ਚੰਡੀਗੜ੍ਹ, 25 ਜੁਲਾਈ 2024 : ਪੰਜਾਬ ਦੀਆਂ 42 ਨਗਰ ਕੌਂਸਲਾਂ ਦੀਆਂ ਚੋਣਾਂ ਵਿਚ ਦੇਰੀ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਹੁੰਚ ਗਿਆ ਹੈ। ਇਸ ਸੰਬੰਧੀ ਅੱਜ ਹਾਈ ਕੋਰਟ ਵਿਚ ਸੁਣਵਾਈ ਹੋਵੇਗੀ, ਜਿਸ ਵਿਚ ਪੰਜਾਬ ਸਰਕਾਰ ਆਪਣਾ ਪੱਖ ਪੇਸ਼ ਕਰੇਗੀ। ਪਿਛਲੀ ਸੁਣਵਾਈ ’ਤੇ ਅਦਾਲਤ ਨੇ ਇਸ ਸੰਬੰਧ ’ਚ ਸਰਕਾਰ ਤੋਂ ਜਵਾਬ ਮੰਗਿਆ ਸੀ। ਇਸ ਮਾਮਲੇ ਵਿਚ ਮਲੇਰਕੋਟਲਾ ਵਾਸੀ ਬੇਅੰਤ ਸਿੰਘ ਵਲੋਂ ਅਦਾਲਤ ਵਿਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਜਨਹਿੱਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਕਿ ਵਾਰਡਬੰਦੀ ਸਬੰਧੀ ਕੁਝ ਮਾਮਲੇ ਸੁਪਰੀਮ ਕੋਰਟ 'ਚ ਵਿਚਾਰ ਅਧੀਨ ਹਨ, ਇਸ ਲਈ ਉਨ੍ਹਾਂ ਕੋਲ ਇਸ 'ਚ ਆਪਣਾ ਜਵਾਬ ਦਾਇਰ ਕਰਨ ਲਈ ਚਾਰ ਹਫ਼ਤਿਆਂ ਦਾ ਸਮਾਂ ਹੈ। ਸਰਕਾਰ ਦੀ ਇਸ ਮੰਗ 'ਤੇ ਹਾਈਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਵਿਕਾਸ ਸੂਰੀ 'ਤੇ ਆਧਾਰਿਤ ਬੈਂਚ ਨੇ ਸਰਕਾਰ ਨੂੰ ਇਸ ਮਾਮਲੇ 'ਚ 5 ਅਗਸਤ ਤੱਕ ਆਪਣਾ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ’ਚ ਮਲੇਰਕੋਟਲਾ ਵਾਸੀ ਬੇਅੰਤ ਸਿੰਘ ਨੇ ਦਾਇਰ ਜਨਹਿਤ ਪਟੀਸ਼ਨ ਵਿਚ ਹਾਈਕੋਰਟ ਵਿਚ ਦੱਸਿਆ ਕਿ ਪੰਜਾਬ ਦੀਆਂ 42 ਨਗਰ ਕੌਂਸਲਾਂ ਦਾ ਕਾਰਜਕਾਲ ਕਈ ਮਹੀਨੇ ਪਹਿਲਾਂ ਖ਼ਤਮ ਹੋ ਗਿਆ ਸੀ, ਜਿਨ੍ਹਾਂ ’ਚੋਂ ਕਈਆਂ ਦਾ ਕਾਰਜਕਾਲ ਖ਼ਤਮ ਹੋਏ ਦੋ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ, ਜਿਸ ਕਾਰਨ ਸਾਰੇ ਵਿਕਾਸ ਕਾਰਜ ਠੱਪ ਪਏ ਹਨ, ਇਸ ਲਈ ਇਨ੍ਹਾਂ ਸਾਰੇ ਖੇਤਰਾਂ ’ਚ ਜਲਦੀ ਤੋਂ ਜਲਦੀ ਚੋਣਾਂ ਕਰਵਾਉਣ ਦੀ ਹਾਈਕੋਰਟ ਤੋਂ ਮੰਗ ਕੀਤੀ ਗਈ ਹੈ। ਪਟੀਸ਼ਨ ਮੁਤਾਬਕ ਸੂਬੇ ਦੀਆਂ ਜ਼ਿਆਦਾਤਰ ਨਗਰ ਕੌਂਸਲਾਂ ਦਾ ਕਾਰਜਕਾਲ ਦਸੰਬਰ 2022 ’ਚ ਖ਼ਤਮ ਹੋ ਗਿਆ ਹੈ। ਪਰ ਅਜੇ ਤੱਕ ਚੋਣਾਂ ਨਹੀਂ ਕਰਵਾਈਆਂ ਗਈਆਂ। ਅਦਾਲਤ ਨੂੰ ਦੱਸਿਆ ਗਿਆ ਕਿ 1 ਅਗਸਤ 2023 ਨੂੰ ਸਥਾਨਕ ਸਰਕਾਰਾਂ ਵਿਭਾਗ ਨੇ ਨਗਰ ਕੌਂਸਲ ਚੋਣਾਂ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਜੋ ਕਿ 1 ਨਵੰਬਰ 2023 ਨੂੰ ਹੋਣੀਆਂ ਸਨ। ਪਰ ਅੱਜ ਤੱਕ ਚੋਣਾਂ ਨਹੀਂ ਕਰਵਾਈਆਂ ਗਈਆਂ। ਪਟੀਸ਼ਨ ਮੁਤਾਬਕ ਉਨ੍ਹਾਂ ਨੇ 5 ਜੁਲਾਈ ਨੂੰ ਸਰਕਾਰ ਨੂੰ ਚੋਣਾਂ ਕਰਵਾਉਣ ਲਈ ਕਾਨੂੰਨੀ ਨੋਟਿਸ ਭੇਜਿਆ ਸੀ ਪਰ ਅਜੇ ਤੱਕ ਉਨ੍ਹਾਂ ਨੂੰ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਮਿਲਿਆ। ਇਸ ਲਈ ਹੁਣ ਉਹ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਕੇ ਸਰਕਾਰ ਨੂੰ ਚੋਣਾਂ ਕਰਵਾਉਣ ਲਈ ਹਦਾਇਤਾਂ ਦੀ ਮੰਗ ਕਰਨ ਲਈ ਮਜ਼ਬੂਰ ਹੈ। ਉਨ੍ਹਾਂ ਦੱਸਿਆ ਕਿ ਸੰਵਿਧਾਨ ਅਨੁਸਾਰ ਨਗਰ ਕੌਂਸਲ ਚੋਣਾਂ ਆਪਣੇ ਕਾਰਜਕਾਲ ਦੀ ਸਮਾਪਤੀ ਤੋਂ ਪਹਿਲਾਂ ਕਰਵਾਉਣੀਆਂ ਜ਼ਰੂਰੀ ਹਨ ਪਰ ਸਰਕਾਰ ਨੇ ਅਜੇ ਤੱਕ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ।