ਚੰਡੀਗੜ੍ਹ, 28 ਫਰਵਰੀ : ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਬਟਾਲਾ ਦੇ ਵਿਕਾਸ ਕਾਰਜਾਂ ਲਈ ਆਪਣੇ ਅਖਤਿਆਰੀ ਫੰਡ ਵਿੱਚੋਂ ਊਰਜਾ ਤੇ ਲੋਕ ਨਿਰਮਾਣ ਵਿਭਾਗ ਮੰਤਰੀ ਹਰਭਜਨ ਸਿੰਘ ਈਟੀਓ ਵਲੋਂ 10 ਲੱਖ ਰੁਪਏ ਦੀ ਗਰਾਂਟ ਜਾਰੀ ਕਰ ਦਿੱਤੀ ਗਈ ਹੈ। ਅੱਜ ਉਨਾਂ ਵਲੋਂ ਚੰਡੀਗੜ੍ਹ ਵਿਖੇ ਬਟਾਲਾ ਵਿਧਾਨ ਸਭਾ ਹਲਕਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਗਰਾਂਟ ਜਾਰੀ ਕੀਤੇ ਜਾਣ ਦਾ ਪੱਤਰ ਸੌਂਪਿਆ। ਇਸ ਮੌਕੇ ਕੈਬਨਟ ਮੰਤਰੀ ਸ. ਹਰਭਜਨ ਸਿੰਘ ਦਾ ਧੰਨਵਾਦ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪਿਛਲੇ ਮਹੀਨੇ 25 ਜਨਵਰੀ ਨੂੰ ਸ਼ਿਵ ਕੁਮਾਰ ਬਟਾਲਵੀ ਦੀ ਯਾਦ ਵਿੱਚ ਪਹਿਲਾ ਜ਼ਿਲ੍ਹਾ ਪੱਧਰੀ ਕਵੀ ਸੰਮੇਲਨ ਕਰਵਾਇਆ ਗਿਆ ਸੀ. ਉਸ ਸਮਾਗਮ ਵਿੱਚ ਸ. ਹਰਭਜਨ ਸਿੰਘ ਕੈਬਨਿਟ ਮੰਤਰੀ ਪੰਜਾਬ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ ਸੀ ਅਤੇ ਉਨਾਂ ਨੇ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਦੇ ਵਿਕਾਸ ਕੰਮਾਂ ਲਈ ਆਪਣੇ ਅਖਿਤਿਆਰੀ ਫੰਡ ਵਿੱਚ 10 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਸੀ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਮਹਿਜ 1 ਮਹਿਨੇ ਵਿੱਚ ਹੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਵਲੋਂ ਆਪਣਾ ਵਾਅਦਾ ਪੂਰਾ ਕੀਤਾ ਗਿਆ ਹੈ, ਜਿਸ ਲਈ ਉਹ ਕੈਬਨਿਟ ਮੰਤਰੀ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਨ। ਜ਼ਿਕਰਯੋਗ ਹੈ ਕਿ 25 ਜਨਵਰੀ 2023 ਨੂੰ ਹਲਕਾ ਵਿਧਾਇਕ ਸ਼ੈਰੀ ਕਲਸੀ ਅਤੇ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਪਹਿਲਕਦਮੀ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਹਾਨ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੀ ਯਾਦ ਵਿੱਚ ਬਣਾਏ ਗਏ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਪਹਿਲਾ ਜ਼ਿਲਾ ਪੱਧਰੀ ਸਮਾਗਮ ਕਰਵਾਇਆ ਗਿਆ ਸੀ ਅਤੇ ਇਸ ਵਿੱਚ ਪ੍ਰਸਿੱਧ ਕਵੀਆਂ ਤੋਂ ਇਲਾਵਾ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵਲੋਂ ਵੀ ਹਿੱਸਾ ਲਿਆ ਗਿਆ ਸੀ ਤੇ ਜਿਲਾ ਪ੍ਰਸ਼ਾਸਨ ਵਲੋਂ ਕਵੀਆਂ ਨੂੰ ਸਨਮਾਨਿਤ ਕਰਨ ਦੇ ਨਾਲ ਵਿਦਿਆਰਥੀਆਂ ਨੂੰ ਨਗਦ ਇਨਾਮ ਸਮੇਤ ਪ੍ਰਸੰਸਾ ਪੱਤਰ ਦੇ ਕੇ ਨਿਵਾਜਿਆ ਗਿਆ ਸੀ।