78ਵਾਂ ਆਜ਼ਾਦੀ ਦਿਹਾੜਾ: ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਅਦਾ ਕਰਨਗੇ  ਝੰਡਾ ਲਹਿਰਾਉਣ ਦੀ ਰਸਮ

  • ਸਹਾਇਕ ਕਮਿਸ਼ਨਰ ਵੱਲੋਂ ਜ਼ਿਲਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ
  • 13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ

ਕਪੂਰਥਲਾ , 9 ਅਗਸਤ 2024 : 15 ਅਗਸਤ ਨੂੰ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਮਨਾਏ ਜਾ ਰਹੇ 78ਵੇਂ ਆਜ਼ਾਦੀ ਦਿਹਾੜੇ ਸਬੰਧੀ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਹਾਇਕ ਕਮਿਸ਼ਨਰ ਕਿਰਨ ਸ਼ਰਮਾ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੀ-ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਸਮਾਗਮ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਜ਼ਿਲ੍ਹਾ ਪੱਧਰੀ ਸਵਤੰਤਰਤਾ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਗਮ ਦੀਆਂ ਤਿਆਰੀਆਂ ਦੀ ਸਮੀਖਿਆ ਮੀਟਿੰਗ ਕਰਦੇ ਸਹਾਇਕ ਕਮਿਸ਼ਨਰ ਕਿਰਨ ਸ਼ਰਮਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਦੇ ਸਮਾਗਮ ਨੂੰ ਮੁੱਖ ਰੱਖਦਿਆਂ ਸੁਰੱਖਿਆ, ਟਰੈਫਿਕ ਵਿਵਸਥਾ, ਸੜਕਾਂ ਤੇ ਚੌਕਾਂ ਦੀ ਸੁਚੱਜੀ ਸਾਫ਼-ਸਫ਼ਾਈ ਅਤੇ ਸੁੰਦਰੀਕਰਨ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।  ਉਨ੍ਹਾਂ ਨੇ  ਆਜ਼ਾਦੀ ਦਿਹਾੜੇ ਦੇ ਸਮਾਗਮ ਨੂੰ ਪੂਰੀ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਦੀ ਤਾਕੀਦ ਕਰਦਿਆਂ ਕਿਹਾ ਕਿ ਸਟੇਡੀਅਮ ਵਿਖੇ ਲੋਕਾਂ ਦੀ ਆਮਦ ਦੇ ਮੱਦੇਨਜ਼ਰ ਤਿਆਰੀਆਂ ਅਤੇ ਪ੍ਰਬੰਧਾਂ ਨੂੰ ਸਮੇਂ ਸਿਰ ਅਮਲੀ ਰੂਪ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਵਤੰਤਰਤਾ ਦਿਵਸ ਨੂੰ ਲੈ ਕੇ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਹੋਵੇਗੀ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਅਧਾਰਤ ਪੇਸ਼ਕਾਰੀਆਂ ਵੀ ਦਿੱਤੀਆਂ ਜਾਣਗੀਆਂ । ਨਗਰ ਨਿਗਮ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਟੇਡੀਅਮ ਦੇ ਅੰਦਰੂਨੀ ਅਤੇ ਬਾਹਰੀ ਹਿੱਸਿਆਂ ਦੀ ਮੁਕੰਮਲ ਸਫਾਈ ਅਤੇ ਸਜਾਵਟ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਆਪੋ-ਆਪਣੇ ਵਿਭਾਗ ਨਾਲ ਸੰਬੰਧਤ ਜ਼ਿਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨੇਪਰੇ ਚਾੜਿਆ ਜਾਵੇ।