ਚੰਡੀਗੜ੍ਹ, 22 ਨਵੰਬਰ 2024 : ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਕ ਹੋਰ ਪੱਤਰ ਲਿਖਿਆ ਗਿਆ ਹੈ ਜਾਣਕਾਰੀ ਅਨੁਸਾਰ ਉਨ੍ਹਾਂ ਪੱਤਰ ਲਿਖ ਕੇ ਤਨਖਾਹੀਆ ਕਰਾਰ ਦਿੱਤੇ ਜਾਣ ਦੇ ਮਾਮਲੇ ਵਿਚ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਦੀ ਬੇਨਤੀ ਕੀਤੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 13 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਨ। ਉਨ੍ਹਾਂ ਨੇ ਉਸ ਸਮੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਸੀ ਕਿ ਉਹ ਸਜ਼ਾ ਬਾਰੇ ਜਲਦੀ ਫ਼ੈਸਲਾ ਲੈਣ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਚਿੱਠੀ ਵਿੱਚ ਉਨ੍ਹਾਂ ਲਿਖਿਆ ਹੈ ਕਿ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋਂ ਦਾਸ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਜਿਸ ਦਾ ਮੇਰੇ ਮਨ ‘ਤੇ ਬਹੁਤ ਪ੍ਰਭਾਵ ਪਿਆ। ਦਾਸ ਦੀ ਤਰਫੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਦਾਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿਮਰਤਾ ਅਤੇ ਸਤਿਕਾਰ ਨਾਲ ਹਾਜ਼ਰ ਹੋਣਾ ਚਾਹੁੰਦਾ ਹੈ। ਦਾਸ ਦੀ ਬੇਨਤੀ ਪ੍ਰਵਾਨ ਕੀਤੀ ਜਾਵੇ।