- ਯੂਥ ਅਕਾਲੀ ਦਲ ( ਸੰਯੁਕਤ) ਵੱਲੋਂ ਧਰਨੇ ਤੇ ਬੈਠੀਆਂ ਵਿਦਿਆਰਥੀ ਜਥੇਬੰਦੀਆਂ ਦੀ ਹਮਾਇਤ ਦਾ ਐਲਾਨ
ਚੰਡੀਗੜ੍ਹ, 15 ਸਤੰਬਰ : ਯੂਥ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਦਵਿੰਦਰ ਸਿੰਘ ਸੋਢੀ ਨੇ ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥਣ ਦੀ ਹੋਈ ਮੌਤ ਦੇ ਮਾਮਲੇ ਵਿਚ ਯੂਨੀਵਰਸਿਟੀ ਦੇ ਪ੍ਰੋਫੈਸਰ `ਤੇ ਲੱਗ ਰਹੇ ਦੋਸ਼ਾਂ ਦੇ ਮਾਮਲੇ ਵਿਚ ਯੂਨੀਵਰਸਿਟੀ ਪ੍ਰਸ਼ਾਸਨ ਤੇ ਪੁਲਿਸ ਵਲੋਂ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਸੋਢੀ ਨੇ ਕਿਹਾ ਕਿ ਯੂਥ ਅਕਾਲੀ ਦਲ (ਸੰਯੁਕਤ) ਧਰਨੇ `ਤੇ ਬੈਠੇ ਵਿਦਿਆਰਥੀਆਂ ਦੇ ਨਾਲ ਹੈ ਅਤੇ ਜਿਥੇ ਵੀ ਉਨ੍ਹਾਂ ਨੂੰ ਕੋਈ ਜਰੂਰਤ ਹੋਵੇਗੀ ਉਹ ਵਿਦਿਆਰਥੀ ਜਥੇਬੰਦੀਆਂ ਦਾ ਖੁੱਲ੍ਹਕੇ ਸਾਥ ਦੇਣਗੇ। ਮ੍ਰਿਤਕ ਵਿਦਿਆਰਥਣ ਦੇ ਪਰਿਵਾਰ ਵਾਲਿਆਂ ਨੂੰ ਨਿਆਂ ਦਿਵਾਉਣ ਲਈ ਧਰਨੇ `ਤੇ ਬੈਠੀਆਂ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਦੀ ਹਮਾਇਤ ਕਰਦਿਆਂ ਦਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਇਸ ਮਾਮਲੇ ਵਿਚ ਉੱਚ ਪੱਧਰੀ ਜਾਂਚ ਹੋਣੀ ਬੇਹੱਦ ਲਾਜ਼ਮੀ ਹੈ ਤੇ ਜੇਕਰ ਪ੍ਰੋਫੈਸਰ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਸੋਢੀ ਨੇ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਪ੍ਰੋਫੈਸਰ `ਤੇ ਮ੍ਰਿਤਕਾ ਨੂੰ ਤੰਗ ਤੇ ਪ੍ਰੇਸ਼ਾਨ ਕਰਨ ਦੇ ਗੰਭੀਰ ਦੋਸ਼ ਲਗਾਏ ਜਾ ਰਹੇ ਹਨ। ਉਨ੍ਹਾ ਕਿਹਾ ਕਿ ਵਿਦਿਆਰਥਣ ਜਸ਼ਨਪ੍ਰੀਤ ਕੌਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪੰਜ ਸਾਲਾ ਏਕਗ੍ਰਿਤ ਕੋਰਸ ਵਿਚ ਪੜ੍ਹਾਈ ਕਰ ਰਹੀ ਸੀ। ਪਿਛਲੇ ਕੁੱਝ ਸਮੇਂ ਤੋਂ ਇਹ ਵਿਦਿਆਰਥਣ ਬਿਮਾਰ ਚੱਲ ਰਹੀ ਸੀ। ਜਿਸ ਦੇ ਚੱਲਦਿਆਂ ਉਸ ਨੇ ਆਪਣੇ ਪ੍ਰੋਫੈਸਰ ਤੋਂ ਇਲਾਜ਼ ਸਬੰਧੀ ਇਕ ਹਫ਼ਤੇ ਦੀ ਛੁੱਟੀ ਦੀ ਮੰਗ ਕੀਤੀ, ਜੋ ਕਿ ਉਸ ਨੂੰ ਨਹੀ ਦਿੱਤੀ ਗਈ। ਜਿਸ ਦੇ ਚੱਲਦਿਆਂ ਜਸ਼ਨਪ੍ਰੀਤ ਕੌਰ ਦੀ ਬਿਮਾਰੀ ਕਾਰਨ ਮੌਤ ਹੋ ਗਈ। ਸੋਢੀ ਨੇ ਅੱਗੇ ਕਿਹਾ ਕਿ ਵਿਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਦੀ ਸਮੱਸਿਆਵਾਂ ਪ੍ਰਤੀ ਗੰਭੀਰ ਹੋਣਾ ਚਾਹੀਦਾ ਹੈ ਅਤੇ ਅਜਿਹਾ ਸਿਸਟਮ ਬਣਾਉਣ ਚਾਹੀਦਾ ਹੈ ਕਿ ਜਿਸ ਨਾਲ ਵਿਦਿਆਰਥੀ ਬਿਨਾਂ ਕਿਸੇ ਭੈਅ ਤੋਂ ਆਪਣੀ ਸਮੱਸਿਆ ਤੇ ਸ਼ਿਕਾਇਤ ਪ੍ਰਬੰਧਕਾਂ ਤੱਕ ਪਹੁੰਚਾ ਸਕਣ।