ਚੰਡੀਗੜ੍ਹ, 30 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਲ ਅਫ਼ਸਰਾਂ ਅਤੇ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਦੀ ਚੇਤਾਵਨੀ ’ਤੇ ਪ੍ਰਤੀਕਰਮ ਦਿੰਦਿਆਂ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਨੇ ਪਲਟਵਾਰ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਦੀਆਂ ‘ਧਮਕੀਆਂ’ ਤੋਂ ਡਰਨ ਵਾਲੇ ਨਹੀਂ ਹਨ ਅਤੇ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਕਲਮਛੋੜ ਹੜਤਾਲ ਕਰਨਗੇ। ਢੀਂਡਸਾ ਨੇ ਕਿਹਾ ਕਿ ਅੱਜ ਸੀਐਮ ਹਾਊਸ ਵਿਖੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਨਾਲ ਉਨ੍ਹਾਂ ਦੀ ਯੂਨੀਅਨ ਦੀ ਮੀਟਿੰਗ ਹੋਣੀ ਤੈਅ ਸੀ ਪਰ ਰੱਖੜੀ ਕਾਰਨ ਉਨ੍ਹਾਂ ਦੀ ਵੀਰਵਾਰ ਨੂੰ ਮੀਟਿੰਗ ਤੈਅ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਇੱਕ ਪਾਸੇ ਮੁੱਖ ਮੰਤਰੀ ਹਾਊਸ ਨੇ ਉਨ੍ਹਾਂ ਦੀਆਂ ਮੰਗਾਂ ਸੁਣਨ ਲਈ ਬੁਲਾਇਆ ਹੈ ਅਤੇ ਦੂਜੇ ਪਾਸੇ ਮੁੱਖ ਮੰਤਰੀ ਉਨ੍ਹਾਂ ਨੂੰ ਧਮਕੀਆਂ ਦੇ ਰਹੇ ਹਨ। ਆਪਣੇ ਸਾਥੀ 'ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਬਾਰੇ ਢੀਂਡਸਾ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਉਨ੍ਹਾਂ ਦੇ ਸਹਿਯੋਗੀ ਵਿਰੁੱਧ ਐਫਆਈਆਰ ਦਰਜ ਕੀਤੀ ਹੈ ਅਤੇ ਐਫਆਈਆਰ ਵਿੱਚ ਕਿਤੇ ਵੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਜ਼ਿਕਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਐਫਆਈਆਰ ਪੂਰੀ ਤਰ੍ਹਾਂ ਬੇਬੁਨਿਆਦ ਹੈ ਅਤੇ ਉਹ ਇਸਦਾ ਵਿਰੋਧ ਕਰਨਗੇ।