰਤਰੀ ਨੇ ਨਵੇਂ ਮੰਤਰੀ ਨੂੰ ਵਧਾਈ ਦਿੱਤੀ
- - ਆਸ ਪ੍ਰਗਟਾਈ ਕਿ ਸਿਹਤ ਵਿਭਾਗ ਡਾ. ਬਲਬੀਰ ਦੀ ਅਗਵਾਈ ਹੇਠ ਸਫ਼ਲਤਾ ਦੀ ਨਵੀਂ ਇਬਾਰਤ ਲਿਖੇਗਾ
ਚੰਡੀਗੜ੍ਹ, 7 ਜਨਵਰੀ : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਦੀ ਮੌਜੂਦਗੀ ਵਿੱਚ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਡਾ. ਬਲਬੀਰ ਸਿੰਘ ਨੂੰ ਕੈਬਨਿਟ ਮੰਤਰੀ ਵਜੋਂ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਮੁੱਖ ਮੰਤਰੀ ਸਮੇਤ ਮੰਤਰੀ ਮੰਡਲ ਵਿੱਚ ਸ਼ਾਮਲ ਮੰਤਰੀਆਂ ਦੀ ਕੁੱਲ ਗਿਣਤੀ 15 ਹੋ ਗਈ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ ਨੇ ਰਾਜਪਾਲ ਦੀ ਆਗਿਆ ਨਾਲ ਸਮਾਗਮ ਦੀ ਕਾਰਵਾਈ ਚਲਾਈ। ਸਹੁੰ ਚੁੱਕਣ ਤੋਂ ਬਾਅਦ ਡਾ. ਬਲਬੀਰ ਨੇ ਸਹੁੰ 'ਤੇ ਦਸਤਖ਼ਤ ਕੀਤੇ, ਜਿਸ 'ਤੇ ਰਾਜਪਾਲ ਨੇ ਵੀ ਹਸਤਾਖਰ ਕੀਤੇ। ਇਸ ਦੌਰਾਨ ਮੁੱਖ ਮੰਤਰੀ ਨੇ ਡਾ. ਬਲਬੀਰ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਨਵੇਂ ਮੰਤਰੀ ਬਣੇ ਡਾ. ਬਲਬੀਰ ਪਹਿਲਾਂ ਹੀ ਨਿਰਸਵਾਰਥ ਜਨਤਾ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਡਾ. ਬਲਬੀਰ ਇਸੇ ਲਗਨ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਿਹਤ ਵਿਭਾਗ ਨੂੰ ਪਹਿਲਾਂ ਹੀ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਅਤੇ ਡਾ. ਬਲਬੀਰ ਵਰਗਾ ਮਿਹਨਤੀ ਤੇ ਪੇਸ਼ੇਵਰ ਇਨਸਾਨ ਵਿਭਾਗ ਨੂੰ ਹੋਰ ਬੁਲੰਦੀਆਂ 'ਤੇ ਲੈ ਕੇ ਜਾਵੇਗਾ।