ਚੰਡੀਗੜ੍ਹ, 24 ਸਤੰਬਰ : ਪੰਜਾਬ ਸਰਕਾਰ ਨੇ ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ ਕਰਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਹ ਚੋਣ 05 ਜਨਵਰੀ, 2024 ਨੂੰ ਕਰਵਾਈ ਜਾਵੇਗੀ। ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ ਲਈ 05 ਜਨਵਰੀ, 2024 ਦਾ ਦਿਨ ਨਿਰਧਾਰਿਤ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੀ ਐਨ.ਆਰ.ਆਈ. ਸਭਾ ਸੂਬੇ ਦੇ ਪ੍ਰਵਾਸੀ ਭਾਰਤੀਆਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਇੱਕ ਏਜੰਸੀ ਵਜੋਂ ਕੰਮ ਕਰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਭਾ ਦੇ ਪ੍ਰਧਾਨ ਦਾ ਕਾਰਜਕਾਲ ਮਾਰਚ, 2022 ਨੂੰ ਸਮਾਪਤ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਪ੍ਰਵਾਸੀ ਪੰਜਾਬੀ ਆਮ ਤੌਰ ‘ਤੇ ਦਸੰਬਰ ਮਹੀਨੇ ਭਾਰਤ ਆਉਂਦੇ ਹਨ ਅਤੇ ਉਹ ਮਾਰਚ ਤੱਕ ਇੱਥੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਚੋਣ ਕਰਵਾਊਣ ਦਾ ਇਹ ਬਿਲਕੁੱਲ ਸਹੀ ਸਮਾਂ ਹੈ। ਸ. ਧਾਲੀਵਾਲ ਨੇ ਦੱਸਿਆ ਕਿ ਐਨ.ਆਰ.ਆਈ. ਸਭਾ ਪੰਜਾਬ ਸਰਕਾਰ ਦੀ ਸਰਪ੍ਰਸਤੀ ਹੇਠ ਕੰਮ ਕਰਦੀ ਹੈ ਅਤੇ ਸਭਾ ਦਾ ਮੁੱਖ ਉਦੇਸ਼ ਪੰਜਾਬ ਦੇ ਪ੍ਰਵਾਸੀ ਭਾਰਤੀਆਂ ਦੀ ਭਲਾਈ ਅਤੇ ਹਿੱਤਾਂ ਲਈ ਕੰਮ ਕਰਨਾ ਹੈ। ਉਨ੍ਹਾਂ ਕਿਹਾ ਕਿ ਐਨ.ਆਰ.ਆਈ. ਸਭਾ ਪੰਜਾਬ ਦਾ ਮੁੱਖ ਉਦੇਸ਼ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ, ਉਨ੍ਹਾਂ ਦੇ ਹੱਕਾਂ ਅਤੇ ਜਾਇਦਾਦਾਂ ਦੀ ਰਾਖੀ ਕਰਨਾ ਹੈ। ਵਰਣਨਯੋਗ ਹੈ ਕਿ ਐਨ.ਆਰ.ਆਈ. ਸਭਾ ਪੰਜਾਬ ਇੱਕ ਸੁਸਾਇਟੀ ਹੈ ਜੋ ਪੰਜਾਬ ਸਰਕਾਰ ਦੀ ਪ੍ਰਵਾਨਗੀ ਨਾਲ ਸੁਸਾਇਟੀਜ਼ ਰਜਿਸਟ੍ਰੇਸ਼ਨ ਐਕਟ 1860 ਤਹਿਤ ਰਜਿਸਟਰਡ ਹੈ ਅਤੇ ਮੁੱਖ ਮੰਤਰੀ ਪੰਜਾਬ ਇਸ ਸਭਾ ਦੇ ਚੀਫ਼ ਪੈਟਰਨ ਹਨ। ਉਨ੍ਹਾਂ ਕਿਹਾ ਕਿ ਕਮਿਸ਼ਨਰ ਜਲੰਧਰ ਡਵੀਜ਼ਨ, ਸਭਾ ਦੇ ਚੇਅਰਮੈਨ ਹਨ ਜਦਕਿ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰ ਐਨ.ਆਰ.ਆਈ. ਸਭਾ ਦੀਆਂ ਜ਼ਿਲ੍ਹਾ ਇਕਾਈਆਂ ਦੇ ਚੇਅਰਮੈਨ ਹਨ।