
ਚੰਡੀਗੜ੍ਹ, 26 ਅਪ੍ਰੈਲ 2025 : ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਾਲੇ ਵਧੀ ਕੁੜੱਤਣ ਦਾ ਅਸਰ ਕਰਤਾਰਪੁਰ ਲਾਂਘੇ ਤੇ ਪਿਆ ਹੈ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਵਿੱਚ ਕਰਤਾਰਪੁਰ ਲਾਂਘਾ ਖੁੱਲ੍ਹਾ ਹੈ, ਪਰ ਉਧਰ ਜਾਣ ਵਾਲੇ ਸ਼ਰਧਾਲੂਆਂ ਵਿੱਚ ਦੀ ਗਿਣਤੀ ’ਚ ਕਾਫੀ ਗਿਰਾਵਟ ਆਈ ਹੈ। ਜਾਣਕਾਰੀ ਅਨੁਸਾਰ ਸਰਕਾਰ ਨੇ 450 ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਜਾਣ ਦੀ ਪ੍ਰਵਾਨਗੀ ਦਿੱਤੀ ਸੀ ਪਰ ਇਨ੍ਹਾਂ ’ਚੋਂ ਸਿਰਫ 308 ਸ਼ਰਧਾਲੂ ਹੀ ਨਤਮਸਤਕ ਹੋਣ ਲਈ ਗੁਰਦੁਆਰਾ ਸਾਹਿਬ ਗਏ। ਗੌਰਤਲਬ ਹੈ ਕਿ 22 ਅਪ੍ਰੈਲ ਦੀ ਦੁਪਹਿਰ ਨੂੰ ਪਹਿਲਗਾਮ ਦੀ ਬੈਸਰਨ ਘਾਟੀ ਵਿੱਚ ਅੱਤਵਾਦੀਆਂ ਨੇ 26 ਸੈਲਾਨੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਬੈਸਰਨ ਘਾਟੀ ਵਿੱਚ ਵੱਡੀ ਗਿਣਤੀ ਵਿੱਚ ਸੈਲਾਨੀ ਮੌਜੂਦ ਸਨ। ਮ੍ਰਿਤਕਾਂ ਵਿੱਚ ਯੂਪੀ, ਗੁਜਰਾਤ, ਮੱਧ ਪ੍ਰਦੇਸ਼, ਮਹਾਰਾਸ਼ਟਰ, ਕਰਨਾਟਕ, ਤਾਮਿਲਨਾਡੂ ਅਤੇ ਓਡੀਸ਼ਾ ਦੇ ਸੈਲਾਨੀ ਸ਼ਾਮਲ ਹਨ। ਨੇਪਾਲ ਅਤੇ ਯੂਏਈ ਦੇ ਇੱਕ-ਇੱਕ ਸੈਲਾਨੀ ਅਤੇ ਦੋ ਸਥਾਨਕ ਲੋਕਾਂ ਦੀ ਵੀ ਮੌਤ ਹੋ ਗਈ। ਪਹਿਲਗਾਮ ਵਿੱਚ ਹੋਏ ਇਸ ਦਹਿਸ਼ਤੀ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਖ਼ਿਲਾਫ਼ ਕਾਰਵਾਈ ਕਰਦਿਆਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਹਨ ਅਤੇ ਲੋਕਾਂ ਨੂੰ ਡਰ ਹੈ ਕਿ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਵੀ ਅਸਥਾਈ ਤੌਰ ’ਤੇ ਬੰਦ ਕੀਤਾ ਜਾ ਸਕਦਾ ਹੈ। ਸ਼ਰਧਾਲੂਆਂ ਨੇ ਸਰਕਾਰ ਤੋਂ ਕਰਤਾਰਪੁਰ ਲਾਂਘਾ ਖੁੱਲ੍ਹਾ ਰਹਿਣ ਦੇਣ ਦੀ ਮੰਗ ਕੀਤੀ ਹੈ। ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਇੱਕ ਸ਼ਰਧਾਲੂ ਨੇ ਕਿਹਾ ਕਿ ਲਾਂਘਾ ਸ਼ਰਧਾਲੂਆਂ ਲਈ ਖੁੱਲ੍ਹਾ ਰਹਿਣਾ ਚਾਹੀਦਾ ਹੈ। ਇੱਕ ਮਹਿਲਾ ਸ਼ਰਧਾਲੂ ਨੇ ਵੀ ਲਾਂਘਾ ਖੁੱਲ੍ਹਾ ਰੱਖਣ ਦੀ ਹਮਾਇਤ ਕੀਤੀ। ਉਨ੍ਹਾਂ ਪਹਿਲਗਾਮ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਹੈ। ਕਰਤਾਰਪੁਰ ਲਾਂਘੇ ਦੇ ਅਧਿਕਾਰੀ ਨੇ ਦੱਸਿਆ ਕਿ ਸ਼ਰਧਾਲੂ ਇਜਾਜ਼ਤ ਲੈਣ ਮਗਰੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਦੇ ਹਨ।