ਚੰਡੀਗੜ੍ਹ, 27 ਅਕਤੂਬਰ 2024 : ਅੱਜ ਪੰਜਾਬ ਭਾਜਪਾ ਦੇ ਵਫਦ ਨੇ ਰਾਜਪਾਲ ਪੰਜਾਬ ਨਾਲ ਮੁਲਾਕਾਤ ਕੀਤੀ।ਕੌਮੀ ਕਾਰਜਕਾਰਨੀ ਮੈਂਬਰ ਅਵਿਨਾਸ਼ ਰਾਏ ਖੰਨਾ, ਸਰਦਾਰ ਹਰਜੀਤ ਸਿੰਘ ਗਰੇਵਾਲ, ਸਰਦਾਰ ਰਾਣਾ ਗੁਰਮੀਤ ਸਿੰਘ ਸੋਢੀ, ਅਮਨਜੋਤ ਕੌਰ ਰਾਮੂਵਾਲੀਆ, ਸਾਬਕਾ ਕੌਮੀ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ, ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪ੍ਰਨੀਤ ਕੌਰ, ਵਿਧਾਇਕ ਜੰਗੀ ਲਾਲ ਮਹਾਜਨ, ਸੂਬਾ ਮੀਤ ਪ੍ਰਧਾਨ ਫਤਿਹ ਜੰਗ ਬਾਜਵਾ, ਬਿਕਰਮਜੀਤ ਸਿੰਘ ਚੀਮਾ, ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨੈਣੇਵਾਲ ਅਤੇ ਭਾਜਪਾ ਪੰਜਾਬ ਦੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਸ਼ਾਮਲ ਹਨ। ਵਫ਼ਦ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਮੰਗ ਕੀਤੀ ਕਿ ਤੁਰੰਤ ਦਖਲ ਦੇ ਕੇ ਸਰਕਾਰ ਰਾਹੀਂ ਪੰਜਾਬ ਦੀਆਂ ਮੰਡੀਆਂ ਵਿੱਚੋਂ ਝੋਨੇ ਦੀ ਮੁਕੰਮਲ ਖਰੀਦ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਅਤੇ ਯਕੀਨੀ ਬਣਾਉਣ ਤਾਂ ਕਿ ਕਿਸਾਨ, ਕਮਿਸ਼ਨ ਏਜੰਟ, ਮਜ਼ਦੂਰ, ਟਰਾਂਸਪੋਰਟਰ, ਰਾਈਸ ਸ਼ੈਲਰ ਮਾਲਕ ਆਦਿ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਤਿਅਹਾਰਾਂ ਨੂੰ ਖੁਸ਼ੀਆਂ ਨਾਲ ਮਨਾ ਸਕਣ। ਵਫਦ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੰਡੀਆਂ ਵਿੱਚੋਂ ਖਰੀਦ ਨਾ ਕੀਤੇ ਜਾਣ ਕਾਰਨ ਪੂਰੇ ਸੂਬੇ ਵਿੱਚ ਅਮਨ ਕਾਨੂੰਨ ਦਾ ਗੰਭੀਰ ਸੰਕਟ ਪੈਦਾ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਤੋਂ ਪਹਿਲਾਂ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ 44,000 ਕਰੋੜ ਰੁਪਏ ਭੇਜੇ ਗਏ ਹਨ। 26 ਦਿਨ ਬੀਤ ਜਾਣ ਦੇ ਬਾਵਜੂਦ ਪੰਜਾਬ ਦੀ 'ਆਪ' ਸਰਕਾਰ ਸੂਬੇ ਭਰ ਦੀਆਂ ਮੰਡੀਆਂ 'ਚੋਂ ਜ਼ਿਆਦਾਤਰ ਝੋਨਾ ਚੁੱਕਣ 'ਚ ਨਾਕਾਮ ਰਹੀ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਝੋਨਾ ਖਰੀਦ ਸਮੱਸਿਆਵਾਂ ਨਾਲ ਜੂਝ ਰਹੀਆਂ ਹਨ, ਜਿਸ ਵਿੱਚ ਬਾਰਦਾਨੇ ਅਤੇ ਤਰਪਾਲਾਂ ਦੀ ਘਾਟ, ਕਸਟਮ ਮਿਲਿੰਗ ਨੀਤੀ ਦੇ ਨੋਟੀਫਿਕੇਸ਼ਨ ਵਿੱਚ ਦੇਰੀ, ਐਫਆਰਕੇ ਮਿਲਿੰਗ ਨੀਤੀ ਦਾ ਨੋਟੀਫਿਕੇਸ਼ਨ ਨਾ ਹੋਣਾ, ਮਜ਼ਦੂਰਾਂ ਦੇ ਠੇਕੇ ਜਾਂ ਟਰਾਂਸਪੋਰਟ ਦੇ ਠੇਕੇ ਦੇਣ ਵਿੱਚ ਦੇਰੀ ਆਦਿ ਸ਼ਾਮਲ ਹਨ। ਭਾਜਪਾ ਦੇ ਵਫ਼ਦ ਨੇ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਪੰਜਾਬ ਦੀਆਂ ਮੰਡੀਆਂ 'ਚ ਪੀਣ ਵਾਲੇ ਪਾਣੀ, ਪਖਾਨੇ ਅਤੇ ਜ਼ਰੂਰੀ ਮੈਡੀਕਲ ਸਹੂਲਤਾਂ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣ 'ਚ ਵੀ ਨਾਕਾਮ ਰਹੀ ਹੈ। ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ ਇਹ ਹੈ ਕਿ ਉਹ ਅਜੇ ਤੱਕ ਪੰਜਾਬ ਦੇ 5500 ਰਾਈਸ ਮਿੱਲਰਾਂ ਸਮਝੌਤਾ ਨਹੀਂ ਕਰ ਸਕੀ ਜੋ ਕੀ ਅਗਸਤ ਦੇ ਅੰਤ ਜਾਂ ਸਤੰਬਰ ਦੀ ਸ਼ੁਰੂਆਤ ਤਕ ਕਰਨ ਸੀ। ਪੰਜਾਬ ਸਰਕਾਰ ਦੀ ਨਾਕਾਮੀ ਕਾਰਨ ਝੋਨੇ ਦੀ ਖਰੀਦ ਦਾ ਸੰਕਟ ਹੁਣ ਕਾਨੂੰਨ ਵਿਵਸਥਾ ਦੇ ਗੰਭੀਰ ਮੁੱਦੇ ਵਿੱਚ ਬਦਲ ਗਿਆ ਹੈ। ਪਿਛਲੇ 15 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨ ਹੁਣ ਰਾਸ਼ਟਰੀ ਅਤੇ ਰਾਜ ਮਾਰਗਾਂ ਦੇ ਨਾਲ-ਨਾਲ ਸਥਾਨਕ ਸੜਕਾਂ ਨੂੰ ਵੀ ਜਾਮ ਕਰ ਰਹੇ ਹਨ, ਜਿਸ ਕਾਰਨ ਤਿਉਹਾਰਾਂ ਦੇ ਸੀਜ਼ਨ ਦੌਰਾਨ ਪੰਜਾਬ ਦੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।