ਸਮੂਹ ਪ੍ਰਿੰਟਿੰਗ ਪ੍ਰੈੱਸ ਮਾਲਕ ਚੋਣ ਸਮੱਗਰੀ ਦੀ ਛਪਾਈ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਬਣਾਉਣ ਯਕੀਨੀ : ਜ਼ਿਲ੍ਹਾ ਚੋਣ ਅਫ਼ਸਰ

  • ਉਲੰਘਣਾ ਕਰਨ ਵਾਲਿਆਂ ਨੂੰ ਹੋ ਸਕਦੀ ਹੈ 6 ਮਹੀਨੇ ਦੀ ਕੈਦ ਤੇ ਜ਼ੁਰਮਾਨਾ

ਹੁਸ਼ਿਆਰਪੁਰ, 18 ਮਾਰਚ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਅਤੇ ਉਨ੍ਹਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਦੌਰਾਨ ਹਦਾਇਤ ਕੀਤੀ ਕਿ ਆਦਰਸ਼ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਚਾਰ ਸਮੱਗਰੀ ਪੈਂਫਲਟ ਜਾਂ ਇਸ਼ਤਿਹਾਰ ਪ੍ਰਕਾਸ਼ਿਤ ਕਰਦੇ ਸਮੇਂ ਉਸ ’ਤੇ ਪਿ੍ਰੰਟਰ ਅਤੇ ਪ੍ਰਕਾਸ਼ਕ ਦਾ ਪੂਰਾ ਪਤਾ ਪ੍ਰਕਾਸ਼ਿਤ ਕਰਨਾ ਜ਼ਰੂਰੀ ਬਣਾਇਆ ਜਾਵੇ। ਉਨ੍ਹਾਂ ਹਦਾਇਤ ਕਰਦੇ ਹੋਏ ਕਿਹਾ ਕਿ ਕੋਈ ਵੀ ਪ੍ਰਚਾਰ ਸਮੱਗਰੀ ਛਾਪਣ ਤੋਂ ਪਹਿਲਾਂ ਇਹ ਘੋਸ਼ਣਾ ਪੱਤਰ ਲਿਆ ਜਾਵੇ ਕਿ ਇਹ ਚੋਣ ਸਮੱਗਰੀ ਕਿਸੇ ਵਲੋ ਕਿੰਨੀ ਗਿਣਤੀ ਵਿਚ ਛਪਵਾਈ ਜਾ ਰਹੀ ਹੈ ਅਤੇ ਪ੍ਰਕਾਸ਼ਿਤ ਕੀਤੀ ਗਈ ਪ੍ਰਚਾਰ ਸਮੱਗਰੀ ਦੀ ਖਰਚੇ ਸਮੇਤ ਸੂਚਨਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੂੰ ਦੇਣਾ ਯਕੀਨੀ ਬਣਾਇਆ ਜਾਵੇ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜੋ ਵੀ ਪ੍ਰਿੰਟਿੰਗ ਪ੍ਰੈੱਸ ਪ੍ਰਚਾਰ ਸਮੱਗਰੀ ਨੂੰ ਛਾਪੇਗਾ, ਉਸ ਵੱਲੋਂ ਬੈਨਰ, ਫਲੈਕਸ, ਪੋਸਟਰ, ਪੈਂਫਲਿਟ ਆਦਿ ’ਤੇ ਆਪਣੀ ਪ੍ਰੈੱਸ ਦਾ ਨਾਮ ਅਤੇ ਰਜਿਸਟਰੇਸ਼ਨ ਨੰਬਰ ਪ੍ਰਕਾਸ਼ਿਤ ਕਰਨਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪ੍ਰਿੰਟਿੰਗ ਪ੍ਰੈੱਸ ਵਲੋਂ ਜਾਤੀ, ਧਰਮ ਆਦਿ ਦੇ ਵਿਰੁੱਧ ਕੋਈ ਵੀ ਇਤਰਾਜ਼ਯੋਗ ਸਮੱਗਰੀ ਨਾ ਪ੍ਰਕਾਸ਼ਿਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਿੰਟ ਕਰਨ ਤੋਂ ਪਹਿਲਾਂ ਪ੍ਰਿੰਟ ਕਰਵਾਉਣ ਵਾਲੇ ਪ੍ਰਕਾਸ਼ਕ ਤੋਂ ਅਪੈਂਡਿਕਸ-ਏ ਵਿਚ ਡੈਕਲਾਰੇਸ਼ਨ ਲਿਆ ਜਾਵੇ, ਜੋ ਕਿ ਪ੍ਰਕਾਸ਼ਕ ਨੂੰ ਚੰਗੀ ਤਰ੍ਹਾਂ ਜਾਣਦਾ ਹੋਵੇ ਅਤੇ ਦੋ ਵਿਅਕਤੀਆਂ ਵਲੋਂ ਪ੍ਰਮਾਣਿਤ ਹੋਵੇ। ਇਸ ਡੈਕਲਾਰੇਸ਼ਨ ਦੀਆਂ 2 ਕਾਪੀਆਂ ਲਈਆਂ ਜਾਣ। ਉਨ੍ਹਾਂ ਕਿਹਾ ਕਿ ਪ੍ਰਿੰਟਰ ਵਲੋਂ ਆਪਣੇ ਹਸਤਾਖ਼ਰ ਕਰਕੇ ਇਹ ਡੈਕਲਾਰੇਸ਼ਨ ਅਤੇ ਪ੍ਰਿੰਟਿੰਗ ’ਤੇ ਹੋਏ ਖਰਚੇ ਸਬੰਧੀ ਵਿਵਰਣ, ਜੋ ਅਪੈਡਿੰਕਸ-ਬੀ ਵਿਚ ਹੋਣਾ ਚਾਹੀਦਾ ਹੈ, ਸਮੇਤ ਪਿ੍ਰੰਟ ਕੀਤੇ ਗਏ ਮੈਟੀਰੀਅਲ ਦੀਆਂ ਕਾਪੀਆਂ ਚੋਣ ਖ਼ਰਚਾ ਨਿਗਰਾਨ ਟੀਮ ਨੂੰ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਇਹ ਮੁਕੰਮਲ ਸੂਚਨਾ ਪ੍ਰਿੰਟਿੰਗ ਦੇ ਤਿੰਨ ਦਿਨ ਦੇ ਅੰਦਰ ਆਉਣੀ ਜ਼ਰੂਰੀ ਹੈ। ਕੋਮਲ ਮਿੱਤਲ ਨੇ ਪ੍ਰੈੱਸ ਮਾਲਕਾਂ ਨੂੰ ਕਿਹਾ ਕਿ ਜਿਹੜੀਆਂ ਪ੍ਰਿੰਟਿੰਗ ਪ੍ਰੈੱਸ ਦੇ ਮਾਲਕਾਂ ਵਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਜਾਵੇਗੀ, ਉਨ੍ਹਾਂ ਨੂੰ ਲੋਕ ਪ੍ਰਤੀਨਿਧੀ ਐਕਟ, 1951 ਦੀ ਧਾਰਾ ਸੈਕਸ਼ਨ 127 (ਏ) ਤਹਿਤ 6 ਮਹੀਨੇ ਦੀ ਕੈਦ ਅਤੇ 200 ਰੁਪਏ ਜ਼ੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ। ਇਸ ਵਿਚ ਸਬੰਧਤ ਪ੍ਰਿੰਟਰ ਦਾ ਲਾਇਸੰਸ ਵੀ ਰੱਦ ਕੀਤਾ ਜਾ ਸਕਦਾ ਹੈ। ਉਨ੍ਹਾਂ ਸਮੂਹ ਪ੍ਰਿੰਟਿੰਗ ਪ੍ਰੈਸ ਦੇ ਮਾਲਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੌਰਾਨ ਇਨ੍ਹਾਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਚੋਣ ਤਹਿਸੀਲਦਾਰ ਸਰਬਜੀਤ ਸਿੰਘ, ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ, ਚੋਣ ਕਾਨੂੰਗੋ ਦੀਪਕ ਕੁਮਾਰ, ਲਖਬੀਰ ਸਿੰਘ ਵੀ ਮੌਜੂਦ ਸਨ।