ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ

ਚੰਡੀਗੜ੍ਹ, 24 ਫਰਵਰੀ 2025 : ਪੰਜਾਬ ਵਿਧਾਨ ਸਭਾ ਵਿੱਚ ਅੱਜ ਪਿਛਲੇ ਸਮੇਂ ਦੌਰਾਨ ਅਕਾਲ ਚਲਾਣ ਕਰਨ ਵਾਲੀਆਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਜਿਨ੍ਹਾਂ ਵਿੱਚ ਰਾਜਨੀਤਿਕ ਆਗੂ, ਆਜ਼ਾਦੀ ਘੁਲਾਟੀਏ ਅਤੇ ਨਾਮਵਰ ਆਰਟਿਸਟ ਸ਼ਾਮਲ ਸਨ। 16ਵੀਂ ਵਿਧਾਨ ਸਭਾ ਦੇ 7ਵੇਂ ਸੈਸ਼ਨ ਦੀ ਪਹਿਲੀ ਬੈਠਕ ਮੌਕੇ ਸਦਨ ਨੇ ਵਿਧਾਇਕ ਗੁਰਪ੍ਰੀਤ ਸਿੰਘ ਬੱਸੀ (ਗੋਗੀ), ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ, ਸਾਬਕਾ ਮੰਤਰੀਆਂ ਧਰਮਪਾਲ ਸੱਭਰਵਾਲ ਤੇ ਅਜੈਬ ਮੁਖਮੈਲਪੁਰ, ਸਾਬਕਾ ਰਾਜ ਸਭਾ ਮੈਂਬਰ ਹਰਵਿੰਦਰ ਸਿੰਘ ਹੰਸਪਾਲ ਅਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਜੈਨ, ਸੁਖਵਿੰਦਰ ਸਿੰਘ ਬੁੱਟਰ ਤੇ ਭਾਗ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ। ਸਦਨ ਨੇ ਆਜ਼ਾਦੀ ਘੁਲਾਟੀਆਂ ਕਰਨੈਲ ਸਿੰਘ, ਕਿੱਕਰ ਸਿੰਘ ਤੇ ਕੇਹਰ ਸਿੰਘ ਅਤੇ ਆਰਟਿਸਟ ਜਰਨੈਲ ਸਿੰਘ ਨੂੰ ਵੀ ਸ਼ਰਧਾਂਜਲੀ ਭੇਂਟ ਕੀਤੀ। ਸਦਨ ਵੱਲੋਂ ਰਾਏਕੋਟ ਤੋਂ ਵਿਧਾਇਕ ਹਾਕਮ ਸਿੰਘ ਦੀ ਪਤਨੀ ਜਸਪਾਲ ਕੌਰ ਤੇ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਪਿਤਾ ਲਾਲ ਸਿੰਘ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿਛਲੇ ਸਮੇਂ ਦੌਰਾਨ ਅਕਾਲ ਚਲਾਣਾ ਕਰਨ ਵਾਲੀਆਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਸਭਨਾਂ ਦੇ ਚਲੇ ਜਾਣ ਨਾਲ ਦੇਸ਼, ਕੌਮ ਤੇ ਸਮਾਜ ਨੂੰ ਵੱਡਾ ਘਾਟਾ ਪਿਆ ਹੈ। ਸਦਨ ਵੱਲੋਂ ਵਿੱਛੜੀਆਂ ਸਖਸ਼ੀਅਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਨ ਦਾ ਮਤਾ ਪਾਸ ਕੀਤਾ ਗਿਆ। ਸਮੁੱਚੇ ਸਦਨ ਵੱਲੋਂ ਦੋ ਮਿੰਟ ਦਾ ਮੋਨ ਰੱਖਿਆ ਗਿਆ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਬੇਨਤੀ ਉੱਤੇ ਜਸਟਿਸ ਕੁਲਦੀਪ ਸਿੰਘ ਜੋ ਪਿਛਲੇ ਸਮੇਂ ਵਿੱਚ ਅਕਾਲ ਚਲਾਣਾ ਕਰ ਗਏ ਸਨ, ਦਾ ਨਾਮ ਵੀ ਸ਼ਰਧਾਂਜਲੀ ਭੇਂਟ ਵਾਲੀਆਂ ਸਖਸ਼ੀਅਤਾਂ ਵਿੱਚ ਸ਼ਾਮਲ ਕੀਤਾ ਗਿਆ।

ਸਾਬਕਾ ਪ੍ਰਧਾਨ ਮੰਤਰੀ ਮਰਹੂਮ ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ
ਇਜਲਾਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਪ੍ਰਸਤਾਵ ਨੂੰ ਵਿਧਾਨ ਸਭਾ ਵਿੱਚ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ। ਇਸ 'ਤੇ ਸਪੀਕਰ ਨੇ ਕਿਹਾ ਕਿ ਇਸ ਮੁੱਦੇ ਨੂੰ ਹੋਰ ਉਠਾਉਣ ਲਈ ਸਮਾਂ ਦਿੱਤਾ ਜਾਵੇਗਾ। ਬਾਜਵਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਜਿਹੜੀ ਪਾਰਟੀ ਹਮੇਸ਼ਾ ਤਿੰਨਾਂ ਸੈਸ਼ਨਾਂ 'ਚ ਘੱਟੋ-ਘੱਟ 40 ਮੀਟਿੰਗਾਂ ਹੋਣ ਦੀ ਮੰਗ ਕਰਦੀ ਸੀ, ਪਰ ਬਦਕਿਸਮਤੀ ਨਾਲ ਉਹ ਭੱਜ ਰਹੀ ਹੈ... 75 ਸਾਲਾਂ 'ਚ ਇਹ ਪਹਿਲੀ ਵਾਰ ਹੈ ਕਿ ਸਰਦ ਰੁੱਤ ਸੈਸ਼ਨ ਨਹੀਂ ਬੁਲਾਇਆ ਗਿਆ... ਪੰਜਾਬ 'ਚ ਕੋਈ ਵੀ ਸੁਰੱਖਿਅਤ ਨਹੀਂ ਹੈ।ਸੂਬੇ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਸੂਬਾ ਸਰਕਾਰ ਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ।

