ਚੰਡੀਗੜ੍ਹ : ਪੰਜਾਬ 'ਚ ਭਾਜਪਾ ਨੇ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਅਮਨਜੋਤ ਕੌਰ ਰਾਮੂਵਾਲੀਆ,ਗੁਰਮੀਤ ਸਿੰਘ ਰਾਣਾ ਸੋਢੀ, ਮਨੋਰੰਜਨ ਕਾਲੀਆ ਤੇ ਜੈਵੀਰ ਸ਼ੇਰਗਿਲ ਨੂੰ ਭਾਜਪਾ ਦੀ ਕੌਮੀ ਕਾਰਜਕਾਰਨੀ 'ਚ ਸ਼ਾਮਲ ਕੀਤਾ ਹੈ। ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਅੱਜ ਵੱਡੇ ਪੱਧਰ ਉਤੇ ਅਹੁਦੇਦਾਰਾਂ ਦਾ ਐਲਾਨ ਕੀਤਾ। ਪਾਰਟੀ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਇਹ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਭਾਜਪਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ ਨੂੰ ਕੌਮੀ ਕਾਰਜਕਾਰਨੀ ਦਾ ਮੈਂਬਰ ਥਾਪਿਆ ਹੈ। ਇਸ ਦੇ ਨਾਲ ਹੀ ਜੈਵੀਰ ਸ਼ੇਰਗਿੱਲ ਨੂੰ ਕੌਮੀ ਬੁਲਾਰੇ ਦੀ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਕਾਬਿਲੇਗੌਰ ਹੈ ਕਿ ਕਾਂਗਰਸੀ ਆਗੂ ਜੈਵੀਰ ਸ਼ੇਰਗਿੱਲ ਨੇ ਕਾਂਗਰਸ ਪਾਰਟੀ ਦੇ ਕੌਮੀ ਬੁਲਾਰੇ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜੇ ਗਏ ਆਪਣੇ ਅਸਤੀਫ਼ੇ 'ਚ ਸ਼ੇਰਗਿੱਲ ਨੇ ਕਈ ਸਵਾਲ ਵੀ ਖੜ੍ਹੇ ਕੀਤੇ ਸਨ ਅਤੇ ਗੰਭੀਰ ਦੋਸ਼ ਲਗਾਏ ਸਨ। ਪਾਰਟੀ ਨੇ ਭਾਜਪਾ ਦੀ ਉੱਤਰਾਖੰਡ ਇਕਾਈ ਦੇ ਸਾਬਕਾ ਪ੍ਰਧਾਨ ਮਦਨ ਕੌਸ਼ਿਕ, ਪਾਰਟੀ ਦੀ ਛੱਤੀਸਗੜ੍ਹ ਇਕਾਈ ਦੇ ਸਾਬਕਾ ਪ੍ਰਧਾਨ ਵਿਸ਼ਨੂੰਦੇਵ ਸਾਈਂ ਅਤੇ ਭਾਜਪਾ ਦੀ ਪੰਜਾਬ ਇਕਾਈ ਦੇ ਸਾਬਕਾ ਪ੍ਰਧਾਨ ਮਨੋਰੰਜਨ ਕਾਲੀਆ ਨੂੰ ਰਾਸ਼ਟਰੀ ਕਾਰਜਕਾਰਨੀ ਕਮੇਟੀ ਦਾ ਵਿਸ਼ੇਸ਼ ਸੱਦਾ ਦਿੱਤਾ ਹੈ।