ਚੰਡੀਗੜ੍ਹ, 27 ਅਪ੍ਰੈਲ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਕਟੌਤੀ ਦੇ ਮਾਮਲੇ ਵਿਚ ਅੱਜ ਹਾਈਕੋਰਟ ਵਿਚ ਸੁਣਵਾਈ ਹੋਈ। ਸਿੱਧੂ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦਾ ਹਵਾਲਾ ਦਿੰਦੇ ਹੋਏ ਜ਼ੈੱਡ ਪਲੱਸ ਸੁਰੱਖਿਆ ਦੀ ਮੰਗ ਕੀਤੀ ਹੈ। ਇਸ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 5 ਮਈ ਲਈ ਨੋਟਿਸ ਜਾਰੀ ਕੀਤਾ ਹੈ। ਸਿੱਧੂ ਵੱਲੋਂ ਦਾਇਰ ਪਟੀਸ਼ਨ ਵਿਚ ਜਾਨ ਨੂੰ ਖਤਰਾ ਦੱਸਿਆਂ ਸੁਰੱਖਿਆ ਵਾਈ ਤੋਂ ਜ਼ੈੱਡ ਪਲੱਸ ਕਰਨ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਸਿੱਧੂ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਨਵਜੋਤ ਸਿੱਧੂ ਦੀ ਸੁਰੱਖਿਆ ਵਿਚ ਲਗਾਏ ਗਏ ਪੁਲਿਸ ਕਰਮਚਾਰੀ ਸੇਵਾਮੁਕਤੀ ਦੇ ਨੇੜੇ ਹਨ। ਵਕੀਲ ਨੇ ਕਿਹਾ ਕਿ ਅਸੀਂ ਪਟੀਸ਼ਨ 'ਚ ਲਾਰੈਂਸ ਬਿਸ਼ਨੋਈ ਦਾ ਵੀ ਜ਼ਿਕਰ ਕੀਤਾ ਹੈ। ਬਿਸ਼ਨੋਈ ਨੇ ਇਕ ਇੰਟਰਵਿਊ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਨਵਜੋਤ ਸਿੱਧੂ ਦਾ ਨਾਂ ਲਿਆ ਸੀ। ਸਰਕਾਰ ਨੇ ਰਾਜਾ ਵੜਿੰਗ ਦੀ ਸੁਰੱਖਿਆ ਵਧਾ ਦਿੱਤੀ ਹੈ ਜਦਕਿ ਸਿੱਧੂ ਦੀ ਸੁਰੱਖਿਆ ਨਹੀਂ ਵਧਾਈ। ਨਵਜੋਤ ਸਿੰਘ ਸਿੱਧੂ ਨੇ ਅਦਾਲਤ ਵਿਚ ਆਪਣਾ ਪੱਖ ਰੱਖਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਹੀ ਕਾਰਨ ਹੈ ਕਿ ਕੇਂਦਰ ਨੇ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਸੀ। ਜ਼ਿਕਰਯੋਗ ਹੈ ਕਿ ਰੋਡ ਰੇਜ ਮਾਮਲੇ 'ਚ ਜੇਲ ਜਾਣ 'ਤੇ ਸਿੱਧੂ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ ਪਰ ਇਸ ਦੌਰਾਨ ਉਨ੍ਹਾਂ ਨੂੰ ਜੇਲ ਤੋਂ ਬਾਹਰ ਆਉਣ 'ਤੇ ਸੁਰੱਖਿਆ ਦੇਣ ਦੀ ਗੱਲ ਕਹੀ ਗਈ ਸੀ।