ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ ਨੇ ਅੱਜ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੂਬੇ ਵਿੱਚ 'ਮੇਰਾ ਘਰ ਮੇਰਾ ਨਾਮ' ਸਕੀਮ ਤਹਿਤ ਚੱਲ ਰਹੇ ਕਾਰਜ ਨੂੰ ਜਲਦ ਤੋਂ ਜਲਦ ਮੁਕੰਮਲ ਕੀਤੇ ਜਾਣ ਨੂੰ ਯਕੀਨੀ ਬਣਾਉਣ। ਮੀਟਿੰਗ ਦੌਰਾਨ ਮੁੱਖ ਸਕੱਤਰ ਨੂੰ ਸਕੀਮ ਦੀ ਪ੍ਰਗਤੀ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਨੂੰ ਦੱਸਿਆ ਗਿਆ ਕਿ ਸੂਬੇ ਦੇ 4200 ਤੋਂ ਵੱਧ ਪਿੰਡਾਂ ਵਿੱਚ ਡਰੋਨ ਮੈਪਿੰਗ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਪਿੰਡਾਂ ਵਿੱਚ ਵੀ ਕੰਮ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ। ਮੁੱਖ ਸਕੱਤਰ ਨੇ ਇਸ ਸਕੀਮ ਅਧੀਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਲਾਲ ਲਕੀਰ ਦੀ ਹੱਦਬੰਦੀ ਲਈ ਸਾਰੇ ਜ਼ਿਲ੍ਹਿਆਂ ਵਿੱਚ ਡੀਜੀਪੀਐਸ ਡਿਵਾਈਸ ਦੀ ਵਰਤੋਂ ਕੀਤੀ ਜਾ ਸਕਦੀ ਹੈ ਤਾਂ ਜੋ ਕੰਮ ਵਿੱਚ ਤੇਜ਼ੀ ਲਿਆਂਦੀ ਜਾ ਸਕੇ। ਉਨ੍ਹਾਂ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹਿਆਂ ਨੂੰ ਡੀਜੀਪੀਐਸ ਲਈ ਫੰਡ ਜਾਰੀ ਕੀਤੇ ਜਾਣ । ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਮਿਸ਼ਨ ਮੋਡ 'ਤੇ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਸਰਵੇ ਅਫਸਰਾਂ ਨੂੰ ਮਾਣ ਭੱਤਾ ਦੇਣ ਬਾਰੇ ਗੱਲ ਕਰਦਿਆਂ ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਪੰਜਾਬ ਲੈਂਡ ਰਿਕਾਰਡ ਸੋਸਾਇਟੀ (ਪੀ.ਐਲ.ਆਰ ਐਸ.) ਦੇ ਫੰਡਾਂ ਵਿੱਚੋਂ ਸਰਵੇ ਅਫਸਰਾਂ ਨੂੰ ਪ੍ਰਤੀ ਪਿੰਡ ਦੇ ਹਿਸਾਬ ਨਾਲ ਮਾਣ ਭੱਤਾ ਅਦਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਪੀ.ਐਲ.ਆਰ.ਐਸ. ਨੂੰ ਹਦਾਇਤ ਕੀਤੀ ਕਿ ਉਹ ਸਕੀਮ ਨੂੰ ਲਾਗੂ ਕਰਨ ਦੌਰਾਨ ਤਿਆਰ ਕੀਤੇ ਗਏ ਰਿਕਾਰਡਾਂ ਦੀ ਸਾਫਟ ਕਾਪੀ ਮੈਂਟੇਨ ਕਰਕੇ ਰੱਖਣ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਸਕੀਮ ਦੌਰਾਨ ਤਿਆਰ ਕੀਤੇ ਰਿਕਾਰਡ ਦੀ ਹਾਰਡ ਕਾਪੀ ਸਬੰਧਤ ਪਟਵਾਰੀ ਕੋਲ ਰਹੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਮਾਲ ਕੇ.ਏ.ਪੀ.ਸਿਨਹਾ, ਪ੍ਰਮੁੱਖ ਸਕੱਤਰ ਵਿੱਤ ਏ.ਕੇ.ਸਿਨਹਾ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਸੋਨਾਲੀ ਗਿਰਿ, ਪੇਂਡੂ ਵਿਕਾਸ ਤੇ ਪੰਚਾਇਤਾਂ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਹਾਜ਼ਰ ਸਨ।