ਚੰਡੀਗੜ੍ਹ 8 ਫਰਵਰੀ : ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲੈ ਕੇ ਪਿਛਲੇ ਇੱਕ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਕੌਮੀ ਇਨਾਸਾਫ ਮੋਰਚੇ ਵੱਲੋਂ ਮੋਹਾਲੀ ਵਿਖੇ ਧਰਨਾ ਲਾਇਆ ਹੋਇਆ ਹੈ। ਬੀਤੇ ਤਿੰਨ ਦਿਨਾਂ ਤੋਂ ਮੋਰਚੇ ਵੱਲੋਂ ਮੁੱਖ ਮੰਤਰੀ ਰਿਹਾਇਸ਼ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਤਹਿਤ ਅਜੇ ਵੀ 100 ਲੋਕਾਂ ਦੇ ਜਥੇ ਨੇ ਚੰਡੀਗੜ੍ਹ 'ਚ ਮੁੱਖ ਮੰਤਰੀ ਰਿਹਾਇਸ਼ ਵੱਲ ਜਾਣ ਦੀ ਕੋਸ਼ਿਸ਼ ਕੀਤੀ ਅਤੇ ਇਸ ਦੌਰਾਨ ਜ਼ਬਰਦਸਤ ਹੰਗਾਮਾਂ ਹੋਇਆ। ਪੁਲਿਸ ਵੱਲੋਂ ਇਹਨਾਂ ਪ੍ਰਦਰਸ਼ਕਾਰੀਆਂ ਨੂੰ ਰੋਕਣ ਲਈ ਵਾਟਰ ਕੈਨਨ ਦਾ ਇਸਤੇਮਾਲ ਕੀਤਾ ਗਿਆ। ਇਸ ਦੇ ਬਾਵਜੂਦ ਜਦੋਂ ਪ੍ਰਦਰਸ਼ਨਕਾਰੀਆਂ ਨੇ ਅੱਗੇ ਵੱਧਣ ਦੀ ਕੋਸ਼ਿਸ਼ ਕੀਤੀ ਤਾਂ ਉਹਨਾਂ ਦਾ ਪੁਲਿਸ ਨਾਲ ਟਕਰਾਅ ਹੋ ਗਿਆ। ਥੋੜ੍ਹੇ ਟਕਰਾਅ ਤੋਂ ਬਾਅਦ ਚੰਡੀਗੜ੍ਹ ਪੁਲਿਸ ਨਾਕਾ ਛੱਡ ਕੇ ਪਿੱਛੇ ਭੱਜ ਗਈ। ਮੁਜ਼ਾਹਰਾਕਾਰੀਆਂ ਦੀ ਅਗਵਾਈ ਕਿਰਪਾਨਾਂ ਨਾਲ ਲੈਸ ਨਹਿੰਗ ਸਿੰਘ ਕਰ ਰਹੇ ਸਨ। ਕੁਝ ਪੁਲਿਸ ਕਰਮੀਆਂ ਦੇ ਸੱਟਾਂ ਵੀ ਲੱਗੀਆਂ। ਦੂਜੇ ਪਾਸੇ ਪੁਲਿਸ ਵੱਲੋਂ ਵਾਟਰ ਕੈਨਨ ਅਤੇ ਪਥਰਾਅ ਕਰਨ ਤੋਂ ਬਾਅਦ ਗੁੱਸੇ ਵਿੱਚ ਆਏ ਮੁਜ਼ਾਹਰਾਕਾਰੀਆਂ ਨੇ ਪੁਲਿਸ ਦੀਆਂ ਗੱਡੀਆਂ ਦੇ ਸ਼ੀਸ਼ੇ ਭੰਨ ਦਿੱਤੇ ਅਤੇ ਇੱਕ ਵਾਰ ਨਾਕਾ ਤੋੜ ਕੇ ਅੱਗੇ ਵਧ ਗਏ। ਪਰ ਮੋਰਚੇ ਦੀ ਲੀਡਰਸ਼ਿਪ ਨੇ ਉਨ੍ਹਾਂ ਵਾਪਸ ਮੁੜਨ ਦੀ ਅਪੀਲ ਕੀਤੀ ਤਾਂ ਉਹ ਵਾਪਸ ਆ ਕੇ ਮੋਰਚੇ ਵਾਲੀ ਥਾਂ ‘ਤੇ ਪਰਤ ਆਏ ਹਨ।
ਪੁਲਿਸ ਪ੍ਰਸ਼ਾਸਨ ਵੱਲੋਂ ਜਥੇ ਉੱਤੇ ਹਮਲਾ ਕੀਤਾ ਗਿਆ : ਭਾਈ ਗੁਰਚਰਨ ਸਿੰਘ
ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾ ਰਹੇ ਕੌਮੀ ਇਨਸਾਫ ਮੋਰਚੇ ਦੇ ਜੱਥੇ ਨਾਲ ਪੁਲਿਸ ਦੀ ਹੋਈ ਝੜਪ ਤੋਂ ਬਾਅਦ ਕੌਮੀ ਇਨਸਾਫ ਮੋਰਚੇ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਕੌਮੀ ਇਨਸਾਫ ਮੋਰਚੇ ਨੇ ਪੁਲਿਸ ਉਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪੁਲਿਸ ਮੋਰਚੇ ਨੂੰ ਖਤਮ ਕਰਨਾ ਚਾਹੁੰਦੀ ਸੀ। ਇਸ ਮੌਕੇ ਭਾਈ ਗੁਰਚਰਨ ਸਿੰਘ ਦਾ ਕਹਿਣਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਇਹ ਧਰਨਾ ਲਗਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਮੋਰਚੇ ਦੇ ਫੈਸਲੇ ਮੁਤਾਬਕ 31 ਮੈਂਬਰਾਂ ਦੇ ਜਥੇ ਨੇ ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਵੱਲ ਰੋਸ ਪ੍ਰਦਰਸ਼ਨ ਕਰਨਾ ਸੀ ਉਨ੍ਹਾਂ ਨੇ ਕਿਹਾ ਹੈ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਜਥੇ ਉੱਤੇ ਹਮਲਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਘਟਨਾ ਤੋਂ ਪਹਿਲਾ ਜਾਂ ਮਗਰੋਂ ਕੋਈ ਕਾਰਵਾਈ ਨਹੀਂ ਹੋਈ। ਆਗੂਆਂ ਨੇ ਦੋਸ਼ ਲਗਾਇਆ ਕਿ ਜੱਥੇ ਵਿੱਚ ਬਜ਼ੁਰਗ ਸਨ ਜਿੰਨਾਂ ਦੇ ਪੱਥਰ ਮਾਰੇ ਗਏ ਅਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਗੰਦੇ ਪਾਣੀਆਂ ਦੀਆਂ ਬੁਛਾੜਾ ਕੀਤੀਆਂ ਗਈਆਂ। ਆਗੂਆਂ ਨੇ ਕਿਹਾ ਕਿ ਕੌਮੀ ਇਨਸਾਫ ਮੋਰਚਾ ਸਰਕਾਰ ਦੇ ਰਵੱਈਆ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ।