ਚੰਡੀਗੜ੍ਹ, 28 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨਜਦੀਕ ਹੀ ਮਿਆਰੀ ਸਿਹਤ ਸਹੁਲਤਾਂ ਉਪਲਬੱਧ ਕਰਵਾਉਣ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਨੂੰ ਪੂਰਾ ਕਰਦਿਆਂ ਅੱਜ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਪ੍ਰਾਹੁਣਚਾਰੀ, ਕਿਰਤ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਹਲਕਾ ਖਰੜ੍ਹ ਦੇ ਪਿੰਡ ਮੁੱਲਾਂਪੁਰ ਗਰੀਬਦਾਸ, ਨਾਡਾ ਅਤੇ ਖਿਜਰਾਬਾਦ ਵਿਖੇ ਆਮ ਆਦਮੀ ਕਲੀਨਕਾਂ ਦਾ ਉਦਘਾਟਨ ਕੀਤਾ ਗਿਆ। ਕੈਬਨਿਟ ਮੰਤਰੀ ਨੇ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਖੋਲੇ ਆਮ ਆਦਮੀ ਕਲੀਨਿਕਾਂ ਦੀ ਲਗਾਤਾਰਤਾ ਵਿੱਚ ਹੋਰ ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਮਾਹਿਰ ਡਾਕਟਰ ਆਪਣੀਆਂ ਸੇਵਾਵਾਂ ਪ੍ਰਦਾਨ ਕਰਣਗੇ। ਉਨਾਂ ਨੇ ਦੱਸਿਆ ਕਿ ਇੰਨਾਂ ਆਮ ਆਦਮੀ ਕਲੀਨਿਕਾਂ ਵਿਚ ਓਪੀਡੀ ਸੇਵਾਵਾਂ, ਟੀਕਾਕਰਨ ਸੇਵਾਵਾਂ, ਜੱਚਾ ਬੱਚਾ ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ, ਮੁਫਤ ਲੈਬ ਟੈਸਟ ਆਦਿ ਦੀ ਸਹੁਲਤ ਉਪਲੱਬਧ ਹੋਵੇਗੀ ਅਤੇ ਇੱਥੋਂ ਦਵਾਈਆਂ ਵੀ ਮੁਫਤ ਦਿੱਤੀਆਂ ਜਾਣਗੀਆਂ। ਉਨਾਂ ਨੇ ਕਿਹਾ ਕਿ ਇਹ ਕਲੀਨਿਕ ਆਮ ਲੋਕਾਂ ਲਈ ਵੱਡੀ ਰਾਹਤ ਸਾਬਤ ਹੋਣਗੇ ਅਤੇ ਹੁਣ ਲੋਕਾਂ ਨੂੰ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਉਨ੍ਹਾਂ ਦੇ ਘਰ ਦੇ ਬਹੁਤ ਨਜ਼ਦੀਕ ਮਿਲਣਗੀਆਂ ਮਿਲਣਗੀਆਂ। ਇਸ ਤੋਂ ਇਲਾਵਾ ਮੰਤਰੀ ਨੇ ਨਵੇਂ ਖੁੱਲੇ ਆਮ ਆਦਮੀ ਕਲੀਨਿਕਾਂ ਦੇ ਵੱਖ ਵੱਖ ਕਮਰਿਆ ਵਿੱਚ ਜਾ ਕੇ ਸਿਹਤ ਸਹੂਲਤਾਂ ਦਾ ਜ਼ਾਇਜਾ ਲਿਆ। ਉਨ੍ਹਾਂ ਇਸ ਮੌਕੇ ਮੌਜੂਦ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਮਿਆਰੀ ਸਿਹਤ ਸੂਹਲਤਾਂ ਦੇਣ ਵਿੱਚ ਕੋਈ ਘਾਟ ਨਾ ਆਉਣ ਦਿੱਤੀ ਜਾਵੇ ਅਤੇ ਸਾਰੀਆਂ ਮੈਡੀਕਲ ਸਹੂਲਤਾਂ ਲੋਕਾਂ ਨੂੰ ਸਮੇਂ ਸਿਰ ਦੇਣਾ ਯਕੀਨੀ ਬਣਾਇਆ ਜਾਵੇ । ਉਨ੍ਹਾਂ ਨੇ ਇਸ ਮੌਕੇ ਮੌਜੂਦ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਨੂੰ ਛੇਤੀ ਹੀ ਹੱਲ ਕਰਨ ਦਾ ਭਰੋਸਾ ਦਿੱਤਾ ।