ਸੂਬੇ ਦੇ 4238 ਸਕੂਲਾਂ ਵਿੱਚ ਸੋਲਰ ਪਲਾਂਟ ਲਗਾਏ ਗਏ ਹਨ : ਕੈਬਨਿਟ ਮੰਤਰੀ ਅਮਨ ਅਰੋੜਾ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰਸ਼ਨ ਕਾਲ ਦੌਰਾਨ ਦੱਸਿਆ ਕਿ ਸੂਬੇ ਦੇ 4238 ਸਕੂਲਾਂ ਵਿੱਚ ਸੋਲਰ ਪਲਾਂਟ ਲਗਾਏ ਗਏ ਹਨ, 2400 ਹੋਰ ਸਕੂਲਾਂ ਵਿੱਚ ਸੋਲਰ ਪਲਾਂਟ ਲਗਾਏ ਜਾਣਗੇ। ਸਰਕਾਰ ਨੇ 53,700 ਸਰਕਾਰੀ ਇਮਾਰਤਾਂ 'ਤੇ ਛੱਤਾਂ 'ਤੇ ਸੋਲਰ ਪਲਾਂਟ ਲਗਾਉਣ ਲਈ ਕਾਰਜ ਯੋਜਨਾ ਤਿਆਰ ਕੀਤੀ ਹੈ। ਹੁਣ ਤੱਕ ਸਰਕਾਰ ਸਰਕਾਰੀ ਸਕੂਲਾਂ ਵਿੱਚ ਲਗਾਏ ਗਏ ਸੋਲਰ ਪਲਾਂਟਾਂ 'ਤੇ 120 ਕਰੋੜ ਰੁਪਏ ਖਰਚ ਕਰ ਚੁੱਕੀ ਹੈ।

ਚਮਕੌਰ ਸਾਹਿਬ ਤੋਂ ਦਰਬਾਰ ਸਾਹਿਬ ਤੱਕ ਬੱਸ ਸੇਵਾ ਸ਼ੁਰੂ ਕਰ ਦਿੱਤੀ ਜਾਵੇਗੀ : ਭੁੱਲਰ
ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਕਿਹਾ ਕਿ ਜਲਦੀ ਹੀ ਚਮਕੌਰ ਸਾਹਿਬ ਤੋਂ ਦਰਬਾਰ ਸਾਹਿਬ ਤੱਕ ਬੱਸ ਸੇਵਾ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਲਈ ਜਲਦੀ ਹੀ ਪਰਮਿਟ ਜਾਰੀ ਕਰ ਦਿੱਤੇ ਜਾਣਗੇ, ਤਾਂ ਜੋ ਇੱਥੇ ਸਰਕਾਰੀ ਬੱਸ ਸੇਵਾ ਸ਼ੁਰੂ ਹੋ ਸਕੇ। ਫਿਲਹਾਲ ਇੱਥੋਂ ਕੋਈ ਸਰਕਾਰੀ ਜਾਂ ਪ੍ਰਾਈਵੇਟ ਬੱਸ ਸੇਵਾ ਨਹੀਂ ਹੈ। ਵਿਧਾਇਕਾਂ ਵੱਲੋਂ ਵਿਧਾਨ ਸਭਾ ਵਿੱਚ ਇਹ ਮੁੱਦਾ ਉਠਾਇਆ ਗਿਆ ਸੀ ਕਿ ਦੋਵਾਂ ਧਾਰਮਿਕ ਸਥਾਨਾਂ ਵਿਚਕਾਰ ਬੱਸ ਸੇਵਾ ਸ਼ੁਰੂ ਕੀਤੀ ਜਾਵੇ। ਫਿਲਹਾਲ ਇੱਥੇ ਆਉਣ ਵਾਲੇ ਸ਼ਰਧਾਲੂਆਂ ਅਤੇ ਸੈਲਾਨੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪੰਜਾਬ ਸਰਕਾਰ ਪੇਂਡੂ ਲਿੰਕ ਸੜਕਾਂ ਲਈ ਨਾਬਾਰਡ ਤੋਂ 1800 ਕਰੋੜ ਰੁਪਏ ਦਾ ਕਰਜ਼ਾ ਲਵੇਗੀ, ਜਿਸ ਨੂੰ ਮਨਜ਼ੂਰੀ ਮਿਲ ਗਈ ਹੈ। ਇਸ ਰਾਸ਼ੀ ਨਾਲ ਸਾਰੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਕੀਤਾ ਜਾਵੇਗਾ। ਇਸ ਵੇਲੇ ਪੇਂਡੂ ਲਿੰਕ ਸੜਕਾਂ ਦੀ ਹਾਲਤ ਮਾੜੀ ਹੈ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਇਹ ਮੁੱਦਾ ਉਠਾਇਆ ਕਿ ਸ਼ੰਭੂ ਸਰਹੱਦ ਬੰਦ ਹੋਣ ਤੋਂ ਬਾਅਦ ਲੋਕ ਪੇਂਡੂ ਲਿੰਕ ਸੜਕਾਂ ਦੀ ਵਰਤੋਂ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ਦੀ ਹਾਲਤ ਮਾੜੀ ਹੁੰਦੀ ਜਾ ਰਹੀ ਹੈ।