- ਸੁਖਬੀਰ ਬਾਦਲ ਵੱਲੋਂ ਮੁੱਖ ਮੰਤਰੀ ਮਾਨ ਬਾਰੇ ਕੀਤੀ ਭੱਦੀ ਟਿੱਪਣੀ ਦੀ ਆਪ ਨੇ ਕੀਤੀ ਨਿਖੇਧੀ
ਚੰਡੀਗੜ੍ਹ, 15 ਜੂਨ : ਆਮ ਆਦਮੀ ਪਾਰਟੀ ਨੇ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਕੀਤੀ ਭੱਦੀ ਟਿੱਪਣੀ ਦੀ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਨੇ ਉਨ੍ਹਾਂ ਦੇ ਬਿਆਨ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਇਹ ਗੱਲਾਂ ਉਨ੍ਹਾਂ ਦੇ ਗੁੱਸੇ ਦਾ ਸਬੂਤ ਹਨ। 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਵੀਰਵਾਰ ਨੂੰ ਇਕ ਵੀਡੀਓ ਜਾਰੀ ਕਰਕੇ ਸੁਖਬੀਰ ਬਾਦਲ 'ਤੇ ਪਲਟਵਾਰ ਕਰਦਿਆਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਸੱਤਾ 'ਚ ਰਹਿੰਦਿਆਂ ਜਨਤਾ ਦੇ ਟੈਕਸਾਂ ਦੇ ਪੈਸੇ ਨਾਲ ਅਰਬਾਂ-ਖਰਬਾਂ ਦੀ ਜਾਇਦਾਦ ਬਣਾਈ ਹੈ। ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਇਮਾਨਦਾਰ ਸਿਆਸਤ ਕਾਰਨ ਇਨ੍ਹਾਂ ਲੋਕਾਂ ਦੀ ਸੱਤਾ ਦੀ ਦੁਕਾਨ ਬੰਦ ਹੋ ਗਈ ਹੈ। ਇਸੇ ਲਈ ਇਹ ਲੋਕ ਘਬਰਾਹਟ ਵਿਚ ਅਜਿਹੀਆਂ ਬਿਨ੍ਹਾਂ ਸਿਰ-ਪੈਰ ਦੀਆਂ ਗੱਲਾਂ ਕਰ ਰਹੇ ਹਨ। ਕੰਗ ਨੇ ਆਪਣੀ ਵੀਡੀਓ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ 'ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੁਝ ਦਿਨ ਪਹਿਲਾਂ ਪ੍ਰਤਾਪ ਬਾਜਵਾ ਨੇ ਦਲਿਤ ਭਾਈਚਾਰੇ ਨਾਲ ਸਬੰਧਤ ਆਮ ਆਦਮੀ ਪਾਰਟੀ ਦੇ ਵਿਧਾਇਕ ਦਾ ਵੀ ਮੋਬਾਈਲ ਚਾਰਜਰ ਕਹਿ ਕੇ ਮਜ਼ਾਕ ਉਡਾਇਆ ਸੀ ਅਤੇ ਹੁਣ ਗੁਰਦੁਆਰਾ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਤਿੰਨ ਕਰੋੜ ਲੋਕਾਂ ਵੱਲੋਂ ਚੁਣੇ ਗਏ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਸੁਖਬੀਰ ਬਾਦਲ ਨੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ। ਇਹ ਬਹੁਤ ਹੀ ਨਿੰਦਣਯੋਗ ਹੈ।