ਚੰਡੀਗੜ੍ਹ, 15 ਮਾਰਚ : ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਵੱਲੋਂ ਉਹਨਾਂ ਨੂੰ ਵੂਮੈਨ ਕਮਿਸ਼ਨ ਦੇ ਚੇਅਰਪ੍ਰਸਨ ਦੇ ਅਹੁਦੇ ਤੋਂ ਹਟਾਉਣ ਦੇ ਫੈਸਲੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਸ ਪਟੀਸ਼ਨ 'ਤੇ ਬੁੱਧਵਾਰ ਨੂੰ ਜਸਟਿਸ ਅਨਿਲ ਖੇਤਰਪਾਲ ਦੀ ਬੈਂਚ ਨੇ ਸੁਣਵਾਈ ਕੀਤੀ ਪਰ ਸੁਣਵਾਈ ਵੀਰਵਾਰ ਤੱਕ ਟਾਲ ਦਿੱਤੀ ਗਈ। ਇਸ ਤੋਂ ਪਹਿਲਾਂ ਗੁਲਾਟੀ ਨੂੰ ਪੰਜਾਬ ਸਰਕਾਰ ਨੇ 31 ਜਨਵਰੀ, 2023 ਨੂੰ ਹਟਾ ਦਿੱਤਾ ਗਿਆ ਸੀ, ਪਰ ਬਾਅਦ ਵਿੱਚ ਹੁਕਮ ਵਾਪਸ ਲੈ ਲਿਆ ਗਿਆ ਸੀ। ਹਾਲਾਂਕਿ, 7 ਮਾਰਚ ਨੂੰ ਜਾਰੀ ਕੀਤੇ ਤਾਜ਼ਾ ਆਦੇਸ਼ ਵਿੱਚ, ਸਰਕਾਰ ਨੇ ਉਸ ਦੇ ਕੇਸ ਵਿੱਚ ਕਾਰਜਕਾਲ ਦੇ ਵਾਧੇ ਨੂੰ ਵਾਪਸ ਲੈਣ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ।