ਚੰਡੀਗੜ੍ਹ : ਚੰਡੀਗੜ੍ਹ 'ਚ ਪੰਜਾਬ ਦੇ ਪੈਰਾ ਖਿਡਾਰੀਆਂ ਨੇ ਜਿਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ 'ਤੇ ਤਗਮੇ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ, ਅੱਜ ਉਨ੍ਹਾਂ ਹੀ ਮੈਡਲਾਂ ਨੂੰ ਸੜਕਾਂ 'ਤੇ ਸੁੱਟ ਕੇ ਰੋਸ ਪ੍ਰਦਰਸ਼ਨ ਕੀਤਾ। ਖਿਡਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਦਮ 'ਤੇ ਦੇਸ਼ ਲਈ ਤਗਮੇ ਜਿੱਤੇ ਪਰ ਸਰਕਾਰ ਨਾ ਤਾਂ ਉਨ੍ਹਾਂ ਨੂੰ ਨੌਕਰੀਆਂ ਦੇ ਰਹੀ ਹੈ ਅਤੇ ਨਾ ਹੀ ਸਹੂਲਤਾਂ ਦੇ ਰਹੀ ਹੈ। ਇਸ ਕਾਰਨ ਉਨ੍ਹਾਂ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਲ ਹੋਇਆ ਪਿਆ। ਖਿਡਾਰੀਆਂ ਨੇ ਮੰਗ ਕੀਤੀ ਨੌਕਰੀਆਂ ਪੈਦਾ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਰਾਜ ਦੇ ਖਿਡਾਰੀਆਂ ਨੂੰ ਨਕਦ ਇਨਾਮ ਤੇ ਪੁਰਸਕਾਰ ਦਿੱਤੇ ਜਾਣੇ ਚਾਹੀਦੇ ਹਨ। ਜੇਕਰ ਸਰਕਾਰ ਇਹ ਸਭ ਨਹੀਂ ਕਰ ਸਕਦੀ ਤਾਂ ਪੰਜਾਬ ਵਿੱਚ ਪੈਰਾਲੰਪਿਕ ਖੇਡਾਂ ਉਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ NSUI ਦੇ ਪੰਜਾਬ ਪ੍ਰਧਾਨ ਈਸ਼ਵਰ ਪ੍ਰੀਤ ਸਿੰਘ ਵੀ ਇਨ੍ਹਾਂ ਖਿਡਾਰੀਆਂ ਦੀ ਹਮਾਇਤ ਲਈ ਪਹੁੰਚ ਗਏ ਹਨ। ਚੰਡੀਗੜ੍ਹ ਪੁਲਿਸ ਨੇ ਇਨ੍ਹਾਂ ਸਾਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਸਭ ਖਿਡਾਰੀ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸਨ। ਉਨ੍ਹਾਂ ਨੂੰ CM ਦੇ ਘਰ ਵੱਲ ਜਾਣ ਤੋਂ ਪਹਿਲਾਂ ਰੋਕ ਲਿਆ ਗਿਆ ਅਤੇ ਪੁਲਿਸ ਨੇ NSUI ਪੰਜਾਬ ਦੇ ਮੁਖੀ ਈਸ਼ਵਰ ਪ੍ਰੀਤ ਸਿੰਘ ਅਤੇ ਉਸਦੇ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਉਨ੍ਹਾਂ ਨੂੰ ਧੱਕੇ ਨਾਲ ਧਰਨੇ ਤੋਂ ਚੁੱਕ ਕੇ ਥਾਣੇ ਲੈ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਪੁੱਜੇ ਖਿਡਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।