ਚੰਡੀਗੜ੍ਹ, 19 ਮਾਰਚ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਭਵਨ ਵਿਖੇ ਇੰਡੀਅਨ ਜਰਨਲਿਸਟ ਯੂਨੀਅਨ ਦਾ ਸੋਵੀਨਾਰ ਰਿਲੀਜ਼ ਕੀਤਾ ਗਿਆ। ਮੀਡੀਆ ਨੂੰ ਦਰਪੇਸ਼ ਚੁਣੌਤੀਆਂ ਬਾਰੇ ਵਿਚਾਰ-ਵਟਾਂਦਰਾ ਕਰਨ ਅਤੇ ਉਨ੍ਹਾਂ ਦੇ ਢੁੱਕਵੇਂ ਹੱਲ ਲੱਭਣ ਦੇ ਉਦੇਸ਼ ਨਾਲ ਚੰਡੀਗੜ੍ਹ ਪੁੱਜੇ 20 ਦੇ ਕਰੀਬ ਰਾਜਾਂ ਦੇ ਪੱਤਰਕਾਰਾਂ ਨਾਲ ਮੀਟਿੰਗ ਦੌਰਾਨ ਕੁਲਤਾਰ ਸਿੰਘ ਸੰਧਵਾਂ ਨੇ ਚੁਣੌਤੀਆਂ ਦਾ ਡਟ ਕੇ ਸਾਹਮਣਾ ਕਰਨ ਵਾਲੇ ਪੱਤਰਕਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੁਸ਼ਹਾਲ ਸਮਾਜ ਦੀ ਉਸਾਰੀ ਵਿੱਚ ਪੱਤਰਕਾਰਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਬੁਲਾਰੇ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਸ੍ਰੀਨਿਵਾਸ ਰੈਡੀ ਦੀ ਅਗਵਾਈ ਹੇਠ ਪੱਤਰਕਾਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਪੱਤਰਕਾਰੀ ਦੇ ਹੱਕਾਂ ਲਈ ਆਵਾਜ਼ ਉਠਾਉਣ ਵਾਲੀਆਂ ਧਿਰਾਂ ਨਾਲ ਹਮੇਸ਼ਾ ਖੜ੍ਹੇ ਰਹਿਣਗੇ। ਇਸ ਦੌਰਾਨ ਵੱਖ-ਵੱਖ ਰਾਜਾਂ ਤੋਂ ਪਹੁੰਚੇ ਪੱਤਰਕਾਰਾਂ ਨੇ ਪੰਜਾਬ ਸਰਕਾਰ ਅਤੇ ਸੂਬੇ ਦੇ ਲੋਕਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ।