ਚੰਡੀਗੜ੍ਹ, 17 ਮਾਰਚ : ਪੰਜਾਬ ਸਰਕਾਰ ਵਿੱਤੀ ਸਾਲ 2023-24 ਦਾ ਬਜਟ ਪੇਸ਼ ਕਰ ਚੁੱਕੀ ਹੈ, ਪਰ ਸੂਬਾ ਸਰਕਾਰ ਵੱਲੋਂ ਪੰਜਾਬੀਆਂ ਨਾਲ ਕੀਤੇ ਕਈ ਵਾਅਦੇ ਬਜਟ ਵਿੱਚ ਸ਼ਾਮਲ ਨਹੀਂ ਕੀਤੇ ਗਏ। ਇਸ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ 22 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕਰੇਗੀ। ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਹੋਰਨਾਂ ਸਮੇਤ ਸਮੂਹ ਮਹਿਲਾ ਵਰਕਰਾਂ ਨੂੰ 22 ਮਾਰਚ ਨੂੰ ਸਵੇਰੇ 10 ਵਜੇ ਚੰਡੀਗੜ੍ਹ ਕਾਂਗਰਸ ਕਮੇਟੀ ਦੇ ਦਫ਼ਤਰ ਪਹੁੰਚਣ ਦੀ ਅਪੀਲ ਕੀਤੀ ਹੈ। ਰਾਜਾ ਵੜਿੰਗ ਦੀ ਅਗਵਾਈ ਹੇਠ ਇਸ ਧਰਨੇ ਵਿੱਚ ਸੂਬੇ ਦੇ ਸਮੂਹ ਕਾਂਗਰਸੀ ਆਗੂ ਸ਼ਮੂਲੀਅਤ ਕਰਨਗੇ। ਰਾਜਾ ਵੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਨੇ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਪੰਜਾਬ ‘ਚ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਅਤੇ ਲੜਕੀ ਨੂੰ 1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ ਪਰ ਇਹ ਵਾਅਦਾ 365 ਦਿਨ ਬੀਤ ਜਾਣ ‘ਤੇ ਵੀ ਪੂਰਾ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਭੈਣਾਂ ਦੇ ਹੱਕ ਦਿਵਾਉਣ ਲਈ ਪੰਜਾਬ ਕਾਂਗਰਸ ਵਿਧਾਨ ਸਭਾ ਦਾ ਘਿਰਾਓ ਕਰੇਗੀ ਅਤੇ ਸਰਕਾਰ ਤੋਂ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਦੀ ਮੰਗ ਕਰੇਗੀ। ਇਸ ਦੇ ਨਾਲ ਹੀ ਰਾਜਾ ਵੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਨੇ 2500 ਰੁਪਏ ਪੈਨਸ਼ਨ ਦਾ ਵਾਅਦਾ ਕੀਤਾ ਸੀ। ਸੂਬਾ ਸਰਕਾਰ ਨੂੰ ਇਸ ਦੀ ਪੂਰਤੀ ਕਰਨੀ ਚਾਹੀਦੀ ਹੈ।