ਚੰਡੀਗੜ੍ਹ, 4 ਅਕਤੂਬਰ : ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਦੀ ਜ਼ਮਾਨਤ ਪਟੀਸ਼ਨ ਅਦਾਲਤ ਨੇ ਰੱਦ ਕਰ ਦਿੱਤੀ ਹੈ। ਦੱਸ ਦਈਏ ਕਿ ਬਠਿੰਡਾ ਕੋਰਟ ‘ਚ ਮਨਪ੍ਰੀਤ ਬਾਦਲ ਨੇ ਅਗਾਊਂ ਜ਼ਮਾਨਤ ਦੀ ਪਟੀਸ਼ਨ ਪਈ ਸੀ। ਹੁਣ ਮਨਪ੍ਰੀਤ ਨੂੰ ਭਗੌੜਾ ਐਲਾਨਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਨਪ੍ਰੀਤ ਬਾਦਲ ਦੇ ਵਿਦੇਸ਼ ਭੱਜਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਉਸ ਦੇ ਖਿਲਾਫ ਲੁੱਕਆਊਟ ਸਰਕੂਲਰ (ਐੱਲ.ਓ.ਸੀ.) ਜਾਰੀ ਕੀਤਾ ਗਿਆ ਸੀ ਤਾਂ ਜੋ ਉਹ ਦੇਸ਼ ਛੱਡ ਕੇ ਨਾ ਜਾ ਸਕੇ। ਗ੍ਰਿਫਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਬਠਿੰਡਾ ਵਿਜੀਲੈਂਸ ਦੀ ਟੀਮ ਨੇ ਮਨਪ੍ਰੀਤ ਨੂੰ ਗ੍ਰਿਫਤਾਰ ਕਰਨ ਲਈ ਪੰਜਾਬ, ਹਰਿਆਣਾ, ਹਿਮਾਚਲ, ਉਤਰਾਖੰਡ, ਰਾਜਸਥਾਨ ਅਤੇ ਦਿੱਲੀ ਵਿੱਚ ਛਾਪੇਮਾਰੀ ਕੀਤੀ ਹੈ ਪਰ ਮਨਪ੍ਰੀਤ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ ਹੈ।