ਚੰਡੀਗੜ੍ਹ, 9 ਜਨਵਰੀ : ਮੌਸਮ ਵਿਭਾਗ ਵੱਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸ਼ੀਤ ਲਹਿਰ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਵੈਸਟਰਨ ਡਿਸਟਰਬੈਂਸ ਕਾਰਨ ਤਿੰਨਾਂ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਹਿਮਾਚਲ ‘ਚ ਬਰਫਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਰਿਆਣਾ ਅਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਸਾਹਿਬ, ਬਠਿੰਡਾ, ਫਾਜ਼ਿਲਕਾ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ‘ਚ ਅੱਜ 25 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ। ਹਰਿਆਣਾ ਦੇ ਪੰਚਕੂਲਾ, ਅੰਬਾਲਾ, ਯਮੁਨਾਨਗਰ, ਭਿਵਾਨੀ, ਚਰਖੀ ਦਾਦਰੀ, ਝੱਜਰ, ਮਹਿੰਦਰਗੜ੍ਹ, ਰੇਵਾੜੀ, ਗੁਰੂਗ੍ਰਾਮ, ਨੂਹ, ਫਰੀਦਾਬਾਦ ਅਤੇ ਪਲਵਲ ਵਿੱਚ ਵੀ ਮੀਂਹ ਦੀ 25 ਫੀਸਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਿਮਾਚਲ ਦੇ ਸ਼ਿਮਲਾ, ਚੰਬਾ, ਕਿਨੌਰ, ਲਾਹੌਲ-ਸਪੀਤੀ ਵਿੱਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਪੂਰੇ ਸੂਬੇ ਵਿੱਚ ਧੁੰਦ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ।